Breaking News
Home / ਪੰਜਾਬ / ਰਾਣਾ ਗੁਰਜੀਤ ਨੂੰ ਕਾਂਗਰਸ ਪਾਰਟੀ ‘ਚੋਂ ਕੱਢਣ ਦੀ ਉਠੀ ਮੰਗ

ਰਾਣਾ ਗੁਰਜੀਤ ਨੂੰ ਕਾਂਗਰਸ ਪਾਰਟੀ ‘ਚੋਂ ਕੱਢਣ ਦੀ ਉਠੀ ਮੰਗ

ਕਈ ਕਾਂਗਰਸੀਆਂ ਨੇ ਸੋਨੀਆ ਗਾਂਧੀ ਨੂੰ ਲਿਖਿਆ ਪੱਤਰ – ਪੁੱਤਰ ਨੂੰ ਆਜ਼ਾਦ ਚੋਣ ਲੜਾਉਣ ਦਾ ਆਰੋਪ
ਜਲੰਧਰ/ਬਿਊਰੋ ਨਿਊਜ਼ : ਕਾਂਗਰਸ ਦੇ ਚਾਰ ਉਮੀਦਵਾਰਾਂ ਸੁਖਪਾਲ ਸਿੰਘ ਖਹਿਰਾ, ਨਵਤੇਜ ਸਿੰਘ ਚੀਮਾ, ਅਵਤਾਰ ਹੈਨਰੀ ਬਾਵਾ ਜੂਨੀਅਰ ਅਤੇ ਬਲਵਿੰਦਰ ਸਿੰਘ ਧਾਲੀਵਾਲ ਨੇ ਕਾਂਗਰਸ ਦੀ ਕੁੱਲ ਹਿੰਦ ਪ੍ਰਧਾਨ ਸੋਨੀਆ ਗਾਂਧੀ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਰਾਣਾ ਗੁਰਜੀਤ ਸਿੰਘ ਨੂੰ ਕਾਂਗਰਸ ਪਾਰਟੀ ‘ਚੋਂ ਕੱਢਿਆ ਜਾਵੇ, ਜਿਹੜੇ ਸੁਲਤਾਨਪੁਰ ਲੋਧੀ ਤੋਂ ਪਾਰਟੀ ਦੇ ਅਧਿਕਾਰਤ ਉਮੀਦਵਾਰ ਵਿਰੁੱਧ ਆਪਣੇ ਪੁੱਤਰ ਨੂੰ ਆਜ਼ਾਦ ਉਮੀਦਵਾਰ ਵਜੋਂ ਚੋਣ ਲੜਾ ਰਹੇ ਹਨ।
ਇਨ੍ਹਾਂ ਆਗੂਆਂ ਨੇ ਅੰਗਰੇਜ਼ੀ ਵਿੱਚ ਦੋ ਸਫ਼ਿਆਂ ਦਾ ਪੱਤਰ ਲਿਖਿਆ ਹੈ ਤੇ ਇਸ ਦਾ ਉਤਾਰਾ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ, ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਤੋਜ ਸਿੰਘ ਸਿੱਧੂ ਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੂੰ ਵੀ ਭੇਜਿਆ ਹੈ। ਆਗੂਆਂ ਨੇ ਲਿਖਿਆ ਕਿ ਰਾਣਾ ਗੁਰਜੀਤ ਸਿੰਘ ‘ਤੇ ਰੇਤ ਮਾਫ਼ੀਆ ਦੇ ਕਾਰੋਬਾਰ ਨਾਲ ਜੁੜੇ ਹੋਣ ਦਾ ਆਰੋਪ ਲੱਗਦਾ ਆ ਰਿਹਾ ਹੈ, ਜਿਸ ਕਰਕੇ ਉਨ੍ਹਾਂ ਨੂੰ ਸਰਕਾਰ ਬਣਨ ਦੇ 10 ਮਹੀਨਿਆਂ ਬਾਅਦ ਹੀ ਮੰਤਰੀ ਮੰਡਲ ‘ਚੋਂ ਕੱਢਣਾ ਪਿਆ ਸੀ।
ਉਨ੍ਹਾਂ ਆਰੋਪ ਲਾਇਆ ਕਿ ਰਾਣਾ ਗੁਰਜੀਤ ਸਿੰਘ ਦੋਆਬੇ ਖਿੱਤੇ ਵਿੱਚ ਕਾਂਗਰਸ ਨੂੰ ਕਮਜ਼ੋਰ ਕਰਨ ‘ਚ ਲੱਗੇ ਹੋਏ ਹਨ ਤੇ ਉਹ ਸੁਲਤਾਨਪੁਰ ਲੋਧੀ, ਭੁਲੱਥ, ਫਗਵਾੜਾ ਤੇ ਜਲੰਧਰ ਉੱਤਰੀ ਹਲਕਿਆਂ ਦੇ ਉਮੀਦਵਾਰਾਂ ਲਈ ਪ੍ਰੇਸ਼ਾਨੀਆਂ ਖੜ੍ਹੀਆਂ ਕਰਦੇ ਹਨ।
ਆਗੂਆਂ ਨੇ ਸੋਨੀਆ ਗਾਂਧੀ ਨੂੰ ਮੁਖਾਤਿਬ ਹੁੰਦਿਆਂ ਆਰੋਪ ਲਾਇਆ ਕਿ ਜਦੋਂ ਤੋਂ ਰਾਣਾ ਗੁਰਜੀਤ ਸਿੰਘ ਨੂੰ ਮੁੜ ਤੋਂ ਮੰਤਰੀ ਮੰਡਲ ਵਿੱਚ ਸ਼ਾਮਲ ਕੀਤਾ ਗਿਆ ਹੈ, ਉਨ੍ਹਾਂ ਦਾ ਪੁੱਤਰ ਰਾਣਾ ਇੰਦਰਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਦੋ ਵਾਰ ਜਿੱਤੇ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਲਈ ਮੁਸ਼ਕਲਾਂ ਖੜ੍ਹੀਆਂ ਕਰ ਰਿਹਾ ਹੈ। ਉਨ੍ਹਾਂ ਆਰੋਪ ਲਾਇਆ ਕਿ ਰਾਣਾ ਗੁਰਜੀਤ ਸਿੰਘ ਦੀ ਕੈਪਟਨ ਅਮਰਿੰਦਰ ਸਿੰਘ ਨਾਲ ਨੇੜਤਾ ਜੱਗ ਜ਼ਾਹਰ ਹੈ ਤੇ ਉਹ ਭਾਜਪਾ ਦੇ ਇਸ਼ਾਰੇ ‘ਤੇ ਕਾਂਗਰਸ ਨੂੰ ਕਮਜ਼ੋਰ ਕਰਨ ‘ਚ ਲੱਗੇ ਹੋਏ ਹਨ।

Check Also

ਅਮਰੀਕਾ ਨੇ 112 ਹੋਰ ਭਾਰਤੀਆਂ ਨੂੰ ਕੀਤਾ ਡਿਪੋਰਟ

ਡਿਪੋਰਟ ਕੀਤੇ ਜਾਣ ਵਾਲਿਆਂ 31 ਪੰਜਾਬੀ ਵੀ ਸ਼ਾਮਲ ਅੰਮਿ੍ਰਤਸਰ/ਬਿਊਰੋ ਨਿਊਜ਼ : ਅਮਰੀਕਾ ਤੋਂ 31 ਪੰਜਾਬੀਆਂ …