ਕਿਹਾ : ਸਰਕਾਰ ਨੇ ਮੈਨੂੰ ਝੂਠੇ ਕੇਸ ‘ਚ ਫਸਾਉਣ ਦੀ ਸਾਜ਼ਿਸ਼ ਘੜੀ
ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਨਿਆਂਪਾਲਿਕਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਕਾਂਗਰਸ ਦੀ ਸਾਜਿਸ਼ ਦਾ ਪਰਦਾਫਾਸ਼ ਹੋ ਗਿਆ ਹੈ। ਪੇਸ਼ਗੀ ਜ਼ਮਾਨਤ ਮਿਲਣ ਤੋਂ ਬਾਅਦ ਚੰਡੀਗੜ੍ਹ ‘ਚ ਮੀਡੀਆ ਨਾਲ ਰੁਬਰੂ ਹੋਏ ਮਜੀਠੀਆ ਨੇ ਕਿਹਾ ਕਿ ਭਾਵੇਂ ਕਾਂਗਰਸ ਸਰਕਾਰ ਨੇ ਉਸ ਨੂੰ ਝੂਠੇ ਕੇਸ ਵਿਚ ਫਸਾਉਣ ਵਾਸਤੇ ਸਾਜ਼ਿਸ਼ਾਂ ਰਚੀਆਂ, ਧਮਕੀਆਂ ਦਿੱਤੀਆਂ ਤੇ ਲਾਲਚ ਵੀ ਦਿੱਤੇ ਪਰ ਸਚਾਈ ਦੀ ਜਿੱਤ ਹੋਈ ਹੈ। ਉਨ੍ਹਾਂ ਅਜਿਹੇ ਪੁਲਿਸ ਅਧਿਕਾਰੀਆਂ ਦਾ ਧੰਨਵਾਦ ਕੀਤਾ ਜਿਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਗੈਰਕਾਨੂੰਨੀ ਮੰਗਾਂ ਮੰਨਣ ਤੋਂ ਇਨਕਾਰ ਕੀਤਾ ਤੇ ਸਰਕਾਰ ਦੇ ਗੈਰਕਾਨੂੰਨੀ ਹੁਕਮ ਮੰਨਣ ਦੀ ਥਾਂ ਆਪਣੇ ਅਹੁਦੇ ਛੱਡ ਦੇਣ ਨੂੰ ਤਰਜੀਹ ਦਿੱਤੀ। ਉਨ੍ਹਾਂ ਕਾਂਗਰਸ ਸਰਕਾਰ ਦੇ ਸੀਨੀਅਰ ਮੰਤਰੀਆਂ ਅਤੇ ਭਾਜਪਾ, ‘ਆਪ’ ਦੇ ਸੀਨੀਅਰ ਆਗੂਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੰਨਿਆ ਕਿ ਸਰਕਾਰ ਨੇ ਝੂਠਾ ਮਾਮਲਾ ਦਰਜ ਕੀਤਾ ਹੈ। ਮਜੀਠੀਆ ਨੇ ਕਿਹਾ ਕਿ ਪੰਜਾਬੀਆਂ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਕਾਂਗਰਸ ਸਰਕਾਰ ਦੀ ਬਦਲਾਖੋਰੀ ਕਾਰਨ ਬਹੁਤ ਸੰਤਾਪ ਹੰਢਾਇਆ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਇਤਿਹਾਸ ‘ਚ ਕਦੇ ਵੀ ਇੰਨੇ ਥੋੜ੍ਹੇ ਸਮੇਂ ‘ਚ ਤਿੰਨ ਡੀਜੀਪੀ ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀਓਆਈ) ਦੇ ਚਾਰ ਡਾਇਰੈਕਟਰ ਬਦਲੇ ਨਹੀਂ ਗਏ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਝੂਠੇ ਕੇਸ ਵਿਚ ਫਸਾਉਣ ਵਾਸਤੇ ਰੋਜ਼ਾਨਾ ਮੀਟਿੰਗਾਂ ਕੀਤੀਆਂ। ਉਨ੍ਹਾਂ ਕਿਹਾ ਕਿ ਸਰਕਾਰ ਤਾਂ ਖਿੱਤੇ ‘ਚ ਨਸ਼ੇ ਦੇ ਮਾਮਲੇ ‘ਤੇ ਪੀਆਈਐੱਲ (ਜਨਤਕ ਹਿੱਤ ਪਟੀਸ਼ਨ) ਦੀ ਸੁਣਵਾਈ ਤੋਂ ਵੀ ਭੱਜ ਗਏ ਤੇ ਉਸ ਖਿਲਾਫ ਝੂਠਾ ਕੇਸ ਡੀਜੀਪੀ ਸਿਧਾਰਥ ਚਟੋਪਾਧਿਆਏ ਦੇ ਹੁਕਮਾਂ ‘ਤੇ ਦਰਜ ਕਰ ਦਿੱਤਾ।