ਅਦਾਲਤ ਨੇ ਪੰਜਾਬ ਸਰਕਾਰ ਕੋਲੋਂ 27 ਜਨਵਰੀ ਤੱਕ ਮੰਗਿਆ ਜਵਾਬ
ਮੁਹਾਲੀ/ਬਿਊਰੋ ਨਿਊਜ਼
ਮਨੀ ਲਾਂਡਰਿੰਗ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ ਅਤੇ ਕਾਂਗਰਸ ਪਾਰਟੀ ਨੇ ਖਹਿਰਾ ਨੂੰ ਭੁਲੱਥ ਹਲਕੇ ਤੋਂ ਉਮੀਦਵਾਰ ਵੀ ਬਣਾਇਆ ਹੋਇਆ ਹੈ। ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਅੱਜ 25 ਜਨਵਰੀ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਵੀ ਸ਼ੁਰੂ ਹੋ ਚੁੱਕਾ ਹੈ ਅਤੇ ਕਈ ਉਮੀਦਵਾਰਾਂ ਨੇ ਅੱਜ ਨਾਮਜ਼ਦਗੀ ਪਰਚੇ ਭਰ ਵੀ ਦਿੱਤੇ ਹਨ। ਇਸਦੇ ਚੱਲਦਿਆਂ ਸੁਖਪਾਲ ਸਿੰਘ ਖਹਿਰਾ ਨੇ ਨਾਮਜ਼ਦਗੀ ਪੱਤਰ ਭਰਨ ਨੂੰ ਲੈ ਕੇ ਮੁਹਾਲੀ ਅਦਾਲਤ ਤੱਕ ਪਹੁੰਚ ਕੀਤੀ ਹੈ। ਇਸ ਨੂੰ ਲੈ ਕੇ ਖਹਿਰਾ ਦੇ ਵਕੀਲ ਨੇ ਮੁਹਾਲੀ ਦੀ ਸਪੈਸ਼ਲ ਕੋਰਟ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਵਿਚ ਕਿਹਾ ਗਿਆ ਹੈ ਕਿ ਪੰਜਾਬ ਵਿਧਾਨ ਸਭਾ ਚੋਣਾਂ ਲਈ ਹਲਕਾ ਭੁਲੱਥ ਤੋਂ ਸੁਖਪਾਲ ਸਿੰਘ ਖਹਿਰਾ ਉਮੀਦਵਾਰ ਹਨ, ਜਿਨ੍ਹਾਂ ਨੇ ਭੁਲੱਥ ਵਿਖੇ ਰਿਟਰਨਿੰਗ ਅਫਸਰ ਕੋਲ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਵਾਉਣੇ ਹਨ। ਇਸ ਲਈ ਅਸੀਂ ਅਦਾਲਤ ਨੂੰ ਅਪੀਲ ਕਰਦੇ ਹਾਂ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੁਰੱਖਿਆ ਪ੍ਰਬੰਧਾਂ ਹੇਠ ਪਟਿਆਲਾ ਜੇਲ੍ਹ ਤੋਂ ਭੁਲੱਥ ਵਿਖੇ ਲਿਜਾ ਕੇ ਉਨ੍ਹਾਂ ਦੇ ਨਾਮਜ਼ਦਗੀ ਪੇਪਰ ਦਾਖਲ ਕਰਵਾਏ ਜਾਣ। ਉਧਰ ਦੂਜੇ ਪਾਸੇ ਖਹਿਰਾ ਦੇ ਵਕੀਲ ਦੀ ਇਸ ਅਪੀਲ ’ਤੇ ਮੋਹਾਲੀ ਦੀ ਸਪੈਸ਼ਲ ਕੋਰਟ ਨੇ 27 ਜਨਵਰੀ ਤੱਕ ਪੰਜਾਬ ਸਰਕਾਰ ਕੋਲੋਂ ਜਵਾਬ ਮੰਗ ਲਿਆ ਹੈ।