ਰੰਧਾਵਾ ਨੇ ਮਜੀਠੀਆ ਵਲੋਂ ਲਗਾਏ ਆਰੋਪਾਂ ਦਾ ਦਿੱਤਾ ਜਵਾਬ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਡਿਪਟੀ ਸੀਐਮ ਸੁਖਜਿੰਦਰ ਸਿੰਘ ਰੰਧਾਵਾ ਨੇ ਬਿਕਰਮ ਮਜੀਠੀਆ ਵਲੋਂ ਲਾਏ ਆਰੋਪਾਂ ਦਾ ਜਵਾਬ ਦਿੰਦਿਆਂ ਤਿੱਖਾ ਸਿਆਸੀ ਹਮਲਾ ਕੀਤਾ ਹੈ। ਰੰਧਾਵਾ ਨੇ ਕਿਹਾ ਕਿ ਮੇਰੇ ਪਰਿਵਾਰ ਨੂੰ ਕਿਸੇ ਨਸ਼ਾ ਤਸਕਰ ਕੋਲੋਂ ਰਾਸ਼ਟਰਵਾਦ ਦੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਜ਼ਿਕਰਯੋਗ ਹੈ ਕਿ ਮਜੀਠੀਆ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਸੁਖਜਿੰਦਰ ਸਿੰਘ ਰੰਧਾਵਾ ਦੇ ਪਿਤਾ ਸੰਤੋਖ ਸਿੰਘ ਰੰਧਾਵਾ ’ਤੇ ਪਾਕਿਸਤਾਨ ਦੀ ਖੁਫੀਆ ਏਜੰਸੀ ਆਈ.ਐਸ.ਆਈ. ਨਾਲ ਸਬੰਧਾਂ ਦੇ ਇਲਜ਼ਾਮ ਲਗਾਏ ਸਨ। ਇਸ ’ਤੇ ਪਲਟਵਾਰ ਕਰਦਿਆਂ ਰੰਧਾਵਾ ਨੇ ਕਿਹਾ ਕਿ ਸਾਰਾ ਪੰਜਾਬ ਜਾਣਦਾ ਹੈ ਕਿ ਬਿਕਰਮ ਮਜੀਠੀਆ ਪੰਜਾਬ ਵਿਚ ਡਰੱਗ ਦੀ ਸਪਲਾਈ ਲਈ ਜ਼ਿੰਮੇਵਾਰ ਹੈ ਤੇ ਸਾਡੇ ਪਰਿਵਾਰ ਨੂੰ ਅਜਿਹੇ ਨਸ਼ਾ ਤਸਕਰ ਕੋਲੋਂ ਦੇਸ਼ ਭਗਤੀ ਦੇ ਕਿਸੇ ਸਰਟੀਫਿਕੇਟ ਦੀ ਲੋੜ ਨਹੀਂ ਹੈ। ਧਿਆਨ ਰਹੇ ਕਿ ਇਸ ਤੋਂ ਪਹਿਲਾਂ ਰੰਧਾਵਾ ਨੇ ਕਿਹਾ ਸੀ ਕਿ ਨਸ਼ਿਆਂ ਦੇ ਮਾਮਲੇ ਵਿਚ ਐਫਆਈਆਰ ਦਰਜ ਹੋਣ ਮਗਰੋਂ ਹੀ ਪੰਜਾਬ ਪੁਲਿਸ ਮਜੀਠੀਆ ਨੂੰ ਮਾਮਲੇ ਦੀ ਜਾਂਚ ਲਈ ਗਿ੍ਰਫਤਾਰ ਕਰੇਗੀ। ਰੰਧਾਵਾ ਨੇ ਇਹ ਵੀ ਕਿਹਾ ਸੀ ਕਿ ਉਹ ਬਦਲਾਖੋਰੀ ਦੀ ਰਾਜਨੀਤੀ ਵਿਚ ਵਿਸ਼ਵਾਸ ਨਹੀਂ ਰੱਖਦੇ।