Breaking News
Home / ਹਫ਼ਤਾਵਾਰੀ ਫੇਰੀ / ਸ੍ਰੀ ਦਰਬਾਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਸਣੇ ਟੇਕਿਆ ਮੱਥਾ

ਸ੍ਰੀ ਦਰਬਾਰ ਸਾਹਿਬ ਵਿਖੇ ਰਾਹੁਲ ਗਾਂਧੀ ਨੇ ਕਾਂਗਰਸੀ ਉਮੀਦਵਾਰਾਂ ਸਣੇ ਟੇਕਿਆ ਮੱਥਾ

ਦੁਰਗਿਆਣਾ ਮੰਦਰ, ਰਾਮ ਤੀਰਥ ਸਥਲ ਤੇ ਜੱਲ੍ਹਿਆਂਵਾਲਾ ਬਾਗ ਵੀ ਗਏ
ਅੰਮ੍ਰਿਤਸਰ/ਬਿਊਰੋ ਨਿਊਜ : ਪੰਜਾਬ ਫੇਰੀ ‘ਤੇ ਆਏ ਸੀਨੀਅਰ ਕਾਂਗਰਸੀ ਆਗੂ ਰਾਹੁਲ ਗਾਂਧੀ ਵੀਰਵਾਰ ਨੂੰ ਸਭ ਤੋਂ ਪਹਿਲਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਜਿੱਥੇ ਉਨ੍ਹਾਂ ਵੱਲੋਂ ਕੜਾਹ ਪ੍ਰਸ਼ਾਦ ਦੀ ਦੇਗ ਕਰਵਾਈ ਗਈ ਅਤੇ ਗੁਰੂ ਚਰਨਾਂ ਵਿਚ ਸੀਸ ਨਿਵਾਉਂਦੇ ਹੋਏ ਮੱਥਾ ਟੇਕਿਆ ਗਿਆ। ਰਾਹੁਲ ਗਾਂਧੀ ਨੇ ਪਰਿਕਰਮਾ ਕਰਦੇ ਹੋਏ ਧੰਨ ਧੰਨ ਬਾਬਾ ਦੀਪ ਸਿੰਘ ਦੇ ਅਸਥਾਨ ‘ਤੇ ਵੀ ਮੱਥਾ ਟੇਕਿਆ। ਰਾਹੁਲ ਗਾਂਧੀ ਵੱਲੋਂ ਪੰਜਾਬ ਵਿਚ ਚੋਣ ਪ੍ਰਚਾਰ ਸ਼ੁਰੂ ਕਰਨ ਤੋਂ ਪਹਿਲਾਂ ਪੰਜਾਬ ਵਿਧਾਨ ਸਭਾ ਚੋਣਾਂ ‘ਚ ਪਾਰਟੀ ਦੀ ਜਿੱਤ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਅਰਦਾਸ ਵੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਓਪੀ ਸੋਨੀ, ਸੁਖਜਿੰਦਰ ਸਿੰਘ ਰੰਧਾਵਾ, ਪ੍ਰਤਾਪ ਸਿੰਘ ਬਾਜਵਾ, ਮਨਪ੍ਰੀਤ ਸਿੰਘ ਬਾਦਲ ਸਮੇਤ ਕਾਂਗਰਸ ਪਾਰਟੀ ਵੱਲੋਂ ਚੋਣ ਲੜ ਰਹੇ ਕਾਂਗਰਸੀ ਉਮੀਦਵਾਰ ਵੀ ਹਾਜ਼ਰ ਰਹੇ। ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਕਾਂਗਰਸੀ ਆਗੂ ਰਾਹੁਲ ਗਾਂਧੀ ਜਲ੍ਹਿਆਂਵਾਲਾ ਬਾਗ, ਦੁਰਗਿਆਣਾ ਮੰਦਿਰ ਅਤੇ ਰਾਮ ਤੀਰਥ ਸਥਲ ਵਿਖੇ ਵੀ ਗਏ। ਇਸ ਤੋਂ ਪਹਿਲਾਂ ਕਾਂਗਰਸੀ ਆਗੂ ਰਾਹੁਲ ਗਾਂਧੀ ਦਾ ਅੰਮ੍ਰਿਤਸਰ ਏਅਰਪੋਰਟ ਵਿਖੇ ਪਹੁੰਚਣ ‘ਤੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵੱਲੋਂ ਉਨ੍ਹਾਂ ਦਾ ਭਰਪੂਰ ਸਵਾਗਤ ਕੀਤਾ ਗਿਆ। ਉਨ੍ਹਾਂ ਦੇ ਸਵਾਗਤ ਲਈ ਥਾਂ-ਥਾਂ ਵੱਡੇ ਵੱਡੇ ਹੋਰਡਿੰਗ ਵੀ ਲਗਾਏ ਗਏ ਸਨ।
ਕਾਂਗਰਸੀ ਵਰਕਰ ਤਹਿ ਕਰਨਗੇ ਸੀਐਮ ਚਿਹਰਾ : ਰਾਹੁਲ ਗਾਂਧੀ
ਵਿਧਾਨ ਸਭਾ ਚੋਣਾਂ ਨੂੰ ਦੱਸਿਆ ਪੰਜਾਬ ਦਾ ਭਵਿੱਖ
