16.4 C
Toronto
Saturday, September 12, 2026
spot_img
Homeਪੰਜਾਬਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਵੇਗਾ: ਸ਼ੇਖਾਵਤ

ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਵੇਗਾ: ਸ਼ੇਖਾਵਤ

ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦਾ ਚਿਹਰਾ ਨਹੀਂ ਐਲਾਨਿਆ ਜਾਵੇਗਾ: ਸ਼ੇਖਾਵਤਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਲੋਕ ਹੈਰਾਨ
ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਨੂੰ ਉਦੋਂ ਜ਼ੋਰਦਾਰ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਇਕ ਸਾਬਕਾ ਵਿਧਾਇਕ ਸਮੇਤ ਪੰਜ ਅਹੁਦੇਦਾਰ ਭਾਜਪਾ ਵਿੱਚ ਸ਼ਾਮਲ ਹੋ ਗਏ। ਇਸੇ ਦੌਰਾਨ ਕਾਂਗਰਸ ਦਾ ਸ਼ੁਤਰਾਣਾ ਤੋਂ ਸਾਬਕਾ ਵਿਧਾਇਕ ਸਤਵੰਤ ਸਿੰਘ ਮੋਹੀ ਵੀ ਭਾਜਪਾ ‘ਚ ਸ਼ਾਮਲ ਹੋ ਗਏ। ਭਾਜਪਾ ਦੇ ਜਲੰਧਰ ‘ਚ ਸੂਬਾਈ ਚੋਣ ਦਫ਼ਤਰ ਵਿਖੇ ਪੰਜਾਬ ਮਾਮਲਿਆਂ ਦੇ ਇੰਚਾਰਜ ਤੇ ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸ਼ੇਖਾਵਤ ਅਤੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਦੀ ਹਾਜ਼ਰੀ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਫਤਿਹਗੜ੍ਹ ਸਾਹਿਬ ਤੋਂ ਸਾਬਕਾ ਵਿਧਾਇਕ ਤੇ ਪਾਰਟੀ ਦੇ ਵਰਕਿੰਗ ਕਮੇਟੀ ਮੈਂਬਰ ਦੀਦਾਰ ਸਿੰਘ ਭੱਟੀ, ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਸਪੋਰਟਸ ਵਿੰਗ ਦੇ ਪ੍ਰਧਾਨ ਤੇ ਹਲਕਾ ਬਲਾਚੌਰ ਦੇ ਆਗੂ ਰਾਜਪਾਲ ਚੌਹਾਨ, ਸੋਈ ਦੇ ਜ਼ੋਨ ਪ੍ਰਧਾਨ ਅੰਮ੍ਰਿਤਪਾਲ ਸਿੰਘ ਲਾਲੀ ਤੇ ਫਤਿਹਗੜ੍ਹ ਸਾਹਿਬ ਦੇ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਤੇ ਯੂਥ ਅਕਾਲੀ ਦਲ ਦੀ ਕੋਰ ਕਮੇਟੀ ਦੇ ਮੈਂਬਰ ਬਲਵਿੰਦਰ ਸਿੰਘ ਭੱਟੀ ਭਾਜਪਾ ਵਿਚ ਸ਼ਾਮਲ ਹੋ ਗਏ। ਦਮਦਮੀ ਟਕਸਾਲ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਦੇ ਭਾਜਪਾ ‘ਚ ਜਾਣ ਨਾਲ ਗਰਮਖਿਆਲੀ ਸਫ਼ਾਂ ‘ਚ ਹੈਰਾਨੀ ਪ੍ਰਗਟਾਈ ਜਾ ਰਹੀ ਹੈ।
ਇਸ ਮੌਕੇ ਗਜੇਂਦਰ ਸ਼ੇਖਾਵਤ ਨੇ ਕਿਹਾ ਕਿ ਪਾਰਟੀ ਦੀ ਪਰੰਪਰਾ ਰਹੀ ਹੈ ਕਿ ਮੁੱਖ ਮੰਤਰੀ ਦਾ ਚਿਹਰਾ ਐਲਾਨ ਕੇ ਚੋਣਾਂ ਨਹੀਂ ਲੜੀਆਂ ਜਾਂਦੀਆਂ। ਉਨ੍ਹਾਂ ਕਿਹਾ ਕਿ ਉੱਤਰ ਪ੍ਰਦੇਸ਼ ਵਿਚ ਜਦੋਂ 25 ਸਾਲਾਂ ਬਾਅਦ ਭਾਜਪਾ ਸੱਤਾ ਵਿਚ ਆਈ ਤਾਂ ਕਿਸੇ ਨੇ ਕਲਪਨਾ ਵੀ ਨਹੀਂ ਕੀਤੀ ਸੀ ਕਿ ਮੁੱਖ ਮੰਤਰੀ ਆਦਿੱਤਿਆਨਾਥ ਯੋਗੀ ਹੋਣਗੇ। ਇਸੇ ਤਰ੍ਹਾਂ ਅਸਾਮ ਵਿਚ ਭਾਜਪਾ ਦੀ ਸਰਕਾਰ ਹੋਣ ਦੇ ਬਾਵਜੂਦ ਚੋਣਾਂ ਲੜੀਆਂ ਸਨ ਤਦ ਵੀ ਮੁੱਖ ਮੰਤਰੀ ਦੇ ਚਿਹਰੇ ਦਾ ਐਲਾਨ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਵੀ ਪਾਰਟੀ ਦੇ ਵਿਧਾਇਕ ਹੀ ਆਪਣਾ ਆਗੂ ਚੁਣਨਗੇ ਤੇ ਉਸੇ ‘ਤੇ ਹਾਈਕਮਾਨ ਮੋਹਰ ਲਾਏਗੀ। ਉਮੀਦਵਾਰਾਂ ਦੀ ਸੂਚੀ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਬਾਰੇ 117 ਵਿਧਾਨ ਸਭਾ ਹਲਕਿਆਂ ਵਿੱਚ ਪਾਰਟੀ ਦੇ ਅਹੁਦੇਦਾਰਾਂ ਦੀ ਰਾਏ ਲਈ ਜਾ ਰਹੀ ਹੈ। ਇਸ ਮੌਕੇ ਮੈਂਬਰ ਪਾਰਲੀਮੈਂਟ ਹੰਸ ਰਾਜ ਹੰਸ, ਸੁਸ਼ੀਲ ਸ਼ਰਮਾ ਅਤੇ ਜੀਵਨ ਗੁਪਤਾ ਸਮੇਤ ਹੋਰ ਆਗੂ ਵੀ ਹਾਜ਼ਰ ਸਨ। ਇਸੇ ਦੌਰਾਨ ਵਿਧਾਨ ਸਭਾ ਹਲਕਾ ਪਾਇਲ ਦੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਰਹੇ ਹਲਕਾ ਇੰਚਾਰਜ ਸਾਬਕਾ ਮੰਤਰੀ ਈਸ਼ਰ ਸਿੰਘ ਮੇਹਰਬਾਨ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਹਰਪਾਲ ਸਿੰਘ ਜੱਲਾ ਨੇ ਭਾਜਪਾ ਦਾ ਪੱਲਾ ਫੜ ਲਿਆ ਹੈ।

 

RELATED ARTICLES
POPULAR POSTS