Breaking News
Home / ਪੰਜਾਬ / ਰੇਤ ਮਾਈਨਿੰਗ ਖਿਲਾਫ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਰੇਤ ਮਾਈਨਿੰਗ ਖਿਲਾਫ ‘ਆਪ’ ਦਾ ਵਫਦ ਪੰਜਾਬ ਦੇ ਰਾਜਪਾਲ ਨੂੰ ਮਿਲਿਆ

ਮੰਗ ਪੱਤਰ ਸੌਂਪ ਕੇ ਚਰਨਜੀਤ ਚੰਨੀ ਖਿਲਾਫ ਕਾਰਵਾਈ ਕਰਨ ਦੀ ਕੀਤੀ ਮੰਗ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਸਹਿ-ਇੰਚਾਰਜ ਰਾਘਵ ਚੱਢਾ ਦੀ ਅਗਵਾਈ ਹੇਠ ਪਾਰਟੀ ਵਫਦ ਨੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਕਰਕੇ ਰੇਤ ਮਾਈਨਿੰਗ ਦੇ ਮਾਮਲੇ ‘ਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਿਲਾਫ ਕੇਸ ਦਰਜ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਰਾਜਪਾਲ ਨੂੰ ਮੰਗ ਪੱਤਰ ਸੌਂਪਦਿਆਂ ਰੇਤ ਦੇ ਗੈਰਕਾਨੂੰਨੀ ਕਾਰੋਬਾਰ ਮਾਮਲੇ ‘ਚ ਦਖ਼ਲ ਦੇਣ ਦੀ ਵੀ ਮੰਗ ਕੀਤੀ ਹੈ। ਵਫ਼ਦ ਨੇ ਗ਼ੈਰਕਾਨੂੰਨੀ ਰੇਤ ਖਣਨ ਮਾਮਲੇ ‘ਚ ਮੁੱਖ ਮੰਤਰੀ ਦੇ ਰਿਸ਼ਤੇਦਾਰਾਂ ‘ਤੇ ਈਡੀ ਦੇ ਛਾਪਿਆਂ ‘ਚ ਜ਼ਬਤ ਹੋਏ ਕਰੋੜਾਂ ਰੁਪਏ ਅਤੇ ਸਨਸਨੀਖ਼ੇਜ਼ ਦਸਤਾਵੇਜ਼ ਚੰਨੀ ਦੇ ਹੀ ਦੱਸੇ ਹਨ। ਉਨ੍ਹਾਂ ਇਸ ਮਾਮਲੇ ਦੀ ਬਾਰੀਕੀ ਨਾਲ ਸਮਾਂਬੱਧ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਰਾਘਵ ਚੱਢਾ ਨੇ ਦੱਸਿਆ ਕਿ ਰਾਜਪਾਲ ਨੇ ‘ਆਪ’ ਦੀ ਸ਼ਿਕਾਇਤ ਨੂੰ ਗੰਭੀਰਤਾ ਨਾਲ ਲਿਆ ਹੈ।
ਵਫਦ ਨੇ ਰਾਜਪਾਲ ਨੂੰ ਮੁੱਖ ਮੰਤਰੀ ਦੇ ਵਿਧਾਨ ਸਭਾ ਹਲਕਾ ਸ੍ਰੀ ਚਮਕੌਰ ਸਾਹਿਬ ਦੇ ਪਿੰਡ ਜਿੰਦਾਪੁਰ ਵਿੱਚ ਮਾਰੇ ਗਏ ਛਾਪੇ ਅਤੇ ਮਿਲੇ ਸਬੂਤਾਂ ਤੋਂ ਇਲਾਵਾ ਈਡੀ ਦੇ ਛਾਪੇ ਦੌਰਾਨ ਮੁੱਖ ਮੰਤਰੀ ਦੇ ਭਤੀਜੇ ਦੇ ਘਰੋਂ ਮਿਲੇ 10 ਕਰੋੜ ਰੁਪਏ, ਮਹਿੰਗੀਆਂ ਘੜੀਆਂ, 22 ਲੱਖ ਦਾ ਸੋਨਾ, ਮਹਿੰਗੀਆਂ ਗੱਡੀਆਂ, 54 ਕਰੋੜ ਦੀਆਂ ਬੈਂਕ ਦੇਣਦਾਰੀਆਂ ਅਤੇ ਜ਼ਮੀਨ-ਜਾਇਦਾਦਾਂ ਦੀਆਂ ਰਜਿਸਟਰੀਆਂ ਬਾਰੇ ਵੀ ਜਾਣਕਾਰੀ ਦਿੱਤੀ ਹੈ। ‘ਆਪ’ ਆਗੂ ਨੇ ਦੱਸਿਆ ਕਿ ਪਾਰਟੀ ਲੰਮੇ ਸਮੇਂ ਤੋਂ ਆਰੋਪ ਲਾਉਂਦੀ ਆ ਰਹੀ ਹੈ ਕਿ ਪੰਜਾਬ ਵਿੱਚ ਰੇਤ ਮਾਫ਼ੀਆ ਮੁੱਖ ਮੰਤਰੀ ਦੀ ਸਰਪ੍ਰਸਤੀ ਹੇਠ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਦਾਅਵਾ ਕੀਤਾ ਹੈ ਕਿ ਮੁੱਖ ਮੰਤਰੀ ਚੰਨੀ ਹੀ ਰੇਤ ਮਾਫ਼ੀਆ ਚਲਾ ਰਹੇ ਹਨ ਅਤੇ ਜਦੋਂ ਚੰਨੀ ਮੰਤਰੀ ਸਨ ਉਦੋਂ ਵੀ ਕੈਪਟਨ ਨੇ ਇਸ ਮਾਮਲੇ ਵਿੱਚ ਕਾਂਗਰਸ ਦੀ ਕੌਮੀ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖਤੀ ਸ਼ਿਕਾਇਤ ਕੀਤੀ ਸੀ। ਉਨ੍ਹਾਂ ਕਿਹਾ ਕਿ ਕਾਂਗਰਸ ਹਾਈਕਮਾਨ ਨੇ ਚੰਨੀ ਖ਼ਿਲਾਫ਼ ਕਾਰਵਾਈ ਕਰਨ ਦੀ ਥਾਂ ‘ਤੇ ਉਸ ਨੂੰ ਮੁੱਖ ਮੰਤਰੀ ਬਣਾ ਦਿੱਤਾ, ਜਿਸ ਤੋਂ ਸ਼ੱਕ ਪੈਦਾ ਹੁੰਦਾ ਹੈ ਕਿ ਪੰਜਾਬ ਵਿੱਚੋਂ ਰੇਤ ਮਾਫ਼ੀਆ ਦਾ ਪੈਸਾ ਕਾਂਗਰਸ ਹਾਈਕਮਾਨ ਤੱਕ ਜਾਂਦਾ ਹੈ। ‘ਆਪ’ ਆਗੂ ਨੇ ਮੰਗ ਕੀਤੀ ਕਿ ਰੇਤ ਮਾਫ਼ੀਆ ਅਤੇ ਈਡੀ ਦੇ ਛਾਪਿਆਂ ਦੌਰਾਨ ਮਿਲੇ ਬੇਨਾਮੀ ਜਾਇਦਾਦ ਦੇ ਮਾਮਲਿਆਂ ‘ਚ ਮੁੱਖ ਮੰਤਰੀ ਅਤੇ ਉਸ ਦੇ ਰਿਸ਼ਤੇਦਾਰਾਂ ਖ਼ਿਲਾਫ਼ ਕੇਸ ਦਰਜ ਕਰਕੇ ਨਿਰਪੱਖ ਜਾਂਚ ਕਰਵਾਈ ਜਾਵੇ।
ਲੋਕ ਰਾਏ ਨਾਲ ਹੀ ਪੰਜਾਬ ਦਾ ਬਜਟ ਤਿਆਰ ਕਰਾਂਗੇ : ਕੇਜਰੀਵਾਲ
ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ‘ਚ 2022 ਵਿੱਚ ‘ਆਪ’ ਦੀ ਸਰਕਾਰ ਬਣਨ ‘ਤੇ ਸੂਬੇ ਦਾ ਬਜਟ ਲੋਕ ਰਾਏ ਨਾਲ ਤਿਆਰ ਕੀਤਾ ਜਾਵੇਗਾ। ਬਜਟ ਤਿਆਰ ਕਰਨ ਤੋਂ ਪਹਿਲਾਂ ਵਪਾਰੀਆਂ-ਕਾਰੋਬਾਰੀਆਂ, ਕਿਸਾਨਾਂ-ਮਜ਼ਦੂਰਾਂ, ਮਹਿਲਾਵਾਂ, ਨੌਜਵਾਨਾਂ-ਬਜ਼ੁਰਗਾਂ ਅਤੇ ਮੁਲਾਜ਼ਮਾਂ ਸਮੇਤ ਸਾਰੇ ਵਰਗਾਂ ਦੀ ਰਾਇ ਜ਼ਰੂਰ ਲਈ ਜਾਵੇਗੀ। ਇਸ ਨਾਲ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲੋਕਾਂ ਦੇ ਸੁਝਾਅ ਨਾਲ ਹੀ ਕੀਤਾ ਜਾ ਸਕੇਗਾ। ਉਨ੍ਹਾਂ ਕਿਹਾ ਕਿ ਦਿੱਲੀ ਦੀ ‘ਆਪ’ ਸਰਕਾਰ ਨੇ ਅਗਲੇ ਵਿੱਤੀ ਸਾਲ 2022-23 ਦੇ ਬਜਟ ਲਈ ਸਲਾਹ-ਮਸ਼ਵਰਾ ਸ਼ੁਰੂ ਕਰ ਦਿੱਤਾ ਹੈ।

Check Also

ਪੰਜਾਬ ’ਚ ‘ਆਪ’ ਦੇ ਪ੍ਰਧਾਨ ਬਣੇ ਅਮਨ ਅਰੋੜਾ

ਅਮਨਸ਼ੇਰ ਸਿੰਘ ਕਲਸੀ ਨੂੰ ਮਿਲੀ ਉਪ ਪ੍ਰਧਾਨਗੀ ਚੰਡੀਗੜ੍ਹ/ਬਿਊਰੋ ਨਿਊਜ਼ ਪੰਜਾਬ ਵਿਚ ਆਮ ਆਦਮੀ ਪਾਰਟੀ ਦਾ …