Breaking News
Home / ਹਫ਼ਤਾਵਾਰੀ ਫੇਰੀ / ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਿਲੀ ਮਾਨਤਾ

ਸੰਯੁਕਤ ਸਮਾਜ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਿਲੀ ਮਾਨਤਾ

ਚੋਣ ਕਮਿਸ਼ਨ ਦੀ ਹਰੀ ਝੰਡੀ ਮਗਰੋਂ ਵੀ ਆਜ਼ਾਦ ਉਮੀਦਵਾਰ ਵਜੋਂ ਲੜਨੀ ਪਏਗੀ ਚੋਣ
ਲੁਧਿਆਣਾ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਲਈ ਮੈਦਾਨ ਵਿੱਚ ਨਿੱਤਰੇ ਕਿਸਾਨਾਂ ਦੇ ਸੰਯੁਕਤ ਸਮਾਜ ਮੋਰਚੇ ਨੂੰ ਚੋਣ ਕਮਿਸ਼ਨ ਨੇ ਸਿਆਸੀ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਹੈ। ਮੋਰਚੇ ਦੇ ਉਮੀਦਵਾਰ ਹਾਲਾਂਕਿ ਆਜ਼ਾਦ ਉਮੀਦਵਾਰ ਵਜੋਂ ਹੀ ਚੋਣ ਲੜਨਗੇ। ਚੋਣ ਕਮਿਸ਼ਨ ਦੇ ਇਸ ਫੈਸਲੇ ਤੋਂ ਨਾਰਾਜ਼ ਉਮੀਦਵਾਰਾਂ ਨੇ ਮੰਗ ਕੀਤੀ ਹੈ ਕਿ ਉਨ੍ਹਾਂ ਸਾਰਿਆਂ ਨੂੰ ਇੱਕੋ ਜਿਹਾ ਚੋਣ ਨਿਸ਼ਾਨ ਦਿੱਤਾ ਜਾਵੇ। ਸੰਯੁਕਤ ਸਮਾਜ ਮੋਰਚੇ ਨੇ 1 ਫਰਵਰੀ ਨੂੰ ਨਾਮਜ਼ਦਗੀਆਂ ਦੇ ਆਖਰੀ ਦਿਨ ਤਿੰਨ ਵਜੇ ਤੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਨਾਮਜ਼ਦਗੀਆਂ ਭਰੀਆਂ ਸਨ ਤੇ ਦੇਰ ਸ਼ਾਮ ਚੋਣ ਕਮਿਸ਼ਨ ਨੇ ਮੋਰਚੇ ਨੂੰ ਸਿਆਸੀ ਪਾਰਟੀ ਵਜੋਂ ਮਾਨਤਾ ਦੇ ਦਿੱਤੀ। ਮਾਨਤਾ ਮਿਲਣ ਮਗਰੋਂ ਮੋਰਚੇ ਵੱਲੋਂ ਇਸ ਫੈਸਲੇ ਦੇ ਸਮੇਂ ਨੂੰ ਲੈ ਕੇ ਸਵਾਲ ਚੁੱਕੇ ਜਾ ਰਹੇ ਹਨ। ਸੰਯੁਕਤ ਸਮਾਜ ਮੋਰਚਾ ਵੱਲੋਂ ਲੁਧਿਆਣਾ ਦੇ ਹਲਕਾ ਗਿੱਲ ਤੋਂ ਚੋਣ ਮੈਦਾਨ ਵਿੱਚ ਉਤਰੇ ਰਾਜੀਵ ਕੁਮਾਰ ਲਵਲੀ ਦਾ ਕਹਿਣਾ ਹੈ ਕਿ ਚੋਣ ਕਮਿਸ਼ਨ ਨੇ ਫੈਸਲਾ ਦੇਣ ਵਿੱਚ ਕਾਫ਼ੀ ਦੇਰ ਕੀਤੀ ਹੈ। ਉਨ੍ਹਾਂ ਕਿਹਾ ਕਿ ਹੁਣ ਉਨ੍ਹਾਂ ਦੀ ਨਾਮਜ਼ਦਗੀ ਆਜ਼ਾਦ ਉਮੀਦਵਾਰ ਵਜੋਂ ਹੈ ਤੇ ਉਹ ਆਜ਼ਾਦ ਉਮੀਦਵਾਰ ਹੀ ਰਹਿਣਗੇ। ਉਨ੍ਹਾਂ ਕਿਹਾ ਕਿ ਮੋਰਚੇ ਨੂੰ ਮਾਨਤਾ ਦੇਣ ਵਿੱਚ ਕੀਤੀ ਦੇਰੀ ਕਾਰਨ ਉਹ ਕਾਫ਼ੀ ਪ੍ਰੇਸ਼ਾਨ ਹਨ। ਉਨ੍ਹਾਂ ਨੂੰ ਚੋਣ ਨਿਸ਼ਾਨ ਨਹੀਂ ਮਿਲਿਆ, ਜਿਸ ਕਰਕੇ ਉਹ ਪੋਸਟਰ ਬੈਨਰ ਨਹੀਂ ਛਪਵਾ ਸਕੇ। ਹਲਕੇ ਵਿੱਚ ਉਨ੍ਹਾਂ ਦੇ ਪ੍ਰਚਾਰ ਲਈ ਬੋਰਡ ਵੀ ਨਹੀਂ ਲੱਗੇ ਹਨ। ਉਨ੍ਹਾਂ ਕਿਹਾ ਕਿ ਮੋਰਚੇ ਦੇ ਸਾਰੇ ਉਮੀਦਵਾਰਾਂ ਨੂੰ ਇੱਕੋ ਜਿਹੇ ਚੋਣ ਨਿਸ਼ਾਨ ਦਿੱਤੇ ਜਾਣ ਤਾਂ ਕਿ ਉਹ ਸਹੀ ਤਰੀਕੇ ਨਾਲ ਸਮੇਂ ਸਿਰ ਆਪਣੇ ਪ੍ਰਚਾਰ ਵਿੱਚ ਲੱਗ ਜਾਣ। ਸੰਯੁਕਤ ਸਮਾਜ ਮੋਰਚਾ ਵੱਲੋਂ ਟਰੈਕਟਰ ਟਰਾਲੀ, ਹੱਲ ਜੋੜਦਾ ਕਿਸਾਨ ਤੇ ਇਕੱਲੀ ਟਰਾਲੀ ਵਿੱਚੋਂ ਕਿਸੇ ਇਕ ਦੀ ਚੋਣ ਨਿਸ਼ਾਨ ਵਜੋਂ ਮੰਗ ਕੀਤੀ ਜਾ ਰਹੀ ਹੈ।
ਚੋਣ ਕਮਿਸ਼ਨ ਮੋਰਚੇ ਦੇ ਉਮੀਦਵਾਰਾਂ ਨੂੰ ਇੱਕੋਂ ਚੋਣ ਨਿਸ਼ਾਨ ਦੇਵੇ: ਰਾਜੇਵਾਲ
ਸੰਯੁਕਤ ਸਮਾਜ ਮੋਰਚਾ ਨੂੰ ਪਾਰਟੀ ਵਜੋਂ ਮਾਨਤਾ ਮਿਲਣ ਮਗਰੋਂ ਬਲਬੀਰ ਸਿੰਘ ਰਾਜੇਵਾਲ ਨੇ ਚੋਣ ਕਮਿਸ਼ਨ ਕੋਲੋਂ ਮੰਗ ਕੀਤੀ ਹੈ ਕਿ ਮੋਰਚੇ ਦੇ ਉਮੀਦਵਾਰਾਂ ਨੂੰ ਇੱਕੋ ਜਿਹਾ ਚੋਣ ਨਿਸ਼ਾਨ ਦਿੱਤਾ ਜਾਵੇ, ਤਾਂ ਕਿ ਲੋਕਾਂ ਵਿੱਚ ਮੋਰਚੇ ਦੇ ਉਮੀਦਵਾਰਾਂ ਦੀ ਪਛਾਣ ਆਸਾਨੀ ਨਾਲ ਹੋ ਸਕੇ। ਉਨ੍ਹਾਂ ਕਿਹਾ ਕਿ ਮੋਰਚੇ ਦੇ ਉਮੀਦਵਾਰਾਂ ਨੇ ਆਜ਼ਾਦ ਉਮੀਦਵਾਰਾਂ ਵਜੋਂ ਨਾਮਜ਼ਦਗੀਆਂ ਭਰੀਆਂ ਹਨ, ਲਿਹਾਜ਼ਾ ਇਕੋ ਜਿਹੇ ਚੋਣ ਨਿਸ਼ਾਨ ਦੀ ਅਲਾਟਮੈਂਟ ਜ਼ਰੂਰੀ ਹੈ। ਧਿਆਨ ਰਹੇ ਕਿ ਬਲਬੀਰ ਸਿੰਘ ਰਾਜੇਵਾਲ ਸੰਯੁਕਤ ਸਮਾਜ ਮੋਰਚਾ ਦੇ ਪੰਜਾਬ ‘ਚ ਮੁੱਖ ਮੰਤਰੀ ਚਿਹਰਾ ਹਨ ਅਤੇ ਉਹ ਸਮਰਾਲਾ ਵਿਧਾਨ ਸਭਾ ਹਲਕੇ ਤੋਂ ਚੋਣ ਲੜ ਰਹੇ ਹਨ।

 

Check Also

ਕੈਨੇਡਾ ਨੂੰ ਅਮਰੀਕਾ ਦਾ 51ਵਾਂ ਸੂਬਾ ਬਣਾਉਣ ਲਈ ਗੰਭੀਰ : ਟਰੰਪ

ਅਮਰੀਕੀ ਰਾਸ਼ਟਰਪਤੀ ਨੇ ਕੈਨੇਡਾ ਨੂੰ ਸਾਲਾਨਾ 200 ਅਰਬ ਡਾਲਰ ਦੇ ਭੁਗਤਾਨ ‘ਤੇ ਚੁੱਕੇ ਸਵਾਲ ਵਾਸ਼ਿੰਗਟਨ/ਬਿਊਰੋ …