ਕਿਹਾ : ਕਾਂਗਰਸ ਮੁੜ ਸੱਤਾ ‘ਚ ਆਈ ਤਾਂ ‘ਮਾਫੀਆ ਰਾਜ’ ਦਾ ਭੋਗ ਪਏਗਾ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਨੇ ‘ਆਪ’ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਨਿਸ਼ਾਨਾ ਸੇਧਦਿਆਂ ਉਸ ਨੂੰ ‘ਸਿਆਸੀ ਯਾਤਰੂ ਅਤੇ ਪ੍ਰਵਾਸੀ ਪੰਛੀ’ ਕਰਾਰ ਦਿੱਤਾ। ਉਨ੍ਹਾਂ ਆਰੋਪ ਲਾਇਆ ਕਿ ਉਹ ਕਾਂਗਰਸ ਦੇ ਪੰਜਾਬ ਮਾਡਲ ਦੀ ਨਕਲ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕੇਜਰੀਵਾਲ ਨੇ ਅੱਜ ਤਕ ਪੰਜਾਬ ਵਾਸੀਆਂ ਨੂੰ ਇਹ ਨਹੀਂ ਦੱਸਿਆ ਕਿ ਉਨ੍ਹਾਂ ਵਲੋਂ ਦਿੱਤੀਆਂ ਜਾ ਰਹੀਆਂ ਗਰੰਟੀਆਂ ਲਈ ਰਕਮ ਕਿੱਥੋਂ ਆਵੇਗੀ।
ਨਵਜੋਤ ਸਿੰਘ ਸਿੱਧੂ ਨੇ ਵਾਅਦਾ ਕੀਤਾ ਕਿ ਜੇਕਰ ਕਾਂਗਰਸ ਮੁੜ ਸੱਤਾ ਵਿਚ ਆਈ ਤਾਂ ਹਰ ਤਰ੍ਹਾਂ ਦਾ ਮਾਫੀਆ ਰਾਜ ਖ਼ਤਮ ਹੋਵੇਗਾ। ਉਨ੍ਹਾਂ ਕਿਹਾ ਕਿ ‘ਜਾਂ ਸਿੱਧੂ ਰਹੇਗਾ ਜਾਂ ਮਾਫੀਆ ਰਾਜ’। ਉਨ੍ਹਾਂ ਕਿਹਾ ਕਿ ਬਕਾਇਆ 13 ਨੁਕਾਤੀ ਏਜੰਡਾ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਵੇਗਾ। ਸਿੱਧੂ ਅੰਮ੍ਰਿਤਸਰ ਵਿਖੇ ਆਪਣੇ ਗ੍ਰਹਿ ਵਿਖੇ ਮੀਡੀਆ ਨਾਲ ਗੱਲਬਾਤ ਕਰ ਰਹੇ ਸਨ। ਉਨ੍ਹਾਂ ਬਸਪਾ ਆਗੂ ਤਰਸੇਮ ਸਿੰਘ ਭੋਲਾ ਨੂੰ ਸਾਥੀਆਂ ਸਮੇਤ ਕਾਂਗਰਸ ਵਿਚ ਜੀ ਆਇਆਂ ਆਖਿਆ। ਉਨ੍ਹਾਂ ਪੰਜਾਬ ਵਿਧਾਨ ਸਭਾ ਚੋਣਾਂ 14 ਫਰਵਰੀ ਦੀ ਥਾਂ 20 ਫਰਵਰੀ ਨੂੰ ਕਰਵਾਉਣ ਦੇ ਚੋਣ ਕਮਿਸ਼ਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ। ਸਿੱਧੂ ਨੇ ਕਿਹਾ ਕਿ ਕਾਂਗਰਸ ਦਾ ਬਕਾਇਆ 13 ਨੁਕਾਤੀ ਏਜੰਡਾ ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਦੇ ਚੋਣ ਮਨੋਰਥ ਪੱਤਰ ਦਾ ਹਿੱਸਾ ਹੋਵੇਗਾ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ਨਾਲ ਗੱਲ ਹੋਣ ਤੋਂ ਬਾਅਦ ਹੀ ਉਨ੍ਹਾਂ ਇਹ ਖੁਲਾਸਾ ਕੀਤਾ ਹੈ ਜਦੋਂਕਿ ‘ਪੰਜਾਬ ਮਾਡਲ’ ਦੇ ਦੂਜੇ ਹਿੱਸੇ ਦਾ ਖੁਲਾਸਾ ਵੀ ਜਲਦੀ ਕਰਨਗੇ।
ਪੰਜਾਬ ਦੇ ਲੋਕਾਂ ਨੂੰ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਦਿੱਤਾ ਜਾਵੇਗਾ, ਨਸ਼ੇ ਤੇ ਮਾਫੀਆ ਰਾਜ ਨੂੰ ਖਤਮ ਕੀਤਾ ਜਾਵੇਗਾ। ਲੋਕਾਂ ਦੇ ਕੰਮ ਤੁਰੰਤ ਕਰਨ ਲਈ ਈ-ਪੋਰਟਲ ਸਿਸਟਮ ਲਾਗੂ ਕੀਤਾ ਜਾਵੇਗਾ।
ਕਾਂਗਰਸ ਦੀ ਸਾਰੀ ਜੂਠ ਆਮ ਆਦਮੀ ਪਾਰਟੀ ਕੋਲ
ਅੰਮ੍ਰਿਤਸਰ : ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਅੱਜ ਅੰਮ੍ਰਿਤਸਰ ਵਿਚ ਪ੍ਰੈਸ ਕਾਨਫਰੰਸ ਕੀਤੀ ਗਈ। ਪੰਜਾਬ ਵਿਚ ਚੋਣਾਂ ਅੱਗੇ ਪਾਉਣ ਲਈ ਚੋਣ ਕਮਿਸ਼ਨ ਦੇ ਫੈਸਲੇ ਦਾ ਵੀ ਸਿੱਧੂ ਨੇ ਸਵਾਗਤ ਕੀਤਾ। ਇਸ ਮੌਕੇ ਨਵਜੋਤ ਸਿੱਧੂ ਨੇ ‘ਆਪ’ ਵਲੋਂ ਪੰਜਾਬ ਚੋਣਾਂ ਲਈ ਐਲਾਨੇ ਉਮੀਦਵਾਰਾਂ ‘ਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਕੋਲ ਕਾਂਗਰਸ ਦੀ ਸਾਰੀ ਜੂਠ ਹੈ।
ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਇਸ ਵਾਰ ਏਜੰਡੇ ‘ਤੇ ਚੋਣਾਂ ਲੜਨ ਜਾ ਰਹੀ ਹੈ। ਅਸੀਂ ਅਰਵਿੰਦ ਕੇਜਰੀਵਾਲ ਦੀ ਤਰ੍ਹਾਂ ਪੰਜਾਬ ਦੇ ਲੋਕਾਂ ਨੂੰ ਲੌਲੀਪੌਪ ਨਹੀਂ ਦਿਆਂਗੇ। ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਮਾਡਲ ਦੇ ਤਹਿਤ ਹੀ ਪੰਜਾਬ ਦੇ ਲੋਕਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ ਕੀਤਾ ਹੈ। ਇਸ ਮੌਕੇ ਸਿੱਧੂ ਨੇ ਫਿਰ ਕਿਹਾ ਕਿ ਪੰਜਾਬ ਵਿਚ ਪੜ੍ਹਾਈ ਨੂੰ ਲੈ ਕੇ ਕੁੜੀਆਂ ਨੂੰ ਵਿਸ਼ੇਸ਼ ਸਹੂਲਤਾਂ ਦਿੱਤੀਆਂ ਜਾਣਗੀਆਂ।
ਆਮ ਆਦਮੀ ਪਾਰਟੀ ਨੂੰ ਲਾੜਾ ਤਾਂ ਮਿਲ ਗਿਆ ਪਰ ਵਿਆਹ ਦਾ ਫੈਸਲਾ ਲੋਕ ਕਰਨਗੇ : ਸਿੱਧੂ
ਪੰਜਾਬ ਕਾਂਗਰਸ ਪ੍ਰਧਾਨ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਐਲਾਨੇ ਜਾਣ ‘ਤੇ ਵਧਾਈ ਦਿੱਤੀ
ਅੰਮ੍ਰਿਤਸਰ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਵਾਸਤੇ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਲਈ ਭਗਵੰਤ ਮਾਨ ਨੂੰ ਉਮੀਦਵਾਰ ਐਲਾਨੇ ਜਾਣ ‘ਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਖਿਆ ਕਿ ‘ਆਪ’ ਨੂੰ ਲਾੜਾ ਤਾਂ ਮਿਲ ਗਿਆ ਹੈ ਪਰ ਵਿਆਹ ਕਰਨਾ ਜਾਂ ਨਹੀਂ, ਇਹ ਫ਼ੈਸਲਾ ਪੰਜਾਬ ਦੇ ਲੋਕ ਕਰਨਗੇ। ਉਨ੍ਹਾਂ ਕਿਹਾ ਕਿ ਫਿਲਹਾਲ ‘ਦਿੱਲੀ ਬੜੀ ਦੂਰ ਹੈ’। ਸਿੱਧੂ ਅੰਮ੍ਰਿਤਸਰ ਪੂਰਬੀ ਵਿਧਾਨ ਸਭਾ ਹਲਕੇ ਵਿੱਚ ਲੋਕਾਂ ਨੂੰ ਮਿਲਣ ਲਈ ਪਹੁੰਚੇ ਹੋਏ ਸਨ। ਮੀਡੀਆ ਨਾਲ ਗੱਲ ਕਰਦਿਆਂ ਸਿੱਧੂ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਉਮੀਦਵਾਰ ਬਣਾਏ ਜਾਣ ‘ਤੇ ਵਧਾਈ ਦਿੱਤੀ ਹੈ। ਇਸ ਸਬੰਧੀ ਕਾਂਗਰਸ ਹਾਈਕਮਾਂਡ ਦੇ ਨਜ਼ਰੀਏ ਬਾਰੇ ਗੱਲ ਕਰਦਿਆਂ ਸਿੱਧੂ ਦੀ ਮਾਯੂਸੀ ਤੇ ਨਿਰਾਸ਼ਾ ਵੀ ਉਨ੍ਹਾਂ ਦੇ ਸ਼ਬਦਾਂ ਵਿੱਚ ਸਾਫ਼ ਦਿਖਾਈ ਦਿੱਤੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਂਡ ‘ਬਹੁਤ ਸਿਆਣੀ’ ਹੈ, ਉਹ ਜੋ ਵੀ ਫ਼ੈਸਲਾ ਕਰੇਗੀ, ਲੋਕ ਹਿਤ ਵਿੱਚ ਹੋਵੇਗਾ। ਜ਼ਿਕਰਯੋਗ ਹੈ ਕਿ ਸਿੱਧੂ ਕਾਂਗਰਸ ਹਾਈਕਮਾਂਡ ਕੋਲ ਕਾਂਗਰਸ ਵੱਲੋਂ ਮੁੱਖ ਮੰਤਰੀ ਦਾ ਉਮੀਦਵਾਰ ਐਲਾਨਣ ਦੀ ਮੰਗ ਕਰ ਚੁੱਕੇ ਹਨ ਪਰ ਉਨ੍ਹਾਂ ਦੀ ਮੰਗ ਨੂੰ ਅਣਡਿੱਠਾ ਕੀਤਾ ਗਿਆ ਹੈ।
ਪੰਜਾਬ ਮਾਡਲ ਦੀ ਗੱਲ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਨੇ ਕਿਹਾ ਕਿ ਉਹ ਪੰਜਾਬ ਦੀ ਤਰੱਕੀ ਦੇ ਏਜੰਡੇ ਅਤੇ ਰੋਡ ਮੈਪ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਲਾਰੇ-ਲੱਪੇ ਲਾ ਕੇ ਸੱਤਾ ਹਾਸਲ ਕਰਨ ਦੇ ਮੁੱਦੇ ਨਾਲ ਉਹ ਨਹੀਂ ਖੜ੍ਹਦੇ। ਉਨ੍ਹਾਂ ਉਮੀਦ ਪ੍ਰਗਟਾਈ ਕਿ ਪੰਜਾਬ ਦੇ ਲੋਕ ਚੋਣਾਂ ਦੌਰਾਨ ਪੰਜਾਬ ਦੇ ਵਿਕਾਸ ਦੇ ਏਜੰਡੇ ਨੂੰ ਵੋਟ ਪਾਉਣਗੇ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਇੱਕ ਰਿਸ਼ਤੇਦਾਰ ਦੇ ਘਰ ਈਡੀ ਵੱਲੋਂ ਮਾਰੇ ਛਾਪੇ ਸਬੰਧੀ ਸਿੱਧੂ ਨੇ ਆਖਿਆ ਕਿ ਛਾਪਾ ਪੈਣ ਦਾ ਮਤਲਬ ਦੋਸ਼ੀ ਸਾਬਤ ਨਹੀਂ ਕਰਦਾ ਹੈ। ਬਿਨਾਂ ਕਿਸੇ ਦਾ ਨਾਂ ਲਏ ਉਨ੍ਹਾਂ ਕਿਹਾ ਕਿ ਪਹਿਲਾਂ ਵੀ ਈਡੀ ਦੇ ਛਾਪੇ ਮਾਰ ਕੇ ਲੋਕਾਂ ਦੀ ਜਬਰੀ ਬਾਂਹ ਮਰੋੜੀ ਗਈ ਹੈ, ਪਰ ਜਿਸ ਕਿਸੇ ‘ਤੇ ਵੀ ਈਡੀ ਦਾ ਛਾਪਾ ਪਿਆ ਹੈ, ਉਸ ਨੂੰ ਇਸ ਬਾਰੇ ਲੋਕਾਂ ਨੂੰ ਸਪੱਸ਼ਟ ਕਰਨਾ ਪਵੇਗਾ।