ਚੰਡੀਗੜ੍ਹ : ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਨੇ ਵਿਧਾਨ ਸਭਾ ਹਲਕਾ ਭੁਲੱਥ ਤੋਂ ਟਿਕਟ ਦਿੱਤੀ ਹੋਈ ਹੈ ਅਤੇ ਖਹਿਰਾ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ। ਸੁਖਪਾਲ ਖਹਿਰਾ ਦੀ ਜ਼ਮਾਨਤ ਸਬੰਧੀ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਦੌਰਾਨ ਮਾਨਯੋਗ ਅਦਾਲਤ ਨੇ ਫੈਸਲਾ ਰਾਖਵਾਂ ਰੱਖ ਲਿਆ ਹੈ। ਇਸ ਸਬੰਧੀ ਸੁਖਪਾਲ ਖਹਿਰਾ ਦੇ ਸਪੁੱਤਰ ਮਹਿਤਾਬ ਸਿੰਘ ਖਹਿਰਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਹਾਈਕੋਰਟ ਨੇ ਬਹਿਸ ਤੋਂ ਬਾਅਦ ਫੈਸਲਾ ਰਾਖਵਾਂ ਰੱਖਿਆ ਹੈ ਅਤੇ ਅਦਾਲਤ ਕੁਝ ਦਿਨਾਂ ਵਿਚ ਫੈਸਲਾ ਸੁਣਾ ਸਕਦੀ ਹੈ।ਮਹਿਤਾਬ ਖਹਿਰਾ ਨੇ ਕਿਹਾ ਕਿ ਆਸ ਹੈ ਕਿ ਬਹੁਤ ਛੇਤੀ ਉਨ੍ਹਾਂ ਨੂੰ ਚੰਗੀ ਖਬਰ ਮਿਲੇਗੀ। ਜ਼ਿਕਰਯੋਗ ਹੈ ਕਿ ਮਨੀ ਲਾਂਡਰਿੰਗ ਦੇ ਮਾਮਲੇ ਵਿਚ ਈਡੀ ਨੇ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕੀਤਾ ਸੀ ਅਤੇ ਉਹ ਹੁਣ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ।