15 ਲੱਖ ਪੰਜਾਬੀਆਂ ਨੇ ਭਗਵੰਤ ਮਾਨ ਦੇ ਨਾਂ ’ਤੇ ਲਗਾਈ ਮੋਹਰ
ਮੋਹਾਲੀ/ਬਿਊਰੋ ਨਿਊਜ਼ :
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਿਧਾਨ ਸਭਾ ਚੋਣਾਂ ਲਈ ਮੁੱਖ ਮੰਤਰੀ ਦੇ ਚਿਹਰੇ ਲਈ ਭਗਵੰਤ ਮਾਨ ਦੇ ਨਾਂ ’ਤੇ ਮੋਹਰ ਲਗਾ ਦਿੱਤੀ। ਇਸ ਸਬੰਧੀ ਐਲਾਨ ਅੱਜ ਉਨ੍ਹਾਂ ਨੇ ਮੋਹਾਲੀ ਵਿਖੇ ਕੀਤੀ ਗਈ ਪ੍ਰੈਸ ਕਾਨਫਰੰਸ ਦੌਰਾਨ ਕੀਤਾ। ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਲੰਘੇ ਦਿਨੀਂ ਇਕ ਨੰਬਰ ਜਾਰੀ ਕੀਤਾ ਗਿਆ ਸੀ, ਜਿਸ ’ਤੇ ਪੰਜਾਬ ਦੇ ਲੋਕਾਂ ਵੱਲੋਂ ਰਾਏ ਮੰਗੀ ਗਈ ਸੀ। ਇਸ ਨੰਬਰ ’ਤੇ ਤਿੰਨ ਦਿਨਾਂ ’ਚ 21.59 ਲੱਖ ਪੰਜਾਬੀਆਂ ਨੇ ਆਪਣੀ ਰਾਏ ਦਿੱਤੀ, ਜਿਨ੍ਹਾਂ ਵਿਚੋਂ 15 ਲੱਖ ਪੰਜਾਬੀਆਂ ਵੱਲੋਂ ਭਗਵੰਤ ਮਾਨ ਦੇ ਨਾਮ ਦੀ ਚੋਣ ਕੀਤੀ ਗਈ ਹੈ। ਕੇਜਰੀਵਾਲ ਨੇ ਸਟੇਜ ਤੋਂ ਜਦੋਂ ਭਗਵੰਤ ਮਾਨ ਦੇ ਨਾਮ ਦਾ ਮੁੱਖ ਮੰਤਰੀ ਚਿਹਰੇ ਵਜੋਂ ਐਲਾਨਿਆ ਤਾਂ ਭਗਵੰਤ ਮਾਨ ਭਾਵੁਕ ਹੋ ਗਏ। ਇਸ ਤੋਂ ਬਾਅਦ ਕੇਜਰੀਵਾਲ ਨੂੰ ਜੱਫੀ ਪਾ ਕੇ ਵਧਾਈ ਵੀ ਦਿੱਤੀ।
ਭਗਵੰਤ ਮਾਨ ਤੋਂ ਇਲਾਵਾ ਪੰਜਾਬ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਕੁਲਤਾਰ ਸੰਧਵਾ ਨੂੰ ਵੀ ਇਸ ਦੌੜ ਵਿਚ ਸ਼ਾਮਲ ਮੰਨਿਆ ਜਾ ਰਿਹਾ ਸੀ। ਧਿਆਨ ਰਹੇ ਕਿ ਆਮ ਆਦਮੀ ਪਾਰਟੀ ਦੇ ਮੁਖੀ ਅਰਵਿੰਦ ਕੋਜਰੀਵਾਲ ਪਹਿਲਾਂ ਹੀ ਸਾਫ਼ ਕਰ ਚੁੱਕੇ ਸਨ ਕਿ ਉਹ ਪੰਜਾਬ ’ਚ ਮੁੱਖ ਮੰਤਰੀ ਦੇ ਚਿਹਰੇ ਦੀ ਦੌੜ ਵਿਚ ਸ਼ਾਮਲ ਨਹੀਂ ਅਤੇ ਇਸ ਸਬੰਧੀ ਉਹ ਕਈ ਵਾਰ ਆਖ ਚੁੱਕੇ ਸਨ ਕਿ ਮੁੱਖ ਮੰਤਰੀ ਦਾ ਚਿਹਰਾ ਪੰਜਾਬ ਅਤੇ ਸਿੱਖ ਭਾਈਚਾਰੇ ਤੋਂ ਹੀ ਲਿਆ ਜਾਵੇਗਾ। ਇਸ ਮੌਕੇ ਅਰਵਿੰਦ ਕੇਜਰੀਵਾਲ, ਭਗਵੰਤ ਮਾਨ, ਜਰਨੈਲ ਸਿੰਘ, ਰਾਘਵ ਚੱਢਾ, ਹਰਪਾਲ ਚੀਮਾ ਅਤੇ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਵੀ ਮੌਜੂਦ ਸਨ।