ਜਲੰਧਰ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਲੰਧਰ ‘ਚ ਪਾਰਟੀ ਵਰਕਰਾਂ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਭਾਵੇਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦਾ ਚਿਹਰਾ ਐਲਾਨਿਆ ਹੈ ਪਰ ਉਹ ਇੱਕ ਡੰਮੀ ਚਿਹਰੇ ਵਜੋਂ ਵਿਚਰਨਗੇ, ਅਸਲ ਤਾਕਤ ਅਰਵਿੰਦ ਕੇਜਰੀਵਾਲ ਦੇ ਹੱਥਾਂ ਵਿੱਚ ਰਹੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ‘ਇੱਕ ਮੌਕਾ ਕੇਜਰੀਵਾਲ ਨੂੰ’ ਦੇ ਨਾਅਰੇ ਹੇਠ ਪੰਜਾਬ ਚੋਣਾਂ ਲਈ ਮੁਹਿੰਮ ਚਲਾ ਰਹੀ ਹੈ। ਹੁਣ ਜਦੋਂ ਪਾਰਟੀ ਨੇ ਆਪਣਾ ਨਾਅਰਾ ‘ਇੱਕ ਮੌਕਾ ਭਗਵੰਤ ਮਾਨ ਨੂੰ’ ਕਰ ਦਿੱਤਾ ਹੈ ਤਾਂ ਕੀ ਉਹ ਸੂਬੇ ਭਰ ਵਿੱਚ ਲੱਗੇ ਆਪਣੇ ਬੋਰਡ ਲਾਹ ਦੇਣਗੇ? ਉਨ੍ਹਾਂ ਕਿਹਾ ਕਿ ਅਜਿਹਾ ਨਹੀਂ ਹੋਣ ਵਾਲਾ ਕਿਉਂਕਿ ਕੇਜਰੀਵਾਲ ਹੀ ਪੰਜਾਬ ਵਿੱਚ ਪਾਰਟੀ ਦਾ ਅਸਲ ਚਿਹਰਾ ਹਨ।
ਸੁਖਬੀਰ ਨੇ ਕਿਹਾ ਕਿ ‘ਆਪ’ ਨੇ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਾ ਕੇ ਬਹੁਤ ਵੱਡੀ ਗਲਤੀ ਕੀਤੀ ਹੈ। ਉਹ ਸੂਬੇ ਦੀ ਅਗਵਾਈ ਕਰਨ ਦੇ ਯੋਗ ਹੀ ਨਹੀਂ ਹੈ। ਉਨ੍ਹਾਂ ਕਿਹਾ ਕਿ ਪੰਜਾਬੀ ਕਦੇ ਵੀ ਉਨ੍ਹਾਂ ਦੀ ਲੀਡਰਸ਼ਿਪ ‘ਤੇ ਭਰੋਸਾ ਨਹੀਂ ਪ੍ਰਗਟਾ ਸਕਦੇ। ਸੁਖਬੀਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਭਗਵੰਤ ਮਾਨ ਨੂੰ ਮੁੱਖ ਮੰਤਰੀ ਦੇ ਉਮੀਦਵਾਰ ਵਜੋਂ ਐਲਾਨਣਾ ‘ਅੱਕ ਚੱਬਣ’ ਦੇ ਬਰਾਬਰ ਹੈ। ਉਨ੍ਹਾਂ ਕਿਹਾ ਕਿ ਜਦੋਂ ਕੋਈ ਵੀ ਆਗੂ ਮੁੱਖ ਮੰਤਰੀ ਦੇ ਅਹੁਦੇ ਲਈ ਉਮੀਦਵਾਰ ਬਣਨ ਲਈ ਰਾਜ਼ੀ ਨਾ ਹੋਇਆ ਤਾਂ ‘ਆਪ’ ਭਗਵੰਤ ਮਾਨ ਨੂੰ ਉਮੀਦਵਾਰ ਐਲਾਨ ਕੇ ਮੈਦਾਨ ਛੱਡ ਕੇ ਭੱਜ ਗਈ ਹੈ। ਕੇਜਰੀਵਾਲ ਕਦੇ ਵੀ ਭਗਵੰਤ ਮਾਨ ਨੂੰ ਪਾਰਟੀ ਦਾ ਚਿਹਰਾ ਨਹੀਂ ਬਣਾਉਣਾ ਚਾਹੁੰਦੇ ਸਨ।