ਚਰਨਜੀਤ ਸਿੰਘ ਚੰਨੀ ਦਾ ਨਾਮ ਸਭ ਤੋਂ ਅੱਗੇ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਕਾਂਗਰਸ ਦੇ ਮੁੱਖ ਮੰਤਰੀ ਚਿਹਰੇ ਦੇ ਨਾਮ ਦਾ ਐਲਾਨ 6 ਫਰਵਰੀ ਨੂੰ ਹੋ ਸਕਦਾ ਹੈ। ਪੰਜਾਬ ਵਿਚ 117 ਵਿਧਾਨ ਸਭਾ ਸੀਟਾਂ ’ਤੇ ਨਾਮਜ਼ਦਗੀਆਂ ਵਾਪਸ ਲੈਣ ਦਾ ਆਖਰੀ ਦਿਨ 4 ਫਰਵਰੀ ਹੈ। ਇਸ ਤੋਂ ਬਾਅਦ ਚੋਣ ਕਮਿਸ਼ਨ ਹਰ ਸੀਟ ’ਤੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦੇਵੇਗਾ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰੋਪੜ ਵਿਚ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਰਾਹੁਲ ਗਾਂਧੀ 6 ਫਰਵਰੀ ਨੂੰ ਪੰਜਾਬ ’ਚ ਕਾਂਗਰਸ ਦੇ ਸੀਐਮ ਚਿਹਰੇ ਦੇ ਨਾਮ ਦਾ ਐਲਾਨ ਕਰ ਦੇਣਗੇ। ਧਿਆਨ ਰਹੇ ਕਿ ਕਾਂਗਰਸ ਦੇ ਸੀਐਮ ਦੇ ਚਿਹਰੇ ਵਜੋਂ ਚਰਨਜੀਤ ਸਿੰਘ ਚੰਨੀ ਦਾ ਨਾਮ ਸਭ ਤੋਂ ਅੱਗੇ ਚੱਲ ਰਿਹਾ ਹੈ, ਜਿਸ ਨੂੰ ਕਾਂਗਰਸ ਹੁਣ ਰਾਸ਼ਟਰੀ ਪੱਧਰ ’ਤੇ ਵੱਡਾ ਦਲਿਤ ਚਿਹਰਾ ਬਣਾਉਣ ਵਿਚ ਜੁਟੀ ਹੋਈ ਹੈ। ਜ਼ਿਕਰਯੋਗ ਹੈ ਕਿ ਉਤਰਾਖੰਡ ਵਿਚ ਕਾਂਗਰਸ ਦੇ ਸਟਾਰ ਚੋਣ ਪ੍ਰਚਾਰਕਾਂ ਦੀ ਸੂਚੀ ਵਿਚ ਨਵਜੋਤ ਸਿੰਘ ਸਿੱਧੂ ਨੂੰ ਜਗ੍ਹਾ ਨਹੀਂ ਦਿੱਤੀ ਗਈ, ਪਰ ਚਰਨਜੀਤ ਸਿੰਘ ਚੰਨੀ ਨੂੰ ਸਟਾਰ ਚੋਣ ਪ੍ਰਚਾਰਕ ਬਣਾਇਆ ਗਿਆ ਹੈ।