Breaking News
Home / ਪੰਜਾਬ / ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ

ਸਰਵਣ ਸਿੰਘ ਫਿਲੌਰ ਨੂੰ ਪਾਰਟੀ ‘ਚ ਬਣਦਾ ਮਾਣ ਸਤਿਕਾਰ ਦਿਆਂਗੇ : ਸੁਖਦੇਵ ਸਿੰਘ ਢੀਂਡਸਾ
ਮੁਹਾਲੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਅਤੇ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ ਅੱਜ ਸੁਖਦੇਵ ਸਿੰਘ ਢੀਂਡਸਾ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ। ਉਹ ਪਿਛਲੀ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੀ ਸਰਕਾਰ ਵਿੱਚ ਕੈਬਨਿਟ ਮੰਤਰੀ ਅਤੇ ਵਿਧਾਨ ਸਭਾ ਦੇ ਸਪੀਕਰ ਰਹਿ ਚੁੱਕੇ ਹਨ। ਨਸ਼ਿਆਂ ਦੇ ਮਾਮਲੇ ਵਿੱਚ ਨਾਮ ਆਉਣ ਤੋਂ ਬਾਅਦ ਕੁੱਝ ਸਮਾਂ ਪਹਿਲਾਂ ਸਰਵਣ ਸਿੰਘ ਫਿਲੌਰ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ। ਅੱਜ ਉਹ ਕਾਂਗਰਸ ਨੂੰ ਅਲਵਿਦਾ ਆਖ ਕੇ ਸੁਖਦੇਵ ਸਿੰਘ ਢੀਂਡਸਾ ਦੀ ਨਵੀਂ ਪਾਰਟੀ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਿੱਚ ਸ਼ਾਮਲ ਹੋ ਗਏ ਹਨ। ਇਹ ਐਲਾਨ ਉਨ੍ਹਾਂ ਮੁਹਾਲੀ ਵਿਖੇ ਪਾਰਟੀ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਸਕੱਤਰ ਜਨਰਲ ਰਣਜੀਤ ਸਿੰਘ ਤਲਵੰਡੀ ਦੀ ਮੌਜੂਦਗੀ ਵਿੱਚ ਕੀਤਾ।
ਇਸ ਮੌਕੇ ਸਰਵਣ ਸਿੰਘ ਫਿਲੌਰ ਦੇ ਪੁੱਤਰ ਦਮਨਜੀਤ ਸਿੰਘ ਤੇ ਹੋਰ ਸਮਰਥਕ ਵੀ ਹਾਜ਼ਰ ਸਨ। ਢੀਂਡਸਾ ਨੇ ਪਾਰਟੀ ਵਿੱਚ ਸ਼ਾਮਲ ਹੋਣ ‘ਤੇ ਫਿਲੌਰ ਦਾ ਨਿੱਘਾ ਸਵਾਗਤ ਕਰਦਿਆਂ ਪਾਰਟੀ ਵਿੱਚ ਬਣਦਾ ਮਾਣ-ਸਨਮਾਨ ਦੇਣ ਦਾ ਭਰੋਸਾ ਦਿੱਤਾ। ਢੀਂਡਸਾ ਨੇ ਕਿਹਾ ਕਿ ਫਿਲੌਰ ਦੇ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਸ਼੍ਰੋਮਣੀ ਅਕਾਲੀ ਦਲ ਸੰਯੁਕਤ ਵਧੇਰੇ ਮਜ਼ਬੂਤ ਹੋਵੇਗਾ।
ਸਾਰੀਆਂ ਪਾਰਟੀਆਂ ਨਸ਼ਾ, ਰੇਤ ਤੇ ਟਰਾਂਸਪੋਰਟ ਮਾਫ਼ੀਆ ਦੇ ਹੱਥਾਂ ਵਿੱਚ : ਫਿਲੌਰ
ਸਰਵਣ ਸਿੰਘ ਫਿਲੌਰ ਨੇ ਕਿਹਾ ਕਿ ਕਾਂਗਰਸ ਅਤੇ ਅਕਾਲੀ ਦਲ ਵਰਗੀਆਂ ਸਾਰੀਆਂ ਪਾਰਟੀਆਂ ਨਸ਼ਾ, ਰੇਤ ਅਤੇ ਟਰਾਂਸਪੋਰਟ ਮਾਫ਼ੀਆ ਦੇ ਹੱਥਾਂ ਵਿੱਚ ਹਨ, ਜੋ ਰਾਜ ਦੇ ਜ਼ਰੂਰੀ ਅਤੇ ਕੀਮਤੀ ਹਿੱਸੇ ਨੂੰ ਲੁੱਟ ਕੇ ਖਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਮੰਗ ਪੱਤਰ ਸੌਂਪ ਕੇ ਉਨ੍ਹਾਂ ਦਾ ਧਿਆਨ ਸੂਬੇ ਵਿੱਚ ਨਸ਼ਾ-ਰੇਤ ਮਾਫ਼ੀਆ ਅਤੇ ਹੋਰ ਸਮੱਸਿਆਵਾਂ ਵੱਲ ਖਿੱਚਿਆ ਪਰ ਉਨ੍ਹਾਂ ਵੀ ਕੁਝ ਕਰਨ ਤੋਂ ਅਸਮਰੱਥਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਕਿਸੇ ਵੀ ਕਾਂਗਰਸੀ ਆਗੂ ਨੇ ਡਰੱਗ ਅਤੇ ਭੂ-ਮਾਫ਼ੀਆ ‘ਤੇ ਤਿੱਖਾ ਹਮਲਾ ਕਰਨ ਦੀ ਹਿੰਮਤ ਨਹੀਂ ਕੀਤੀ।

 

Check Also

ਭਾਜਪਾ ਆਗੂ ਰੌਬਿਨ ਸਾਂਪਲਾ ਆਮ ਆਦਮੀ ਪਾਰਟੀ ’ਚ ਸ਼ਾਮਲ

ਸਾਬਕਾ ਮੰਤਰੀ ਵਿਜੇ ਸਾਂਪਲਾ ਦੇ ਨਜ਼ਦੀਕੀ ਰਿਸ਼ਤੇਦਾਰ ਹਨ ਰੌਬਿਨ ਸਾਂਪਲਾ ਜਲੰਧਰ/ਬਿਊਰੋ ਨਿਊਜ਼ ਲੋਕ ਸਭਾ ਚੋਣਾਂ …