ਜਲੰਧਰ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਮਿਸ਼ਨ ਪੰਜਾਬ ਤਹਿਤ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਜਲੰਧਰ ਵਿਖੇ ਵਰਚੂਅਲ ਫਤਿਹ ਰੈਲੀ ਰਾਹੀਂ ਪੰਜਾਬ ‘ਚ ਚੋਣ ਮੁਹਿੰਮ ਦੀ ਸ਼ੁਰੂਆਤ ਕੀਤੀ। ਇਸ ਮੌਕੇ ਬੋਲਦਿਆਂ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਨੂੰ ਪੰਜਾਬ ਦਾ ਭਵਿੱਖ ਦੱਸਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਵਿਧਾਨ ਸਭਾ ਚੋਣਾਂ ਮੁੱਖ ਮੰਤਰੀ ਦੇ ਚਿਹਰੇ ਨਾਲ ਲੜੀਆਂ ਜਾਣਗੀਆਂ ਅਤੇ ਮੁੱਖ ਮੰਤਰੀ ਦੇ ਚਿਹਰੇ ਦੀ ਚੋਣ ਪੰਜਾਬ ਕਾਂਗਰਸ ਦੇ ਵਰਕਰ ਕਰਨਗੇ। ਉਨ੍ਹਾਂ ਕਿਹਾ ਕਿ ਉਹ ਕਾਂਗਰਸੀ ਵਰਕਰਾਂ ਤੋਂ ਪੁੱਛ ਕੇ ਮੁੱਖ ਮੰਤਰੀ ਦੇ ਚਿਹਰੇ ਬਾਰੇ ਫੈਸਲਾ ਕਰਨਗੇ। ਰਾਹੁਲ ਨੇ ਕਿਹਾ ਕਿ ਜੋ ਸਹੀ ਵਿਅਕਤੀ ਹੋਵੇਗਾ, ਉਸ ਨੂੰ ਅੱਗੇ ਲਿਆਂਦਾ ਜਾਵੇਗਾ ਅਤੇ ਬਾਕੀ ਸਾਰੇ ਮਿਲ ਕੇ ਉਸ ਨਾਲ ਇਕ ਟੀਮ ਵਾਂਗ ਕੰਮ ਕਰਨਗੇ। ਇਸ ਤੋਂ ਪਹਿਲਾਂ ਕਾਂਗਰਸ ਪ੍ਰਧਾਨ ਨਵਜੋਤ ਸਿੱਧੂ ਨੇ ਆਪਣੇ ਸੰਬੋਧਨ ਵਿਚ ਰਾਹੁਲ ਗਾਂਧੀ ਨੂੰ ਅਪੀਲ ਕੀਤੀ ਕਿ ਤੁਸੀਂ ਪੰਜਾਬ ਲਈ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰੋ। ਇਹ ਬਾਅਦ ਵਿਚ ਦੇਖਿਆ ਜਾਵੇਗਾ ਕਿ ਪੰਜਾਬ ਨੂੰ ਚਿੱਕੜ ਵਿਚੋਂ ਕੌਣ ਕੱਢਦਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਤੋਂ ਪਹਿਲਾਂ ਵਰਚੂਅਲ ਰੈਲੀ ਨੂੰ ਸੰਬੋਧਨ ਕਰਦਿਆਂ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਨੂੰ ਕਿਹਾ ਕਿ ਉਹ ਮੁੱਖ ਮੰਤਰੀ ਚਿਹਰੇ ਦਾ ਐਲਾਨ ਕਰਨ। ਚੰਨੀ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕੀਤਾ ਗਿਆ ਹਰ ਫੈਸਲਾ ਮਨਜ਼ੂਰ ਹੋਵੇਗਾ। ਉਨ੍ਹਾਂ ਸਿੱਧੂ ਨੂੰ ਜੱਫੀ ਪਾ ਕੇ ਕਿਹਾ ਅਸੀਂ ਬਿਲਕੁਲ ਇਕਜੁੱਟ ਹਾਂ।

Check Also

ਲੋਕ ਸਭਾ ਚੋਣਾਂ ‘ਚੋਂ ਲੋਕ ਮੁੱਦੇ ਗਾਇਬ ਸਿੱਠਣੀਆਂ ਦਾ ਦੌਰ ਸ਼ੁਰੂ

ਨਾ ਕਾਰਜਾਂ ਦੀ ਗੱਲ, ਨਾ ਯੋਜਨਾਵਾਂ ਦਾ ਹਵਾਲਾ-ਇਕ ਲੀਡਰ ਸਵਾਲ ਕਰਦਾ ਹੈ ਦੂਜਾ ਦਿੰਦਾ ਹੈ …