Breaking News
Home / ਪੰਜਾਬ / ਬਲਵੀਰ ਸਿੰਘ ਰਾਜੇਵਾਲ ਵੱਲੋਂ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ

ਬਲਵੀਰ ਸਿੰਘ ਰਾਜੇਵਾਲ ਵੱਲੋਂ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ

ਮਾਛੀਵਾੜਾ/ਬਿਊਰੋ ਨਿਊਜ਼ : ਦਿੱਲੀ ਕਿਸਾਨੀ ਅੰਦੋਲਨ ਦੌਰਾਨ ਕੌਮਾਂਤਰੀ ਪੱਧਰ ‘ਤੇ ਪਛਾਣ ਬਣਾਉਣ ਵਾਲੇ ਤੇ 22 ਜਥੇਬੰਦੀਆਂ ਨੂੰ ਨਾਲ ਲੈ ਕੇ ਸਿਆਸੀ ਪਾਰਟੀ ‘ਸੰਯੁਕਤ ਸਮਾਜ ਮੋਰਚਾ’ ਬਣਾਉਣ ਵਾਲੇ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਹੈ। ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਸਿਆਸਤ ਵਿੱਚ ਨਵੇਂ ਨਹੀਂ ਹਨ। ਕਈ ਸਾਲ ਪਹਿਲਾਂ ਉਨ੍ਹਾਂ ਦੀਆਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਨਜ਼ਦੀਕੀਆਂ ਵੀ ਰਹੀਆਂ ਹਨ। ਹਲਕਾ ਸਮਰਾਲਾ ਤੋਂ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੋਣ ਲੜਨ ਦੀਆਂ ਚਰਚਾਵਾਂ ਵੀ ਜ਼ੋਰਾਂ ‘ਤੇ ਰਹੀਆਂ ਅਤੇ ਪਿਛਲੀਆਂ ਵਿਧਾਨ ਸਭਾ ਚੋਣਾਂ ‘ਚ ਰਾਜੇਵਾਲ ਵੱਲੋਂ ‘ਆਪ’ ਦੇ ਉਮੀਦਵਾਰ ਸਰਬੰਸ ਸਿੰਘ ਮਾਣਕੀ ਦਾ ਸਮਰਥਨ ਵੀ ਕੀਤਾ ਗਿਆ ਸੀ। ਜ਼ਿਕਰਯੋਗ ਹੈ ਕਿ ਸੰਯੁਕਤ ਸਮਾਜ ਮੋਰਚਾ ਵੱਲੋਂ ਹਾਲੇ ਤੱਕ ਕਿਸੇ ਵੀ ਸੀਟ ਲਈ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਗਿਆ। ਜ਼ਿਕਰਯੋਗ ਹੈ ਕਿ ਆਪਣੇ ਸਮਰਥਕਾਂ ਸਮੇਤ ਮਾਛੀਵਾੜਾ ਇਲਾਕੇ ‘ਚ ਲੋਕਾਂ ਨਾਲ ਰਾਬਤਾ ਕਾਇਮ ਕਰਦੇ ਬਲਵੀਰ ਸਿੰਘ ਰਾਜੇਵਾਲ ਨਾਲ ਅਕਾਲੀ ਦਲ ਅਤੇ ਕਾਂਗਰਸ ਦੇ ਵੀ ਕਈ ਆਗੂ ਨਜ਼ਰ ਆਏ, ਜੋ ਵਿਰੋਧੀ ਪਾਰਟੀਆਂ ਲਈ ਖ਼ਤਰੇ ਦੀ ਘੰਟੀ ਹੈ। ਹਲਕਾ ਸਮਰਾਲਾ ‘ਚ ਚੋਣ ਮੈਦਾਨ ਦੀ ਸਥਿਤੀ ਲਗਪਗ ਸਪੱਸ਼ਟ ਹੁੰਦੀ ਨਜ਼ਰ ਆ ਰਹੀ ਹੈ। ਇੱਥੇ ਅਕਾਲੀ ਦਲ ਵੱਲੋਂ ਪਰਮਜੀਤ ਸਿੰਘ ਢਿੱਲੋਂ, ਕਾਂਗਰਸ ਵੱਲੋਂ ਵਿਧਾਇਕ ਅਮਰੀਕ ਸਿੰਘ ਢਿੱਲੋਂ ਦੇ ਪੋਤੇ ਕਰਨਵੀਰ ਸਿੰਘ ਢਿੱਲੋਂ ਦੀ ਟਿਕਟ ਤੈਅ ਮੰਨੀ ਜਾ ਰਹੀ ਹੈ ਅਤੇ ‘ਆਪ’ ਵੱਲੋਂ ਜਗਤਾਰ ਸਿੰਘ ਦਿਆਲਪੁਰਾ ਚੋਣ ਮੈਦਾਨ ਵਿੱਚ ਆ ਚੁੱਕੇ ਹਨ।
ਹਲਕਾ ਸਮਰਾਲਾ ਦੀ ਕਿਸਾਨ ਵੋਟ ਨੂੰ ਤਾਂ ਬਲਵੀਰ ਸਿੰਘ ਰਾਜੇਵਾਲ ਆਪਣੇ ਨਾਲ ਜੋੜਨ ਵਿੱਚ ਸਮਰੱਥ ਹੋਣਗੇ ਹੀ ਉੱਥੇ ਮਾਛੀਵਾੜਾ ਤੇ ਸਮਰਾਲਾ ਦੀਆਂ ਅਨਾਜ ਮੰਡੀਆਂ ਦੇ ਆੜ੍ਹਤੀਆਂ ਦੀ ਵੀ ਉਕਤ ਆਗੂ ਨਾਲ ਕਾਫ਼ੀ ਨੇੜਤਾ ਹੈ। ਮਾਛੀਵਾੜਾ ਤੇ ਸਮਰਾਲਾ ਦੇ 90 ਫ਼ੀਸਦ ਆੜ੍ਹਤੀ ਅਕਾਲੀ ਦਲ ਤੇ ਕਾਂਗਰਸ ਨਾਲ ਸਬੰਧ ਰੱਖਦੇ ਹਨ ਤੇ ਹੁਣ ਬਲਵੀਰ ਸਿੰਘ ਰਾਜੇਵਾਲ ਦੇ ਮੈਦਾਨ ‘ਚ ਆਉਣ ਤੋਂ ਬਾਅਦ ਇਹ ਆੜ੍ਹਤੀ ਵਰਗ ਵੀ ਦੋਵੇਂ ਸਿਆਸੀ ਪਾਰਟੀਆਂ ਨਾਲ ਜੁੜਿਆ ਰਹਿੰਦਾ ਹੈ ਜਾਂ ਸੰਯੁਕਤ ਸਮਾਜ ਮੋਰਚੇ ਦੀ ਹਮਾਇਤ ਕਰਦਾ ਹੈ ਇਹ ਆਉਣ ਵਾਲੇ ਕੁਝ ਹੀ ਦਿਨਾਂ ‘ਚ ਦਿਖਾਈ ਦੇਣ ਲੱਗ ਪਵੇਗਾ।
ਉਹੀ ਵਾਅਦੇ ਕਰਾਂਗੇ, ਜੋ ਨਿਭਾਏ ਜਾ ਸਕਣ : ਬਲਬੀਰ ਸਿੰਘ ਰਾਜੇਵਾਲ
ਸੰਯੁਕਤ ਸਮਾਜ ਮੋਰਚਾ ਨੇ ਮੁਹਾਲੀ ਵਿੱਚ ਖੋਲ੍ਹਿਆ ਮੁੱਖ ਚੋਣ ਦਫ਼ਤਰ
ਮੁਹਾਲੀ/ਬਿਊਰੋ ਨਿਊਜ਼ : ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਦੇ ਪ੍ਰਧਾਨ ਅਤੇ ਸੰਯੁਕਤ ਸਮਾਜ ਮੋਰਚਾ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਮੁਹਾਲੀ ਦੇ ਫੇਜ਼-7 ਦੀ ਮਾਰਕੀਟ ਵਿੱਚ ਮੁੱਖ ਚੋਣ ਦਫਤਰ ਖੋਲ੍ਹ ਕੇ ਚੋਣ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਕਿਸਾਨ ਆਗੂ ਨੇ ਕਿਹਾ ਕਿ ਮੋਰਚਾ ਪੰਜਾਬ ਵਿੱਚ 117 ਸੀਟਾਂ ‘ਤੇ ਵਿਧਾਨ ਸਭਾ ਦੀ ਚੋਣ ਲੜੇਗਾ ਅਤੇ 14 ਜਨਵਰੀ ਤੱਕ ਚੋਣ ਲੜਨ ਦੇ ਚਾਹਵਾਨ ਵਿਅਕਤੀ ਅਰਜ਼ੀਆਂ ਭੇਜ ਸਕਦੇ ਹਨ। ਉਨ੍ਹਾਂ ਦੱਸਿਆ ਕਿ ਕਿਸਾਨੀ ਝੰਡੇ ਹੇਠ ਚੋਣ ਲੜਨ ਵਾਲੇ ਉਮੀਦਵਾਰਾਂ ਦੀ ਪਹਿਲੀ ਸੂਚੀ ਛੇਤੀ ਜਾਰੀ ਕਰ ਦਿੱਤੀ ਜਾਵੇਗੀ।
ਇਕ ਸਵਾਲ ਦੇ ਜਵਾਬ ‘ਚ ਉਨ੍ਹਾਂ ਕਿਹਾ ਕਿ ਆਉਂਦੇ ਹਫ਼ਤੇ ਚੋਣ ਮੈਨੀਫੈਸਟੋ ਜਾਰੀ ਕਰ ਦਿੱਤਾ ਜਾਵੇਗਾ, ਜਿਸ ਵਿੱਚ ਕਿਸਾਨਾਂ ਅਤੇ ਮੁਲਾਜ਼ਮ ਵਰਗ ਸਮੇਤ ਪੰਜਾਬ ਦੇ ਸਾਰੇ ਭਖਦੇ ਮੁੱਦੇ ਸ਼ਾਮਲ ਕੀਤੇ ਜਾਣਗੇ। ਕਿਸਾਨ ਆਗੂ ਨੇ ਸਪੱਸ਼ਟ ਕੀਤਾ ਕਿ ਸੂਬੇ ਦੇ ਲੋਕਾਂ ਨਾਲ ਸਿਰਫ਼ ਉਹੀ ਵਾਅਦੇ ਕੀਤੇ ਜਾਣਗੇ, ਜਿਨ੍ਹਾਂ ਨੂੰ ਪੂਰਾ ਕੀਤਾ ਜਾ ਸਕੇ। ਸਾਂਝੇ ਤੌਰ ‘ਤੇ ਚੋਣਾਂ ਲੜਨ ਬਾਰੇ ਰਾਜੇਵਾਲ ਨੇ ਕਿਹਾ ਕਿ ਫਿਲਹਾਲ 32 ‘ਚੋਂ 22 ਕਿਸਾਨ ਜਥੇਬੰਦੀਆਂ ਨੇ ਹਾਮੀ ਭਰੀ ਹੈ ਅਤੇ ਬਾਕੀ ਜਥੇਬੰਦੀਆਂ ਵੀ ਉਨ੍ਹਾਂ ਦੇ ਪਰਿਵਾਰਕ ਮੈਂਬਰ ਵਾਂਗ ਹਨ, ਉਨ੍ਹਾਂ ‘ਚੋਂ ਵੀ ਕਾਫ਼ੀ ਸਹਿਮਤ ਹੋ ਜਾਣਗੇ।
ਦੂਜੀਆਂ ਪਾਰਟੀਆਂ ਦੇ ਨਾਰਾਜ਼ ਆਗੂਆਂ ਨੂੰ ਟਿਕਟਾਂ ਦੇਣ ਬਾਰੇ ਪੁੱਛੇ ਜਾਣ ‘ਤੇ ਉਨ੍ਹਾਂ ਕਿਹਾ ਕਿ ਫਿਲਹਾਲ ਅਜਿਹਾ ਕੋਈ ਵਿਚਾਰ ਨਹੀਂ ਹੈ ਪਰ ਕਿਸੇ ਖਾਸ ਹਲਕੇ ਵਿੱਚ ਜੇਕਰ ਅਜਿਹਾ ਕੁਝ ਸੰਭਵ ਹੋਇਆ ਤਾਂ ਇਸ ਬਾਰੇ ਜ਼ਰੂਰ ਸੋਚਿਆ ਜਾ ਸਕਦਾ ਹੈ। ਵਰਚੁਅਲ ਚੋਣ ਪ੍ਰਚਾਰ ਬਾਰੇ ਕਿਸਾਨ ਆਗੂ ਨੇ ਕਿਹਾ ਕਿ ਆਦਰਸ਼ ਚੋਣ ਜ਼ਾਬਤੇ ਦੀ ਇੰਨ-ਬਿੰਨ ਪਾਲਣਾ ਕੀਤੀ ਜਾਵੇਗੀ। ਕਿਸਾਨ ਆਗੂ ਨੇ ਕਿਹਾ ਕਿ ਚੋਣ ਨਿਸ਼ਾਨ ਕੋਈ ਵੱਡਾ ਮਸਲਾ ਨਹੀਂ ਹੈ, ਅਪਲਾਈ ਕਰਨ ਮਗਰੋਂ ਜਲਦੀ ਮਿਲ ਜਾਵੇਗਾ।
