ਜਗਰਾਉਂ : ਜਗਰਾਉਂ ਨੇੜਲੇ ਪਿੰਡ ਸਿੱਧਵਾਂ ਕਲਾਂ ‘ਚ ਚੋਣ ਪ੍ਰਚਾਰ ਕਰਨ ਪੰਹੁਚੇ ਕਾਂਗਰਸ ਦੇ ਉਮੀਦਵਾਰ ਜਗਤਾਰ ਸਿੰਘ ਜੱਗਾ ਨੂੰ ਕਿਸਾਨ ਆਗੂਆਂ ਵੱਲੋਂ ਉਨ੍ਹਾਂ ਦੀ ਕਾਰਗੁਜ਼ਾਰੀ ਬਾਰੇ ਸਵਾਲ ਪੁੱਛੇ ਗਏ ਪਰ ਗੰਭੀਰ ਮੁੱਦਿਆਂ ‘ਤੇ ਚਰਚਾ ਕਰਨ ‘ਚ ਵਿਧਾਇਕ ਜੱਗਾ ਹਿੱਸੋਵਾਲ ਥਿੜਕ ਗਏ। ਸੀਨੀਅਰ ਕਾਂਗਰਸੀ ਆਗੂ ਮੇਜਰ ਸਿੰਘ ਭੈਣੀ, ਜ਼ਿਲ੍ਹਾ ਕਾਂਗਰਸ ਦਿਹਾਤੀ ਪ੍ਰਧਾਨ ਕਰਨਜੀਤ ਸਿੰਘ ਸੋਨੀ ਗਾਲਿਬ ਤੇ ਮਾਰਕੀਟ ਕਮੇਟੀ ਜਗਰਾਉਂ ਦੇ ਚੇਅਰਮੈਨ ਸਤਿੰਦਰਪਾਲ ਸਿੰਘ ਕਾਕਾ ਗਰੇਵਾਲ ਨੇ ਵਿਚ ਪੈ ਕੇ ਮਾਹੌਲ ਸ਼ਾਂਤ ਕਰਵਾਉਣ ਦੀ ਕੋਸ਼ਿਸ਼ ਕੀਤੀ। ਜਾਣਕਾਰੀ ਅਨੁਸਾਰ ਆਮ ਆਦਮੀ ਪਾਰਟੀ ਛੱਡ ਕੇ ਕਾਂਗਰਸ ‘ਚ ਆਏ ਉਮੀਦਵਾਰ ਜੱਗਾ ਹਿੱਸੋਵਾਲ ਜਦੋਂ ਪਿੰਡ ਵਿਚ ਚੋਣ ਪ੍ਰਚਾਰ ਕਰਨ ਪਹੁੰਚੇ ਤਾਂ ਕਿਸਾਨ ਸੰਘਰਸ਼ ‘ਚ ਮੋਹਰੀ ਭੂਮਿਕਾ ਅਦਾ ਕਰਨ ਵਾਲੇ ਗੁਰਪ੍ਰੀਤ ਸਿੰਘ ਸਿੱਧਵਾਂ ਨੇ ਉਨ੍ਹਾਂ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ। ਇਸ ਮੌਕੇ ਕਿਸਾਨ ਆਗੂਆਂ ਨੇ ਫ਼ਸਲਾਂ ਦੇ ਖਰਾਬੇ ਦੀ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਜਾਰੀ ਨਾ ਹੋਣ, ਸ਼ਹੀਦ ਕਿਸਾਨ ਪਰਿਵਾਰਾਂ ਦੇ ਵਾਰਸਾਂ ਨੂੰ ਮੁਆਵਜ਼ਾ ਤੇ ਸਰਕਾਰੀ ਨੌਕਰੀ ਨਾ ਦੇਣ ਅਤੇ ਕਰੋਨਾ ਦੀ ਆੜ ‘ਚ ਬੰਦ ਪਏ ਸਕੂਲ ਖੋਲ੍ਹਣ ਬਾਰੇ ਪੁੱਛਿਆ ਗਿਆ ਤਾਂ ਕਾਂਗਰਸੀ ਉਮੀਦਵਾਰ ਨੇ ਕੋਈ ਠੋਸ ਜਵਾਬ ਦੇਣ ਜਾਂ ਕਾਰਵਾਈ ਕਰਨ ਦੀ ਥਾਂ ਪੱਲਾ ਛੁਡਾਉਣ ‘ਚ ਹੀ ਬਿਹਤਰੀ ਸਮਝੀ। ਕਿਸਾਨਾਂ ਨੇ ਉਨ੍ਹਾਂ ਨੂੰ ਕਾਂਗਰਸ ਵੱਲੋਂ ਪਿਛਲੇ ਤੀਹ ਸਾਲਾਂ ਤੋਂ ਲਾਗੂ ਕੀਤੀਆਂ ਗਈਆਂ ਨਿੱਜੀਕਰਨ ਤੇ ਠੇਕੇਦਾਰੀ ਦੀਆਂ ਨੀਤੀਆਂ ਅਤੇ ਡਬਲਿਊਟੀਓ ਦੀਆਂ ਸਭ ਸ਼ਰਤਾਂ ਨੂੰ ਪ੍ਰਵਾਨ ਕਰਨ ਬਾਰੇ ਵੀ ਸਵਾਲ ਕੀਤਾ ਤਾਂ ਕਾਂਗਰਸੀ ਉਮੀਦਵਾਰ ਲਾਜਵਾਬ ਹੋ ਗਏ। ਕਿਸਾਨ ਆਗੂਆਂ ਨੇ ਦੱਸਿਆ ਕਿ ਪਿੰਡਾਂ ‘ਚ ਆਉਣ ਵਾਲੀਆਂ ਦੂਜੀਆਂ ਸਿਆਸੀ ਪਾਰਟੀਆਂ ਨੂੰ ਵੀ ਸਵਾਲ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸੋਸ਼ਲ ਮੀਡੀਆ ‘ਤੇ ਬਾਕਾਇਦਾ ਇਕ ਸਵਾਲਨਾਮਾ ਜਾਰੀ ਕੀਤਾ ਗਿਆ ਹੈ ਤਾਂ ਕਿ ਹਰ ਪਿੰਡ ‘ਚ ਉਮੀਦਵਾਰਾਂ ਨੂੰ ਸਵਾਲ ਕੀਤੇ ਜਾ ਸਕਣ।
Check Also
ਮਨਪ੍ਰੀਤ ਬਾਦਲ ਦੇ ਪੁੱਤਰ ਅਰਜੁਨ ਬਾਦਲ ਨੇ ਰਾਜਾ ਵੜਿੰਗ ’ਤੇ ਕੀਤਾ ਸਿਆਸੀ ਹਮਲਾ
ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਦੱਸਿਆ ਹੰਕਾਰੀ ਗਿੱਦੜਬਾਹਾ/ਬਿਊਰੋ ਨਿਊਜ਼ : ਗਿੱਦੜਬਾਹਾ ਵਿਧਾਨ ਸਭਾ …