ਅਰਵਿੰਦ ਕੇਜਰੀਵਾਲ ਨੇ ਪੰਜਾਬ ਲਈ ਕੀਤੇ ਵੱਡੇ ਵਾਅਦੇ
ਚੰਡੀਗੜ੍ਹ/ਬਿਊਰੋ ਨਿਊਜ਼ : ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੇਜਰੀਵਾਲ ਕਰੋਨਾ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਮੁਹਾਲੀ ਪਹੁੰਚੇ ਅਤੇ ਉਨ੍ਹਾਂ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਬੇਅਦਬੀ ਦੇ ਦੋਸ਼ੀਆਂ ਨੂੰ ਸਖਤ ਤੋਂ ਸਖਤ ਸਜਾਵਾਂ ਦਿੱਤੀਆਂ ਜਾਣਗੀਆਂ ਤਾਂ ਜੋ ਮੁੜ ਬੇਅਦਬੀ ਦੀ ਘਟਨਾ ਨਾ ਵਾਪਰ ਸਕੇ। ਕੇਜਰੀਵਾਲ ਨੇ ਟਿਕਟਾਂ ਵੇਚਣ ਦੇ ਮਾਮਲੇ ‘ਤੇ ਬੋਲਦਿਆਂ ਕਿਹਾ ਕਿ ਸਿਆਸੀ ਰੰਜਿਸ਼ ਤੇ ਤਹਿਤ ਵਿਰੋਧੀ ਪਾਰਟੀਆਂ ਵੱਲੋਂ ਉਨ੍ਹਾਂ ‘ਤੇ ਇਸ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਪ੍ਰੰਤੂ ਇਸ ਗੱਲ ਨੂੰ ਕੋਈ ਸਾਬਤ ਕਰਕੇ ਦਿਖਾਏ।
ਕਿਸਾਨ ਜਥੇਬੰਦੀਆਂ ਵੱਲੋਂ ਬਣਾਈ ਗਈ ਪਾਰਟੀ ਸੰਯੁਕਤ ਸਮਾਜ ਮੋਰਚੇ ਨਾਲ ਗੱਠਜੋੜ ਨੂੰ ਲੈ ਕੇ ਕੇਜਰੀਵਾਲ ਨੇ ਕਿਹਾ ਕਿ ਸੀਟਾਂ ਦੀ ਵੰਡ ਨੂੰ ਲੈ ਕੇ ਉਨ੍ਹਾਂ ਨਾਲ ਸਾਡਾ ਤਾਲਮੇਲ ਨਹੀਂ ਬੈਠਿਆ ਜਿਸ ਕਰਕੇ ਗੱਠਜੋੜ ਦੀ ਗੱਲ ਸਿਰੇ ਨਹੀਂ ਚੜ੍ਹ ਸਕੀ। ਇਸ ਮੌਕੇ ਕੇਜਰੀਵਾਲ ਨੇ ਕਿਹਾ ਕਿ ਇਸ ਵਾਰ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ, ਜਿਸ ਤੋਂ ਬਾਅਦ ਅਸੀਂ ਪੰਜਾਬ ਨੂੰ ਵਿਕਸਤ ਅਤੇ ਖੁਸ਼ਹਾਲ ਬਣਾਉਣ ਲਈ 10 ਸੂਤਰੀ ਪੰਜਾਬ ਮਾਡਲ ਤਿਆਰ ਕੀਤਾ ਹੈ। ਅਸੀਂ ਮਿਲ ਕੇ ਅਜਿਹਾ ਪੰਜਾਬ ਬਣਾਵਾਂਗੇ ਕਿ ਰੁਜ਼ਗਾਰ ਲਈ ਵਿਦੇਸ਼ਾਂ ‘ਚ ਗਏ ਪੰਜਾਬੀ ਨੌਜਵਾਨ 5 ਸਾਲਾਂ ‘ਚ ਆਪਣੇ ਦੇਸ਼ ਪਰਤ ਆਉਣਗੇ। ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਚਿਹਰੇ ਸਬੰਧੀ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਐਲਾਨ ਅਗਲੇ ਹਫ਼ਤੇ ਕਰ ਦਿੱਤਾ ਜਾਵੇਗਾ।
ਚੋਣ ਕਮਿਸ਼ਨ ਵੱਲੋਂ ‘ਆਪ’ ਨੂੰ ਨੋਟਿਸ ਜਾਰੀ
ਚੰਡੀਗੜ੍ਹ : ਭਾਰਤ ਦੇ ਚੋਣ ਕਮਿਸ਼ਨ ਨੇ ਆਮ ਆਦਮੀ ਪਾਰਟੀ (ਆਪ) ਨੂੰ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਲਈ ਨੋਟਿਸ ਜਾਰੀ ਕੀਤਾ ਹੈ। ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਖਰੜ ਅਸੈਂਬਲੀ ਹਲਕੇ ਵਿੱਚ ‘ਘਰ ਘਰ ਜਾ ਕੇ ਚੋਣ ਪ੍ਰਚਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ ਮੌਕੇ ਪੰਜ ਤੋਂ ਵੱਧ ਪਾਰਟੀ ਆਗੂ ਤੇ ਵਰਕਰ ਮੌਜੂਦ ਸਨ। ਚੋਣ ਕਮਿਸ਼ਨ ਨੇ ਘਰ-ਘਰ ਜਾ ਕੇ ਚੋਣ ਪ੍ਰਚਾਰ ਮੌਕੇ ਪੰਜ ਵਿਅਕਤੀਆਂ ਦੀ ਹੱਦ ਮਿੱਥੀ ਹੋਈ ਹੈ। ਖਰੜ ਦੇ ਰਿਟਰਨਿੰਗ ਅਫ਼ਸਰ ਨੇ ਨੋਟਿਸ ਵਿੱਚ ਕਿਹਾ ਕਿ ‘ਆਪ’ ਵਾਲੰਟੀਅਰਾਂ ਨੇ ਪੰਜ ਤੋਂ ਵੱਧ ਵਿਅਕਤੀਆਂ ਦੇ ਸਮੂਹਾਂ ਰਾਹੀਂ ਲੋਕਾਂ ਤੱਕ ਰਾਬਤਾ ਕਰਕੇ ਆਦਰਸ਼ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ।