Breaking News
Home / ਹਫ਼ਤਾਵਾਰੀ ਫੇਰੀ / ਭਗਵੰਤ ਮਾਨ ਪੰਜਾਬ ਵਿਚ ‘ਆਪ’ ਦਾ ਮੁੱਖ ਮੰਤਰੀ ਚਿਹਰਾ

ਭਗਵੰਤ ਮਾਨ ਪੰਜਾਬ ਵਿਚ ‘ਆਪ’ ਦਾ ਮੁੱਖ ਮੰਤਰੀ ਚਿਹਰਾ

93.3 ਫੀਸਦ ਲੋਕਾਂ ਵਲੋਂ ਭਗਵੰਤ ਮਾਨ ਦੇ ਨਾਮ ‘ਤੇ ਮੋਹਰ : ਕੇਜਰੀਵਾਲ ਦਾ ਦਾਅਵਾ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੀਆਂ 20 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਲਈ ਆਮ ਆਦਮੀ ਪਾਰਟੀ (ਆਪ) ਵੱਲੋਂ ਭਗਵੰਤ ਮਾਨ ਮੁੱਖ ਮੰਤਰੀ ਦਾ ਚਿਹਰਾ ਹੋਵੇਗਾ। ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਮੁਹਾਲੀ ਕਲੱਬ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਦੇ ਚਿਹਰੇ ਵਜੋਂ ਭਗਵੰਤ ਮਾਨ ਦੇ ਨਾਮ ਦਾ ਰਸਮੀ ਐਲਾਨ ਕੀਤਾ। ਕੇਜਰੀਵਾਲ ਨੇ ਜਿਵੇਂ ਹੀ ਭਗਵੰਤ ਮਾਨ ਦੇ ਨਾਮ ਦਾ ਐਲਾਨ ਕੀਤਾ ਤਾਂ ਹਾਲ ਵਿੱਚ ਬੈਠੇ ‘ਆਪ’ ਵਲੰਟੀਅਰਾਂ ਨੇ ਢੋਲ ਨਗਾਰੇ ਵਜਾ ਕੇ ਭੰਗੜੇ ਪਾਉਣੇ ਸ਼ੁਰੂ ਕਰ ਦਿੱਤੇ। ਇਸ ਦੌਰਾਨ ਚਾਰ ਚੁਫੇਰੇ ਖੁਸ਼ੀ ਵਾਲਾ ਮਾਹੌਲ ਸੀ ਜਦੋਂਕਿ ਭਗਵੰਤ ਮਾਨ ਖ਼ੁਦ ਭਾਵੁਕ ਹੋ ਗਏ। ਧਿਆਨ ਰਹੇ ਕਿ ਪਿਛਲੇ ਦਿਨੀ
ਕੇਜਰੀਵਾਲ ਨੇ ਇਸੇ ਜਗ੍ਹਾ ਮੀਡੀਆ ਦੇ ਰੂਬਰੂ ਹੁੰਦਿਆਂ ਕਿਹਾ ਸੀ ਕਿ ਉਹ ਭਗਵੰਤ ਮਾਨ ਨੂੰ ਪਹਿਲਾਂ ਹੀ ਮੁੱਖ ਮੰਤਰੀ ਦਾ ਚਿਹਰਾ ਐਲਾਨਣਾ ਚਾਹੁੰਦੇ ਸਨ, ਪਰ ਮਾਨ ਨੇ ਖ਼ੁਦ ਜਵਾਬ ਦਿੰਦਿਆਂ ਕਿਹਾ ਸੀ ਕਿ ਲੋਕ ਜਿਸ ਨੂੰ ਚਾਹੁਣਗੇ, ਉਸ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨ ਦਿੱਤਾ ਜਾਵੇ। ਇਸ ਮਗਰੋਂ ਪਾਰਟੀ ਨੇ ਇੱਕ ਫੋਨ ਨੰਬਰ ਜਾਰੀ ਕਰਕੇ ਪੰਜਾਬ ਦੇ ਲੋਕਾਂ ਤੋਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਰਾਏ ਮੰਗੀ ਸੀ। ਇਹ ਨੰਬਰ 17 ਜਨਵਰੀ ਸ਼ਾਮ 5 ਵਜੇ ਤੱਕ ਖੁੱਲ੍ਹਾ ਰਿਹਾ। ਪਾਰਟੀ ਵੱਲੋਂ ਕੀਤੇ ਦਾਅਵੇ ਮੁਤਾਬਕ ਇਨ੍ਹਾਂ 96 ਘੰਟਿਆਂ ਦੌਰਾਨ 22 ਲੱਖ ਵਾਲੰਟੀਅਰਾਂ ਅਤੇ ਆਮ ਲੋਕਾਂ ਨੇ ਮੁੱਖ ਮੰਤਰੀ ਦੇ ਚਿਹਰੇ ਲਈ ਉਮੀਦਵਾਰ ਦਾ ਨਾਮ ਸੁਝਾਇਆ ਸੀ। ਇਨ੍ਹਾਂ ‘ਚੋਂ 93.3 ਫੀਸਦੀ ਲੋਕਾਂ ਵੱਲੋਂ ਭਗਵੰਤ ਮਾਨ ਦਾ ਨਾਮ ਲਿਆ ਗਿਆ।
ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ। ਕੇਜਰੀਵਾਲ ਨੇ ਆਪਣੇ ਸੰਬੋਧਨ ਵਿੱਚ ਕਿਹਾ, ”ਰਵਾਇਤੀ ਪਾਰਟੀਆਂ ਅਕਸਰ ਆਪਣੇ ਧੀ-ਪੁੱਤ, ਭਾਈ-ਭਤੀਜੇ ਅਤੇ ਨੂੰਹ ਨੂੰ ਸੱਤਾ ਸੌਂਪਦੀਆਂ ਹਨ।
ਭਗਵੰਤ ਮੇਰਾ ਛੋਟਾ ਭਰਾ ਹੈ, ਜੇਕਰ ਮੈਂ ਉਸ ਨੂੰ ਸਿੱਧੇ ਤੌਰ ‘ਤੇ ਮੁੱਖ ਮੰਤਰੀ ਦਾ ਚਿਹਰਾ ਐਲਾਨ ਦਿੰਦਾ ਤਾਂ ਸ਼ਾਇਦ ਲੋਕਾਂ ਨੇ ਕਹਿਣਾ ਸੀ ਕਿ ਮੈਂ ਆਪਣੇ ਭਰਾ ਨੂੰ ਬਣਾ ਦਿੱਤਾ ਹੈ। ਇਸ ਲਈ ਮੁੱਖ ਮੰਤਰੀ ਦਾ ਚਿਹਰਾ ਲੱਭਣ ਲਈ ਨਵੀਂ ਰਵਾਇਤ ਸ਼ੁਰੂ ਕੀਤੀ ਗਈ। ਦੇਸ਼ ਦੇ ਇਤਿਹਾਸ ਵਿੱਚ ਪਹਿਲੀ ਵਾਰ ਪੰਜਾਬ ਦੇ ਲੋਕਾਂ ਨੇ ਮੁੱਖ ਮੰਤਰੀ ਚਿਹਰੇ ਦੀ ਚੋਣ ਕੀਤੀ ਹੈ।”
ਕੇਜਰੀਵਾਲ ਨੇ ਦੱਸਿਆ ਕਿ ਲੋਕਾਂ ਵੱਲੋਂ ਸੁਝਾਅ ਦੇਣ ਮੌਕੇ ਸਾਢੇ 3 ਫੀਸਦੀ ਲੋਕਾਂ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਚੁਣਿਆ। ਕੇਜਰੀਵਾਲ ਨੇ ਐਲਾਨ ਕੀਤਾ ਕਿ ਪੰਜਾਬ ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਭਗਵੰਤ ਮਾਨ ਸੂਬੇ ਦੇ ਮੁੱਖ ਮੰਤਰੀ ਹੋਣਗੇ।
