ਲੰਬੀ ਤੋਂ ਸੁਖਬੀਰ ਹੋਣਗੇ ਵੱਡੇ ਬਾਦਲ ਦੇ ਕਵਰਿੰਗ ਉਮੀਦਵਾਰ
ਬਠਿੰਡਾ/ਬਿਊਰੋ ਨਿਊਜ਼ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਠਿੰਡਾ ‘ਚ ਕਿਹਾ ਕਿ ਅਕਾਲੀ ਦਲ ਤੇ ਬਸਪਾ ਗੱਠਜੋੜ ਦੀ ਸਰਕਾਰ ਬਣਨ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਸਾਰੀਆਂ ਗੈਰਕਾਨੂੰਨੀ ਗਤੀਵਿਧੀਆਂ, ਖਾਸ ਕਰਕੇ ਰੇਤ ਮਾਫ਼ੀਆ ਦੇ ਸਰਗਨੇ ਹੋਣ ਦੀ ਭੂਮਿਕਾ ਦੀ ਜਾਂਚ ਕਰਵਾਈ ਜਾਵੇਗੀ। ਉਹ ਇੱਥੇ ਪਾਰਟੀ ਉਮੀਦਵਾਰ ਸਰੂਪ ਚੰਦ ਸਿੰਗਲਾ ਵੱਲੋਂ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਰੱਖੀ ਗਈ ਮੀਟਿੰਗ ਵਿੱਚ ਸੰਬੋਧਨ ਕਰਨ ਲਈ ਪਹੁੰਚੇ ਹੋਏ ਸਨ।
ਬਾਦਲ ਨੇ ਕਿਹਾ ਕਿ ਚੰਨੀ ਨੇ ਨਾ ਸਿਰਫ ਗੈਰਕਾਨੂੰਨੀ ਮਾਈਨਿੰਗ ਨੂੰ ਉਤਸ਼ਾਹਿਤ ਕੀਤਾ, ਬਲਕਿ ਟਿੱਬਿਆਂ ਨੂੰ ਪੱਧਰ ਕਰਕੇ ਆਪਣੇ ਅਫ਼ਸਰਾਂ ਨੂੰ ਮਾਈਨਿੰਗ ਕਰਨ ਦੀਆਂ ਹਦਾਇਤਾਂ ਦੇਣ ਦੀ ਗੱਲ ਕਬੂਲੀ ਹੈ, ਜਿਸ ਮਾਮਲੇ ਦੀ ਪੜਤਾਲ ਕਰਵਾਈ ਜਾਵੇਗੀ ਅਤੇ ਮੁਲਜ਼ਮਾਂ ਕੋਲੋਂ ਪੈਸਾ ਵਸੂਲਿਆ ਜਾਵੇਗਾ। ਇਕ ਸਵਾਲ ਦੇ ਜਵਾਬ ਵਿਚ ਅਕਾਲੀ ਦਲ ਦੇ ਪ੍ਰਧਾਨ ਨੇ ਆਖਿਆ ਕਿ ਚੰਨੀ ਭਦੌੜ ਹਲਕੇ ਤੋਂ ਹਾਰਨਗੇ। ਉਨ੍ਹਾਂ ਕਿਹਾ ਕਿ ਚੰਨੀ ਜਾਣਦੇ ਹਨ ਕਿ ਉਹ ਚਮਕੌਰ ਸਾਹਿਬ ਹਲਕੇ ਤੋਂ ਹਾਰ ਰਹੇ ਹਨ, ਇਸੇ ਕਾਰਨ ਉਨ੍ਹਾਂ ਨੇ ਭਦੌੜ ਸੀਟ ਤੋਂ ਚੋਣ ਲੜਨ ਦਾ ਫ਼ੈਸਲਾ ਕੀਤਾ ਹੈ।
ਲੰਬੀ ਤੋਂ ਸੁਖਬੀਰ ਹੋਣਗੇ ਵੱਡੇ ਬਾਦਲ ਦੇ ਕਵਰਿੰਗ ਉਮੀਦਵਾਰ : ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੰਬੀ ਹਲਕੇ ਤੋਂ ਆਪਣੇ ਪਿਤਾ ਅਤੇ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਕਾਗਜ਼ ਦਾਖ਼ਲ ਕੀਤੇ ਹਨ। ਉਨ੍ਹਾਂ ਰਿਟਰਨਿੰਗ ਅਫ਼ਸਰ ਰਾਜਦੀਪ ਕੌਰ ਕੋਲ ਕਾਗ਼ਜ਼ ਦਾਖ਼ਲ ਕੀਤੇ। ਜ਼ਿਕਰਯੋਗ ਹੈ ਕਿ ਲੰਬੀ ਤੋਂ ਅਕਾਲੀ-ਬਸਪਾ ਗੱਠਜੋੜ ਦੇ ਉਮੀਦਵਾਰ ਪ੍ਰਕਾਸ਼ ਸਿੰਘ ਬਾਦਲ ਨੇ ਕਾਗਜ਼ ਦਾਖ਼ਲ ਕੀਤੇ ਹੋਏ ਹਨ।
Check Also
ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ
ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …