ਮਜੀਠੀਆ ਦੇ ਬਾਹਰ ਜਾਣ ‘ਤੇ ਪਾਬੰਦੀ ਅਤੇ ਮੋਬਾਇਲ ਫੋਨ ਵੀ ਰੱਖਣਾ ਪਵੇਗਾ ਔਨ
ਮੁਹਾਲੀ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਉਨ੍ਹਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ। ਵਿਧਾਨ ਸਭਾ ਚੋਣਾਂ ਦੇ ਐਨ ਮੌਕੇ ਹਾਈਕੋਰਟ ਦੇ ਇਸ ਫੈਸਲੇ ਨਾਲ ਜਿੱਥੇ ਅਕਾਲੀ ਦਲ ਨੂੰ ਵੱਡੀ ਰਾਹਤ ਮਿਲੀ ਹੈ, ਉੱਥੇ ਹੁਕਮਰਾਨ ਕਾਂਗਰਸ ਪਾਰਟੀ ਨੂੰ ਜ਼ਬਰਦਸਤ ਝਟਕਾ ਲੱਗਿਆ ਹੈ। ਬਚਾਅ ਪੱਖ ਵੱਲੋਂ ਸੀਨੀਅਰ ਵਕੀਲ ਮੁਕੁਲ ਰੋਹਤਗੀ, ਰਾਜਿੰਦਰ ਸਿੰਘ ਚੀਮਾ, ਦਮਨਬੀਰ ਸਿੰਘ ਸੋਬਤੀ ਅਤੇ ਅਰਸ਼ਦੀਪ ਸਿੰਘ ਚੀਮਾ ਪੇਸ਼ ਹੋਏ। ਨਸ਼ਾ ਤਸਕਰੀ ਮਾਮਲੇ ਵਿੱਚ ਅਪਰਾਧਿਕ ਪਰਚਾ ਦਰਜ ਹੋਣ ਤੋਂ ਬਾਅਦ ਮਜੀਠੀਆ ਰੂਪੋਸ਼ ਹੋ ਗਿਆ ਸੀ। ਪੰਜਾਬ ਸਰਕਾਰ ਅਤੇ ਪੁਲਿਸ ਨੇ ਅਕਾਲੀ ਆਗੂ ਖ਼ਿਲਾਫ਼ ਲੁੱਕ-ਆਊਟ ਨੋਟਿਸ ਵੀ ਜਾਰੀ ਕੀਤਾ ਸੀ। ਆਪਣੀ ਗ੍ਰਿਫ਼ਤਾਰੀ ਤੋਂ ਬਚਣ ਲਈ ਮਜੀਠੀਆ ਨੇ ਪਹਿਲਾਂ ਮੁਹਾਲੀ ਅਦਾਲਤ ਵਿੱਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ ਜੋ ਖਾਰਜ ਹੋ ਗਈ ਸੀ। ਇਸ ਮਗਰੋਂ ਮਜੀਠੀਆ ਨੇ ਵਕੀਲ ਦਮਨਬੀਰ ਸਿੰਘ ਸੋਬਤੀ ਰਾਹੀਂ ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੇ ਫੈਸਲੇ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੱਤੀ ਸੀ। ਹਾਈਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ 18 ਜਨਵਰੀ ਤੱਕ ਜਵਾਬ ਦੇਣ ਲਈ ਕਿਹਾ ਗਿਆ ਸੀ। ਪੰਜਾਬ ਹਰਿਆਣਾ ਹਾਈਕੋਰਟ ਨੇ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ ਦੇ ਨਾਲ ਹੀ ਛੇ ਸ਼ਰਤਾਂ ਵੀ ਲਗਾਈਆਂ ਹਨ।
ਅਕਾਲੀ ਦਲ ਵੱਲੋਂ ਹਾਈਕੋਰਟ ਦੇ ਫੈਸਲੇ ਦਾ ਸਵਾਗਤ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਿਕਰਮ ਸਿੰਘ ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਹਾਈਕੋਰਟ ਵੱਲੋਂ ਰੋਕ ਲਾਉਣ ਦੇ ਫੈਸਲੇ ਦਾ ਸਵਾਗਤ ਕੀਤਾ ਤੇ ਕਿਹਾ ਕਿ ਪਾਰਟੀ ਵੱਲੋਂ ਨਿਆਂਪਾਲਿਕਾ ਦੀ ਨਿਰਪੱਖਤਾ ਵਿਚ ਪ੍ਰਗਟਾਇਆ ਵਿਸ਼ਵਾਸ ਸੱਚਾ ਸਾਬਤ ਹੋਇਆ ਹੈ। ਪਾਰਟੀ ਪ੍ਰਧਾਨ ਨੇ ਕਿਹਾ ਕਿ ਜਦੋਂ ਵੀ ਕਾਨੂੰਨ ਦੀ ਸਿਆਸੀ ਮੰਤਵਾਂ ਵਾਸਤੇ ਦੁਰਵਰਤੋਂ ਹੁੰਦੀ ਹੈ ਤਾਂ ਇਹ ਨਿਆਂਪਾਲਿਕਾ ਹੈ ਜੋ ਦਖਲ ਦੇ ਕੇ ਵਿਅਕਤੀ ਦਾ ਮਾਣ-ਸਤਿਕਾਰ ਬਹਾਲ ਰੱਖਦੀ ਹੈ। ਉਨ੍ਹਾਂ ਕਿਹਾ ਕਿ ਹੁਣ ਵੀ ਇਹੋ ਕੁਝ ਹੋਇਆ ਹੈ। ਬਾਦਲ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਇਹ ਕਹਿੰਦਾ ਰਿਹਾ ਹੈ ਕਿ ਕਾਂਗਰਸ ਸਰਕਾਰ ਅਕਾਲੀ ਲੀਡਰਸ਼ਿਪ ਦੇ ਖਿਲਾਫ ਨਿੱਜੀ ਤੇ ਸਿਆਸੀ ਬਦਲਾਖੋਰੀ ਨਾਲ ਕੰਮ ਕਰ ਰਹੀ ਹੈ ਤੇ ਇਹ ਹਾਲ ਹੀ ਵਿਚ ਵਾਪਰੇ ਘਟਨਾਕ੍ਰਮ ਤੋਂ ਸਾਬਤ ਵੀ ਹੋ ਗਿਆ ਹੈ।
ਬਾਦਲਾਂ ਤੇ ਚੰਨੀ ਦੀ ਮਿਲੀਭੁਗਤ ਨਾਲ ਮਜੀਠੀਆ ਨੂੰ ਮਿਲੀ ਜ਼ਮਾਨਤ : ਭਗਵੰਤ ਮਾਨ
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮਿਲੀ ਜ਼ਮਾਨਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਬਾਦਲਾਂ ਦੀ ਮਿਲੀਭੁਗਤ ਦਾ ਨਤੀਜਾ ਹੈ। ਪਾਰਟੀ ਪਹਿਲੇ ਦਿਨ ਤੋਂ ਹੀ ਕਾਂਗਰਸ ਸਰਕਾਰ ‘ਤੇ ਮਜੀਠੀਆ ਨੂੰ ਬਚਾਉਣ ਦੇ ਆਰੋਪ ਲਾਉਂਦੀ ਆ ਰਹੀ ਹੈ। ਮਾਨ ਨੇ ਕਿਹਾ ਕਿ ਹਾਈਕੋਰਟ ਦੇ ਆਦੇਸ਼ਾਂ ‘ਤੇ ਉਚ ਪੱਧਰੀ ਕਮੇਟੀ ਵੱਲੋਂ ਨਸ਼ਾ ਤਸਕਰੀ ਮਾਮਲੇ ਦੀ ਜਾਂਚ ਕੀਤੀ ਗਈ। ਉਸ ਜਾਂਚ ਰਿਪੋਰਟ ‘ਚ ਅਕਾਲੀ ਆਗੂ ਦਾ ਨਾਂ ਬੋਲਦਾ ਸੀ, ਪਰ ਨਾ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਕੀਤੀ ਅਤੇ ਨਾ ਹੀ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੋਈ ਠੋਸ ਕਾਰਵਾਈ ਕੀਤੀ ਹੈ।
ਮਜੀਠੀਆ ਨੂੰ ਜ਼ਮਾਨਤ ਮਿਲਣਾ ਕਾਂਗਰਸ ਦੀ ਵੱਡੀ ਹਾਰ: ਚੀਮਾ
ਪਟਿਆਲਾ : ‘ਆਪ’ ਵਿਧਾਇਕ ਤੇ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਹਰਪਾਲ ਚੀਮਾ ਨੇ ਕਿਹਾ ਕਿ ਬਿਕਰਮ ਸਿੰਘ ਮਜੀਠੀਆ ਨੂੰ ਜ਼ਮਾਨਤ ਮਿਲਣਾ ਪੰਜਾਬ ਸਰਕਾਰ ਦੀ ਵੱਡੀ ਹਾਰ ਹੈ ਅਤੇ ਇਸ ਨੂੰ ਸਰਕਾਰੀਤੰਤਰ ਦੀ ਨਾਲਾਇਕੀ ਹੀ ਕਿਹਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਨੇ ਇਹ ਸਿੱਧ ਕਰ ਦਿੱਤਾ ਹੈ ਕਿ ਉਹ ਕਿਸੇ ਵੀ ਕੰਮ ਵਿੱਚ ਕਾਬਲ ਨਹੀਂ ਹੈ। ਉਨ੍ਹਾਂ ਕਿਹਾ ਕਿ ਤਿੰਨ ਵਾਰ ਪੰਜਾਬ ਦੇ ਐਡਵੋਕੇਟ ਜਨਰਲ ਨੂੰ ਬਦਲਿਆ ਜਾ ਚੁੱਕਾ ਹੈ। ਹਾਈਕੋਰਟ ਦੇ ਫ਼ੈਸਲੇ ਤੋਂ ਸਿੱਧਾ ਤੇ ਸਪੱਸ਼ਟ ਹੋ ਗਿਆ ਹੈ ਕਿ ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਣ ਵਿੱਚ ਕੋਤਾਹੀ ਕੀਤੀ ਹੈ। ਆਮ ਆਦਮੀ ਪਾਰਟੀ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਕਿ ਬੇਸ਼ੱਕ ਜ਼ਮਾਨਤ ਲੈਣਾ ਹਰ ਇੱਕ ਵਿਅਕਤੀ ਦਾ ਹੱਕ ਹੈ ਪਰ ਜਿਸ ਵਿਅਕਤੀ ‘ਤੇ ਬੜੇ ਸੰਗੀਨ ਦੋਸ਼ ਹੋਣ, ਉਸ ਦੀ ਜ਼ਮਾਨਤ ਹੋਣਾ ਸਰਕਾਰ ਦੀ ਰੱਖਿਆ ਏਜੰਸੀ ਦੀ ਕੋਤਾਹੀ ਹੀ ਕਿਹਾ ਜਾਵੇਗਾ।
Check Also
ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ
ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …