ਦਰਬਾਰਾ ਸਿੰਘ ਗੁਰੂ ਕਾਂਗਰਸ ਪਾਰਟੀ ਵਿਚ ਹੋ ਸਕਦੇ ਨੇ ਸ਼ਾਮਲ
ਤਪਾ ਮੰਡੀ/ਬਿਊਰੋ ਨਿਊਜ਼ : ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਜਿੱਥੇ ਸਿਆਸੀ ਅਖਾੜਾ ਪੂਰੀ ਤਰ੍ਹਾਂ ਭਖ ਚੁੱਕਿਆ ਹੈ, ਉਥੇ ਹੀ ਦਲ ਬਦਲੀਆਂ ਦਾ ਦੌਰ ਵੀ ਪੂਰੇ ਜ਼ੋਬਨ ‘ਤੇ ਹੈ। ਜਿਸ ਵੀ ਦਾਅਵੇਦਾਰ ਵਿਅਕਤੀ ਨੂੰ ਉਸ ਦੀ ਪਾਰਟੀ ਵੱਲੋਂ ਟਿਕਟ ਨਹੀਂ ਦਿੱਤੀ ਜਾਂਦੀ ਉਹ ਛਾਲ ਮਾਰ ਕੇ ਦੂਜੀ ਪਾਰਟੀ ਵਿਚ ਜਾ ਵੜਦਾ ਹੈ। ਇਸੇ ਲੜੀ ਤਹਿਤ ਹਲਕਾ ਭਦੌੜ ਤੋਂ ਚੋਣ ਲੜ ਚੁੱਕੇ ਸਾਬਕਾ ਪ੍ਰਿੰਸੀਪਲ ਸਕੱਤਰ ਦਰਬਾਰਾ ਸਿੰਘ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਦਿੱਤਾ ਹੈ। ਭਰੋਸੇਯੋਗ ਸੂਤਰਾਂ ਮਿਲੀ ਜਾਣਕਾਰੀ ਅਨਸਾਰ ਪਤਾ ਲੱਗਿਆ ਹੈ ਕਿ ਦਰਬਾਰਾ ਸਿੰਘ ਗੁਰੂ ਭਲਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਹਾਜਰੀ ‘ਚ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਧਿਆਨ ਰਹੇ ਕਿ ਦਰਬਾਰਾ ਸਿੰਘ ਗੁਰੂ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ‘ਤੇ ਦੋ ਵਾਰ ਵਿਧਾਨ ਸਭਾ ਚੋਣਾਂ ਲੜ ਚੁੱਕੇ ਹਨ ਪ੍ਰੰਤੂ ਉਨ੍ਹਾਂ ਨੂੰ ਦੋਵੇਂ ਵਾਰ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਵਾਰ ਸ਼੍ਰੋਮਣੀ ਅਕਾਲੀ ਦਲ ਨੇ ਦਰਬਾਰਾ ਸਿੰਘ ਗੁਰੂ ਟਿਕਟ ਨਹੀਂ ਦਿੱਤੀ ਸੀ, ਜਿਸ ਦੇ ਚਲਦਿਆਂ ਉਹ ਪਾਰਟੀ ਨਾਲ ਨਾਰਾਜ਼ ਚੱਲ ਰਹੇ ਸਨ ਅਤੇ ਗੁਰੂ ਨੇ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਸਮੇਤ ਹੋਰਨਾਂ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਆਪਣੇ ਅਸਤੀਫ਼ੇ ਦੀ ਕਾਪੀ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਭੇਜ ਦਿੱਤੀ ਹੈ।