ਰਾਜੇਵਾਲ ਸਮਰਾਲਾ ਤੋਂ ਹਨ ਸੰਯੁਕਤ ਸਮਾਜ ਮੋਰਚਾ ਦੇ ਉਮੀਦਵਾਰ
ਸਮਰਾਲਾ : ਸੰਯੁਕਤ ਸਮਾਜ ਮੋਰਚਾ ਦੇ ਪ੍ਰਧਾਨ ਅਤੇ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ ਬਲਬੀਰ ਸਿੰਘ ਰਾਜੇਵਾਲ ਨੇ ਹਲਕਾ ਸਮਰਾਲਾ ਤੋਂ ਆਪਣਾ ਨਾਮਜ਼ਦਗੀ ਪੱਤਰ ਚੋਣ ਅਧਿਕਾਰੀ ਵਿਕਰਮਜੀਤ ਸਿੰਘ ਪਾਂਥੇ ਕੋਲ ਦਾਖ਼ਲ ਕਰਵਾਇਆ। ਉਨ੍ਹਾਂ ਕਿਹਾ ਕਿ ਸੰਯੁਕਤ ਸਮਾਜ ਮੋਰਚਾ ਪੰਜਾਬ ਨੂੰ ਬਚਾਉਣ ਦੀ ਲੜਾਈ ਲੜ ਰਿਹਾ ਹੈ ਅਤੇ ਹੁਣ ਸੂਬੇ ਦੇ ਲੋਕਾਂ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਮੋਰਚੇ ਵੱਲੋਂ ਖੜ੍ਹੇ ਕੀਤੇ ਸਾਰੇ ਉਮੀਦਵਾਰਾਂ ਨੂੰ ਜਿਤਾਉਣ। ਉਨ੍ਹਾਂ ਕਿਹਾ ਕਿ ਰਿਵਾਇਤੀ ਪਾਰਟੀਆਂ ਨੇ ਆਪਣੇ 75 ਸਾਲਾਂ ਦੇ ਰਾਜ ਵਿਚ ਪੰਜਾਬ ਨੂੰ ਲੁੱਟ ਕੇ ਕੰਗਾਲ ਕਰ ਦਿੱਤਾ ਹੈ। ਇਸ ਵਾਰ ਬਦਲਾਅ ਦੀ ਹਵਾ ਚੱਲ ਰਹੀ ਹੈ ਅਤੇ ਜੇ ਰਾਜਨੀਤਕ ਬਦਲਾਅ ਨਾ ਆਇਆ ਤਾਂ ਪੰਜਾਬ ਨੂੰ ਇਸ ਦੀ ਕੀਮਤ ਅਦਾ ਕਰਨੀ ਪਵੇਗੀ। ਸੰਯੁਕਤ ਸਮਾਜ ਮੋਰਚੇ ਨੂੰ ਚੋਣ ਨਿਸ਼ਾਨ ਨਾ ਅਲਾਟ ਕੀਤੇ ਜਾਣ ਸਬੰਧੀ ਉਨ੍ਹਾਂ ਕਿਹਾ ਕਿ ਇਹ ਆਮ ਆਦਮੀ ਪਾਰਟੀ ਅਤੇ ਭਾਜਪਾ ਦੀ ਮਿਲੀਭੁਗਤ ਹੈ ਪਰ ਮੋਰਚੇ ਦੇ ਉਮੀਦਵਾਰ ਹਰ ਹਾਲ ਸਾਂਝੇ ਚੋਣ ਨਿਸ਼ਾਨ ‘ਤੇ ਚੋਣ ਲੜਨਗੇ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ, ਨਸ਼ਿਆਂ ਅਤੇ ਪੰਜਾਬ ਵਿੱਚ ਫੈਲੇ ਹਰ ਕਿਸਮ ਦੇ ਮਾਫੀਏ ਨੂੰ ਖਤਮ ਕਰਨਾ ਉਨ੍ਹਾਂ ਦਾ ਮੁੱਖ ਮੰਤਵ ਹੈ।