Breaking News
Home / ਭਾਰਤ / ਕਾਂਗਰਸ ਦਾ ਸਟਾਰ ਪ੍ਰਚਾਰਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

ਕਾਂਗਰਸ ਦਾ ਸਟਾਰ ਪ੍ਰਚਾਰਕ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ

32 ਸਾਲ ਜਿਸ ਪਾਰਟੀ ‘ਚ ਰਿਹਾਂ, ਹੁਣ ਉਹ ਪਹਿਲਾਂ ਵਰਗੀ ਨਹੀਂ ਰਹੀ : ਆਰ ਪੀ ਐਨ ਸਿੰਘ
ਨਵੀਂ ਦਿੱਲੀ/ਬਿਊਰੋ ਨਿਊਜ਼ : ਕਾਂਗਰਸੀ ਆਗੂ ਅਤੇ ਸਟਾਰ ਪ੍ਰਚਾਰਕ ਆਰਪੀਐੱਨ ਸਿੰਘ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਭਗਵਾਂ ਪਾਰਟੀ ਦੇ ਉਤਰ ਪ੍ਰਦੇਸ਼ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਧਰਮੇਂਦਰ ਪ੍ਰਧਾਨ ਨੇ ਉਨ੍ਹਾਂ ਦਾ ਸਵਾਗਤ ਕੀਤਾ। ਉਤਰ ਪ੍ਰਦੇਸ਼ ਵਿੱਚ ਕਾਂਗਰਸ ਨੂੰ ਇਹ ਦੂਜਾ ਵੱਡਾ ਝਟਕਾ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ ਜਿਤਿਨ ਪ੍ਰਸਾਦ ਕਾਂਗਰਸ ਨੂੰ ਅਲਵਿਦਾ ਆਖ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਬਾਅਦ ਵਿੱਚ ਉਨ੍ਹਾਂ ਨੂੰ ਯੋਗੀ ਆਦਿੱਤਿਆਨਾਥ ਸਰਕਾਰ ਵਿੱਚ ਮੰਤਰੀ ਬਣਾਇਆ ਗਿਆ ਸੀ। ਭਾਜਪਾ ਦੇ ਰੱਥ ਵਿੱਚ ਸਵਾਰ ਹੋਣ ਤੋਂ ਪਹਿਲਾਂ ਸਾਬਕਾ ਕੇਂਦਰੀ ਮੰਤਰੀ ਆਰਪੀਐੱਨ ਨੇ ਟਵੀਟ ਕੀਤਾ, ”ਇਹ ਮੇਰੀ ਸਿਆਸੀ ਪਾਰੀ ਦੀ ਨਵੀਂ ਸ਼ੁਰੂਆਤ ਹੈ ਅਤੇ ਮੈਂ ਮਾਨਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਭਾਜਪਾ ਪ੍ਰਧਾਨ ਜੇਪੀ ਨੱਢਾ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਦੀ ਦੂਰਅੰਦੇਸ਼ੀ ਅਗਵਾਈ ਅਤੇ ਮਾਰਗਦਰਸ਼ਨ ਵਿੱਚ ਦੇਸ਼ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ ਲਈ ਤਤਪਰ ਹਾਂ।” ਉਨ੍ਹਾਂ ਦੀ ਸ਼ਮੂਲੀਅਤ ਸਬੰਧੀ ਕਰਵਾਏ ਸਮਾਰੋਹ ਦੌਰਾਨ ਜਿਓਤਿਰਦਿੱਤਿਆ ਸਿੰਧੀਆ ਵੀ ਮੌਜੂਦ ਸਨ। ਸਿੰਧੀਆ ਵੀ ਕਾਂਗਰਸ ਨੂੰ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਏ ਸਨ ਅਤੇ ਉਹ ਇਸ ਸਮੇਂ ਕੇਂਦਰੀ ਮੰਤਰੀ ਹਨ। ਆਰਪੀਐੱਨ ਸਿੰਘ ਕਾਂਗਰਸ ਦੇ ਝਾਰਖੰਡ ਮਾਮਲਿਆਂ ਦੇ ਇੰਚਾਰਜ ਵੀ ਸਨ, ਜਿੱਥੇ ਉਹ ਝਾਰਖੰਡ ਮੁਕਤੀ ਮੋਰਚਾ ਨਾਲ ਸੱਤਾ ਵਿੱਚ ਹੈ। ਉਹ ਇਸ ਤੋਂ ਪਹਿਲਾਂ ਪਦਰੌਨਾ ਵਿਧਾਨ ਸਭਾ ਹਲਕੇ ਦੀ ਨੁਮਾਇੰਦਗੀ ਕਰ ਚੁੱਕੇ ਹਨ।
ਉਨ੍ਹਾਂ ਨੇ ਸਾਲ 2009 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੁਸ਼ੀਨਗਰ ਸੀਟ ਤੋਂ ਸਵਾਮੀ ਪ੍ਰਸਾਦ ਮੌਰਿਆ ਨੂੰ ਹਰਾਇਆ ਸੀ।ਇਸ ਮੌਕੇ ਆਰ.ਪੀ.ਐਨ.ਸਿੰਘ ਨੇ ਕਿਹਾ ਕਿ ਉਹ 32 ਸਾਲ ਜਿਸ ਪਾਰਟੀ ਵਿਚ ਰਹੇ ਹਨ, ਉਹ ਪਾਰਟੀ ਹੁਣ ਪਹਿਲਾਂ ਵਾਲੀ ਨਹੀਂ ਰਹਿ ਗਈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਸੱਤ ਸਾਲਾਂ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ‘ਚ ਉਤਰ ਪ੍ਰਦੇਸ਼ ਬਹੁਤ ਜ਼ਿਆਦਾ ਵਿਕਾਸ ਹੋਇਆ ਹੈ। ਧਿਆਨ ਰਹੇ ਕਿ ਆਰ.ਪੀ.ਐਨ.ਸਿੰਘ ਕਾਂਗਰਸ ਦੀ ਡਾ. ਮਨਮੋਹਨ ਸਿੰਘ ਸਰਕਾਰ ‘ਚ ਕੇਂਦਰੀ ਮੰਤਰੀ ਰਹੇ ਹਨ ਅਤੇ ਹੁਣ ਕਾਂਗਰਸ ਹਾਈਕਮਾਨ ਨੇ ਉਨ੍ਹਾਂ ਨੂੰ ਸਟਾਰ ਚੋਣ ਪ੍ਰਚਾਰਕ ਵੀ ਬਣਾਇਆ ਹੋਇਆ ਸੀ।

 

Check Also

ਭਾਰਤ ’ਚ ਕਮਰਸ਼ੀਅਲ ਗੈਸ ਸਿਲੰਡਰ 19 ਰੁਪਏ ਹੋਇਆ ਸਸਤਾ

ਰਸੋਈ ਗੈਸ ਦੀਆਂ ਕੀਮਤਾਂ ’ਚ ਕੋਈ ਬਦਲਾਅ ਨਹੀਂ ਨਵੀਂ ਦਿੱਲੀ/ਬਿਊਰੋ ਨਿਊਜ਼ ਭਾਰਤ ਵਿਚ ਤੇਲ ਮਾਰਕੀਟਿੰਗ …