ਇਸ ਮੌਕੇ ਪਾਰਟੀ ਵੱਲੋਂ ਭਗਵੰਤ ਮਾਨ ਦੀ ਜ਼ਿੰਦਗੀ ਬਾਰੇ ਇਕ ਵੀਡੀਓ ਵੀ ਸਾਂਝੀ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੀ ਨਿੱਜੀ ਜ਼ਿੰਦਗੀ ਅਤੇ ਸਿਆਸਤ ਬਾਰੇ ਵਿਸਥਾਰਤ ਜਾਣਕਾਰੀ ਦਿੱਤੀ ਗਈ। ਵੀਡੀਓ ਵਿੱਚ ਭਗਵੰਤ ਮਾਨ ਦੀ ਜ਼ਿੰਦਗੀ ਨਾਲ ਜੁੜੇ ਹੋਰ ਕਿੱਸਿਆਂ ਨੂੰ ਵੀ ਸਾਂਝਾ ਕੀਤਾ ਗਿਆ। ਜਦੋਂ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਉਹ (ਮਾਨ) ਥੋੜ੍ਹੇ ਸਮੇਂ ਲਈ ਭਾਵੁਕ ਹੋ ਗਏ। ਕੇਜਰੀਵਾਲ ਨੇ ਭਗਵੰਤ ਮਾਨ ਦੇ ਨਾਂ ਦਾ ਐਲਾਨ ਕਰਨ ਤੋਂ ਬਾਅਦ ਮੰਚ ਉੱਤੇ ਮਾਨ ਨੂੰ ਕਲਾਵੇ ਵਿੱਚ ਲੈ ਕੇ ਵਧਾਈ ਦਿੱਤੀ। ਇਸ ਮੌਕੇ ਮਾਨ ਭਾਵੁਕ ਹੋ ਗਏ ਅਤੇ ਉਨ੍ਹਾਂ ਦੀਆਂ ਅੱਖਾਂ ਭਰ ਆਈਆਂ। ਇਸ ਮੌਕੇ ‘ਆਪ’ ਦੇ ਕੌਮੀ ਜਨਰਲ ਸਕੱਤਰ ਰਾਘਵ ਚੱਢਾ, ਪੰਜਾਬ ਮਾਮਲਿਆਂ ਦੇ ਇੰਚਾਰਜ ਜਰਨੈਲ ਸਿੰਘ, ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਤੇ ਵਿਧਾਇਕ ਹਰਪਾਲ ਸਿੰਘ ਚੀਮਾ, ਮੁਹਾਲੀ ਤੋਂ ਪਾਰਟੀ ਉਮੀਦਵਾਰ ਕੁਲਵੰਤ ਸਿੰਘ ਅਤੇ ਹੋਰ ਆਗੂ ਅਤੇ ‘ਆਪ’ ਦੇ ਲਗਪਗ ਸਾਰੇ ਉਮੀਦਵਾਰ ਅਤੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਭਗਵੰਤ ਮਾਨ ਦੀ ਮਾਂ ਤੇ ਭੈਣ ਵੀ ਹੋਈਆਂ ਭਾਵੁਕ : ਮੰਚ ‘ਤੇ ਬੋਲਦਿਆਂ ਭਾਵੁਕ ਹੋਈ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਨੇ ਕਿਹਾ ਕਿ ‘ਜਿਸ ਤਰ੍ਹਾਂ ਤੁਸੀਂ ਮੇਰੇ ਬੇਟੇ ਭਗਵੰਤ ਨੂੰ ਪਿਛਲੇ 30 ਸਾਲਾਂ ਤੋਂ ਪਿਆਰ ਅਤੇ ਸਮਰਥਨ ਦਿੱਤਾ ਹੈ, ਹੁਣ ਉਸੇ ਤਰ੍ਹਾਂ ਫਿਰ ਤੋਂ ਸਮਰਥਨ ਕਰਨਾ ਪਏਗਾ। ਪ੍ਰਮਾਤਮਾ ਪੰਜਾਬ ‘ਤੇ ਕਿਰਪਾ ਬਣਾਈ ਰੱਖੇ ਅਤੇ ਹਮੇਸ਼ਾ ਖ਼ੁਸ਼ ਰੱਖੇ।’ ਭਗਵੰਤ ਦੀ ਛੋਟੀ ਭੈਣ ਮਨਪ੍ਰੀਤ ਕੌਰ, ਜੋ ਪਟਿਆਲਾ ਦੇ ਇੱਕ ਪ੍ਰਾਈਵੇਟ ਸਕੂਲ ਵਿੱਚ ਅਧਿਆਪਕਾ ਹੈ, ਵੀ ਮੁੱਖ ਮੰਤਰੀ ਲਈ ਉਸ ਦੇ ਭਰਾ ਦੇ ਨਾਂ ਦਾ ਐਲਾਨ ਹੋਣ ਮੌਕੇ ਭਾਵੁਕ ਹੋ ਗਈ।

ਧੂਰੀ ਤੋਂ ਲੜਨਗੇ ਚੋਣ
ਚੰਡੀਗੜ੍ਹ : ਆਮ ਆਦਮੀ ਪਾਰਟੀ ਵਲੋਂ ਪੰਜਾਬ ‘ਚ ਮੁੱਖ ਮੰਤਰੀ ਚਿਹਰਾ ਐਲਾਨੇ ਗਏ ਭਗਵੰਤ ਮਾਨ ਧੂਰੀ ਵਿਧਾਨ ਸਭਾ ਹਲਕੇ ਤੋਂ ਚੋਣ ਲੜਨਗੇ। ਇਸਦੀ ਜਾਣਕਾਰੀ ਆਮ ਆਦਮੀ ਪਾਰਟੀ ਦੇ ਕੋ-ਇੰਚਾਰਜ ਰਾਘਵ ਚੱਢਾ ਵਲੋਂ ਚੰਡੀਗੜ੍ਹ ਵਿਚ ਪ੍ਰੈਸ ਕਾਨਫਰੰਸ ਕਰਕੇ ਦਿੱਤੀ ਗਈ ਹੈ। ਧਿਆਨ ਰਹੇ ਕਿ ਭਗਵੰਤ ਮਾਨ ਸੰਗਰੂਰ ਤੋਂ ਸੰਸਦ ਮੈਂਬਰ ਹਨ ਅਤੇ ਧੂਰੀ ਵਿਧਾਨ ਸਭਾ ਹਲਕਾ ਵੀ ਉਨ੍ਹਾਂ ਦੇ ਸੰਸਦੀ ਖੇਤਰ ਵਿਚ ਹੀ ਆਉਂਦਾ ਹੈ। ਕਾਂਗਰਸ ਪਾਰਟੀ ਵਲੋਂ ਦਲਜੀਤ ਸਿੰਘ ਗੋਲਡੀ, ਸੰਯੁਕਤ ਸਮਾਜ ਮੋਰਚਾ ਵਲੋਂ ਸਰਬਜੀਤ ਸਿੰਘ ਅਤੇ ਅਕਾਲੀ-ਬਸਪਾ ਗਠਜੋੜ ਵਲੋਂ ਪ੍ਰਕਾਸ਼ ਚੰਦ ਗਰਗ ਧੂਰੀ ਹਲਕੇ ਤੋਂ ਉਮੀਦਵਾਰ ਹਨ। ਭਾਜਪਾ, ਕੈਪਟਨ ਅਮਰਿੰਦਰ ਅਤੇ ਸੁਖਦੇਵ ਸਿੰਘ ਢੀਂਡਸਾ ਦੀ ਪਾਰਟੀ ਵਿਚਾਲੇ ਹੋਏ ਗਠਜੋੜ ਨੇ ਅਜੇ ਤੱਕ ਧੂਰੀ ਤੋਂ ਉਮੀਦਵਾਰ ਦਾ ਐਲਾਨ ਕਰਨਾ ਹੈ।

Check Also

ਕਾਂਗਰਸੀ ਆਗੂ ਨੇ ਪ੍ਰਧਾਨ ਮੰਤਰੀ ਦੀਆਂ ਗੱਲਾਂ ਹੁਣ ਹਲਕੀਆਂ ਲੱਗਣ ਦਾ ਕੀਤਾ ਦਾਅਵਾ

ਜੈਪੁਰ : ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਵਾਡਰਾ ਨੇ ਆਰੋਪ ਲਾਇਆ ਕਿ ਭਾਜਪਾ ਦੇਸ਼ ਵਿੱਚ ਸੰਵਿਧਾਨ …