ਸੰਯੁਕਤ ਕਿਸਾਨ ਮੋਰਚੇ ਦੀ ਮੀਟਿੰਗ ‘ਚ ਹੋਵਾਂਗੇ ਸ਼ਾਮਲ
ਸੰਯੁਕਤ ਕਿਸਾਨ ਮੋਰਚੇ ਦੀ 15 ਜਨਵਰੀ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਉਹ ਜ਼ਰੂਰ ਇਸ ਮੀਟਿੰਗ ਵਿੱਚ ਸ਼ਾਮਲ ਹੋਣਗੇ। ਮੀਟਿੰਗ ਵਿੱਚ ਐੱਮਐਸਪੀ, ਕਿਸਾਨੀ ਕਰਜ਼ਿਆਂ ਸਮੇਤ ਹੋਰ ਮੰਗਾਂ ਬਾਰੇ ਖੁੱਲ੍ਹ ਕੇ ਚਰਚਾ ਕੀਤੀ ਜਾਵੇਗੀ ਅਤੇ ਅਗਲੇ ਸੰਘਰਸ਼ੀ ਪ੍ਰੋਗਰਾਮ ਦੀ ਰੂਪਰੇਖਾ ਉਲੀਕੀ ਜਾਵੇਗੀ।

ਸੰਯੁਕਤ ਸਮਾਜ ਮੋਰਚਾ ਨੇ ਲੁਧਿਆਣਾ ‘ਚ ਦਫ਼ਤਰ ਖੋਲ੍ਹਿਆ
ਲੁਧਿਆਣਾ/ਬਿਊਰੋ ਨਿਊਜ਼ : ਖੇਤੀ ਕਾਨੂੰਨਾਂ ਨੂੰ ਵਾਪਸ ਕਰਵਾਉਣ ਤੋਂ ਬਾਅਦ ਚੋਣ ਮੈਦਾਨ ‘ਚ ਉਤਰੇ ਕਿਸਾਨਾਂ ਨੇ ਹੁਣ ਲੁਧਿਆਣਾ ਵਿੱਚ ਟਿਕਟਾਂ ਵੰਡਣ ਦੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਹੈ। ਕਿਸਾਨਾਂ ਵੱਲੋਂ ਬਣਾਏ ਗਏ ਸੰਯੁਕਤ ਸਮਾਜ ਮੋਰਚੇ ਦਾ ਲੁਧਿਆਣਾ ‘ਚ ਦਫ਼ਤਰ ਖੋਲ੍ਹ ਦਿੱਤਾ ਗਿਆ ਹੈ। ਕਿਸਾਨ ਜਥੇਬੰਦੀਆਂ ਵੱਲੋਂ ਚੋਣਾਂ ਲੜਨ ਦੇ ਚਾਹਵਾਨ ਉਮੀਦਵਾਰਾਂ ਦਾ ਜੀਵਨ ਵੇਰਵਾ ਲਿਆ ਜਾ ਰਿਹਾ ਹੈ ਜਿਸ ਤੋਂ ਬਾਅਦ ਟਿਕਟਾਂ ਦਾ ਐਲਾਨ ਕਰ ਦਿੱਤਾ ਜਾਵੇਗਾ। ਲੁਧਿਆਣਾ ਸਥਿਤ ਦਫ਼ਤਰ ‘ਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਉਮੀਦਵਾਰਾਂ ਨੇ ਚੋਣ ਲੜਨ ਲਈ ਅਰਜ਼ੀਆਂ ਦਿੱਤੀਆਂ ਹਨ। ਸੰਯੁਕਤ ਸਮਾਜ ਮੋਰਚੇ ਦਾ ਦਫ਼ਤਰ ਸਨਅਤੀ ਸ਼ਹਿਰ ਦੇ ਸਨਅਤਕਾਰਾਂ ਵੱਲੋਂ ਬਣਾਈ ਗਈ ਭਾਰਤੀ ਆਰਥਿਕ ਪਾਰਟੀ ਦੇ ਦਫ਼ਤਰ ਵਿੱਚ ਹੀ ਬਣਾਇਆ ਗਿਆ ਹੈ। ਦਫ਼ਤਰ ‘ਚ ਤਾਇਨਾਤ ਮੁਕੇਸ਼ ਚੰਦਰ ਸ਼ਰਮਾ ਨੇ ਦੱਸਿਆ ਕਿ ਸੰਯੁਕਤ ਸਮਾਜ ਮੋਰਚਾ ਵੱਲੋਂ ਸਕਰੀਨਿੰਗ ਕਮੇਟੀ ਬਣਾਈ ਗਈ ਹੈ ਜਿਸ ਵੱਲੋਂ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਬਾਅਦ ਹੀ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ। ਖਾਸ ਗੱਲ ਇਹ ਹੈ ਕਿ ਕਿਸਾਨਾਂ ਦੀ ਇਸ ਪਾਰਟੀ ਤੋਂ ਚੋਣ ਲੜਨ ਦੇ ਇਛੁੱਕ ਉਮੀਦਵਾਰਾਂ ਤੋਂ ਬਾਇਓਡਾਟਾ ਦੇ ਨਾਲ-ਨਾਲ ਕਿਸਾਨ ਸੰਘਰਸ਼ ਦੌਰਾਨ ਪਾਏ ਗਏ ਸਹਿਯੋਗ ਦੀਆਂ ਫੋਟੋਆਂ ਲਈਆਂ ਜਾ ਰਹੀਆਂ ਹਨ। ਲੁਧਿਆਣਾ ਪੁੱਜੇ ਕਿਸਾਨ ਆਗੂ ਮਨਜੀਤ ਸਿੰਘ ਰਾਏ ਕਹਿੰਦੇ ਹਨ ਕਿ ਉਹ ਕਿਸੇ ਪਾਰਟੀ ਦਾ ਵਿਰੋਧ ਕਰਨ ਨਹੀਂ ਆਏ, ਬਲਕਿ ਆਪਣੀ ਗੱਲ ਲੋਕਾਂ ਤੱਕ ਪਹੁੰਚਾਉਣ ਲਈ ਆਏ ਹਨ। ਮੋਰਚੇ ਵੱਲੋਂ ਤਿੰਨ ਨੰਬਰ ਜਾਰੀ ਕੀਤੇ ਗਏ ਹਨ, ਜਿਨ੍ਹਾਂ ‘ਤੇ ਲੋਕ ਆਪਣੀ ਗੱਲ ਰੱਖ ਰਹੇ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਦੀ ਪਾਰਟੀ ਵੱਲੋਂ ਕਿਸਾਨ ਮੋਰਚੇ ਵਿੱਚ ਅੱਗੇ ਵਧ ਕੇ ਸਾਥ ਦੇਣ ਵਾਲੇ, ਸਾਫ਼ ਦਿੱਖ ਵਾਲੇ ਪੜ੍ਹੇ-ਲਿਖੇ ਲੋਕਾਂ ਨੂੰ ਟਿਕਟ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਾਕੀ ਸਿਆਸੀ ਪਾਰਟੀਆਂ ਛੱਡ ਕੇ ਆਉਣ ਵਾਲਿਆਂ ਨੂੰ ਟਿਕਟ ਨਹੀਂ ਦਿੱਤੀ ਜਾਵੇਗੀ।

Check Also

ਕਾਂਗਰਸੀ MP ਜਸਬੀਰ ਸਿੰਘ ਡਿੰਪਾ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਟਿਕਟ ਦੀ ਦਾਅਵੇਦਾਰੀ ਛੱਡੀ

ਕਿਹਾ : ਟਿਕਟ ਮਿਲੇ ਜਾਂ ਨਾ ਮਿਲੇ ਕਾਂਗਰਸ ਪਾਰਟੀ ਵਿਚ ਹੀ ਰਹਾਂਗਾ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ …