Breaking News
Home / ਪੰਜਾਬ / ਪੰਜਾਬ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਪੰਜਾਬ ਦੇ ਕਿਸਾਨਾਂ ਵੱਲੋਂ ਮੋਦੀ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ

ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ ਸੂਬੇ ‘ਚ ‘ਵਿਸ਼ਵਾਸਘਾਤ ਦਿਵਸ’ ਮਨਾਉਂਦਿਆਂ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਖਿਲਾਫ਼ ਭਰਵੇਂ ਮੁਜ਼ਾਹਰੇ ਕੀਤੇ। ਪ੍ਰਦਰਸ਼ਨਾਂ ਦੌਰਾਨ ਮਹੱਤਵਪੂਰਨ ਗੱਲ ਇਹ ਰਹੀ ਕਿ ਪੰਜਾਬ ਵਿੱਚ ਚੋਣਾਂ ‘ਚ ਹਿੱਸਾ ਲੈ ਰਹੇ ਕਿਸੇ ਵੀ ਆਗੂ ਨੂੰ ਸਟੇਜ ਤੋਂ ਬੋਲਣ ਨਹੀਂ ਦਿੱਤਾ ਗਿਆ।
ਕਿਸਾਨਾਂ ਨੇ ਜ਼ਿਲ੍ਹਾ ਅਤੇ ਤਹਿਸੀਲ ਪੱਧਰ ‘ਤੇ ਮੋਦੀ ਸਰਕਾਰ ਦੀਆਂ ਅਰਥੀਆਂ ਫੂਕਦਿਆਂ ਰਾਸ਼ਟਰਪਤੀ ਨੂੰ ਮੰਗ ਪੱਤਰ ਭੇਜ ਕੇ ਕਿਸਾਨ ਅੰਦੋਲਨ ਦੀਆਂ ਰਹਿੰਦੀਆਂ ਮੰਗਾਂ ਪੂਰਾ ਕਰਨ ਦੀ ਮੰਗ ਕੀਤੀ। ਇਸ ਦੇ ਨਾਲ ਹੀ ਪੰਜਾਬ ਦੇ ਰਾਜਪਾਲ ਨੂੰ ਸੂਬਾ ਸਰਕਾਰ ਨਾਲ ਸਬੰਧਤ ਮੰਗਾਂ ਸਬੰਧੀ ਵੀ ਮੰਗ ਪੱਤਰ ਭੇਜੇ ਗਏ। ਕਿਸਾਨ ਆਗੂਆਂ ਜਗਮੋਹਨ ਸਿੰਘ ਪਟਿਆਲਾ, ਨਿਰਭੈ ਸਿੰਘ ਢੁੱਡੀਕੇ, ਡਾ. ਦਰਸ਼ਨ ਪਾਲ, ਸੁਖਦੇਵ ਸਿੰਘ ਕੋਕਰੀ ਕਲਾਂ, ਸਤਨਾਮ ਸਿੰਘ ਪੰਨੂ ਅਤੇ ਹੋਰਾਂ ਨੇ ਦੱਸਿਆ ਕਿ ਮੋਰਚੇ ਨਾਲ ਸਬੰਧਤ ਮੰਗਾਂ ਮੰਨਣ ਅਤੇ ਸਾਰੀਆਂ ਫਸਲਾਂ ‘ਤੇ ਐੱਮਐੱਸਪੀ ਦੀ ਗਾਰੰਟੀ ਦਾ ਕਾਨੂੰਨ ਬਣਾਉਣ ਦੀ ਮੰਗ ਦਾ ਲਿਖਤੀ ਭਰੋਸਾ ਕੇਂਦਰ ਤੋਂ ਮਿਲਣ ਮਗਰੋਂ ਹੀ ਦਿੱਲੀ ਮੋਰਚਾ ਮੁਲਤਵੀ ਕੀਤਾ ਗਿਆ ਸੀ ਪ੍ਰੰਤੂ ਦੋ ਮਹੀਨੇ ਤੋਂ ਵੱਧ ਸਮਾਂ ਬੀਤਣ ‘ਤੇ ਵੀ ਕੇਂਦਰ ਸਰਕਾਰ ਵਲੋਂ ਨਾ ਤਾਂ ਐੱਮਐੱਸਪੀ ਦੀ ਕਾਨੂੰਨੀ ਗਾਰੰਟੀ ਲਈ ਕਮੇਟੀ ਦਾ ਗਠਨ ਕੀਤਾ ਗਿਆ ਹੈ ਅਤੇ ਨਾ ਹੀ ਅੰਦੋਲਨ ਦੌਰਾਨ ਕਿਸਾਨਾਂ ‘ਤੇ ਬਣਾਏ ਝੂਠੇ ਪੁਲੀਸ ਕੇਸਾਂ ਨੂੰ ਵਾਪਸ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ‘ਚ ਕਿਸਾਨਾਂ ‘ਤੇ ਗੱਡੀਆਂ ਚੜ੍ਹਾ ਕੇ ਸ਼ਹੀਦ ਕਰਨ ਦੀ ਸਾਜਿਸ਼ ਘੜਨ ਵਾਲਾ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਅਜੇ ਤੱਕ ਵੀ ਕੁਰਸੀ ਤੇ ਬਿਰਾਜਮਾਨ ਹੈ। ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨ ਕੇ ਕੇਂਦਰ ਸਰਕਾਰ ਨੇ ਕਿਸਾਨਾਂ ਨਾਲ ਵਿਸ਼ਵਾਸਘਾਤ ਕੀਤਾ ਹੈ।
ਕਿਸਾਨ ਆਗੂਆਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ, ਮਾਨਸਾ, ਬਠਿੰਡਾ, ਫਰੀਦਕੋਟ, ਫਿਰੋਜ਼ਪੁਰ, ਫਾਜ਼ਿਲਕਾ, ਫਤਿਹਗੜ੍ਹ ਸਾਹਿਬ, ਗੁਰਦਾਸਪੁਰ, ਤਰਨਤਾਰਨ, ਮੁਕਤਸਰ ਸਾਹਿਬ, ਮੁਹਾਲੀ, ਪਠਾਨਕੋਟ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਮੋਗਾ, ਰੋਪੜ, ਆਨੰਦਪੁਰ ਸਾਹਿਬ ਅਤੇ ਨਵਾਂ ਸ਼ਹਿਰ ਜ਼ਿਲ੍ਹਿਆਂ ‘ਚ ਵੱਡੀ ਗਿਣਤੀ ‘ਚ ਕਿਸਾਨਾਂ ਨੇ ਅਰਥੀ ਫੂਕ ਮੁਜ਼ਾਹਰੇ ਕੀਤੇ। ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਨੂੰ ਵੀ ਪੱਤਰ ਸੌਂਪ ਕੇ ਮੰਗ ਕੀਤੀ ਗਈ ਹੈ ਕਿ ਕਿਸਾਨਾਂ ਸਿਰ ਚੜ੍ਹਿਆ ਕਰਜ਼ਾ ਖ਼ਤਮ ਕੀਤਾ ਜਾਵੇ, ਸ਼ਹੀਦ ਕਿਸਾਨ ਪਰਿਵਾਰਾਂ ਨੂੰ ਪੰਜ-ਪੰਜ ਲੱਖ ਰੁਪਏ ਦਾ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ ਦਾ ਅਮਲ ਜਾਰੀ ਰੱਖਿਆ ਜਾਵੇ ਅਤੇ ਗੁਲਾਬੀ ਸੁੰਡੀ ਕਾਰਨ ਬਰਬਾਦ ਹੋਈ ਨਰਮੇ ਦੀ ਫਸਲ ਦਾ ਜਾਰੀ ਹੋਇਆ ਮੁਆਵਜ਼ਾ ਜਲਦੀ ਕਿਸਾਨਾਂ-ਮਜ਼ਦੂਰਾਂ ਨੂੰ ਅਦਾ ਕੀਤਾ ਜਾਵੇ।

ਸੰਯੁਕਤ ਕਿਸਾਨ ਮੋਰਚੇ ਨੇ ਭਾਜਪਾ ਨੂੰ ਸਬਕ ਸਿਖਾਉਣ ਦੀ ਕੀਤੀ ਅਪੀਲ
ਪੰਜ ਰਾਜਾਂ ‘ਚ ਭਾਜਪਾ ਨੂੰ ਸਿਆਸੀ ਸਜ਼ਾ ਦੇਣ ਵਾਲਾ ਪੋਸਟਰ ਕੀਤਾ ਜਾਰੀ
ਨਵੀਂ ਦਿੱਲੀ : ਸੰਯੁਕਤ ਕਿਸਾਨ ਮੋਰਚੇ ਨੇ ਅੱਜ ਇਕ ਪ੍ਰੈਸ ਕਾਨਫਰੰਸ ਕੀਤੀ ਗਈ। ਇਸ ਪ੍ਰੈਸ ਕਾਨਫਰੰਸ ‘ਚ ਸੰਯੁਕਤ ਕਿਸਾਨ ਮੋਰਚੇ ਨੇ ਫੈਸਲਾ ਕੀਤਾ ਕਿ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ‘ਚ ਭਾਰਤੀ ਜਨਤਾ ਪਾਰਟੀ ਨੂੰ ਸਬਕ ਸਿਖਾਇਆ ਜਾਵੇ। ਕਿਸਾਨ ਮੋਰਚੇ ਨੇ ਭਾਜਪਾ ਨੂੰ ਸਬਕ ਸਿਖਾਉਣ ਵਾਲਾ ਇਕ ਪੋਸਟਰ ਵੀ ਜਾਰੀ ਕੀਤਾ। ਕਿਸਾਨ ਆਗੂਆਂ ਨੇ ਦੱਸਿਆ ਕਿ ਇਹ ਪੋਸਟਰ ਪੰਜ ਰਾਜਾਂ ‘ਚ ਜ਼ਿਲ੍ਹਾ ਪੱਧਰ ‘ਤੇ ਛਪਵਾ ਵੰਡਿਆਂ ਜਾਵੇਗਾ ਅਤੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਕਿ ਭਾਰਤੀ ਜਨਤਾ ਪਾਰਟੀ ਨੂੰ ਵੋਟ ਨਾ ਪਾਈ ਜਾਵੇ। ਇਸ ਮੌਕੇ ਬੋਲਦਿਆਂ ਕਿਸਾਨ ਆਗੂ ਹਨਨ ਮੌਲਾ ਨੇ ਕਿਹਾ ਕਿ ਯੂਪੀ ਅੰਦਰ ਛੋਟੀਆਂ-ਛੋਟੀਆਂ ਮੀਟਿੰਗਾਂ ਕਰਕੇ ਵੀ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ। ਜਿਹੜਾ ਪੋਸਟਰ ਕਿਸਾਨ ਆਗੂਆਂ ਵੱਲੋਂ ਜਾਰੀ ਕੀਤਾ ਗਿਆ ਹੈ, ਉਸ ਵਿਚ ਭਾਜਪਾ ਨੂੰ ਕਿਸਾਨ ਵਿਰੋਧੀ ਕਰਾਰ ਦਿੱਤਾ ਗਿਆ ਹੈ। ਇਹ ਪੋਸਟਰ ਕਿਸਾਨ ਆਗੂ ਰਾਕੇਸ਼ ਟਿਕੈਤ, ਡਾ. ਦਰਸ਼ਨ ਪਾਲ, ਹਨਨ ਮੌਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵ ਕੁਮਾਰ ਸ਼ਰਮਾ, ਯੁੱਧਵੀਰ ਸਿੰਘ ਅਤੇ ਯੋਗਿੰਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ।

Check Also

ਪ੍ਰਤਾਪ ਸਿੰਘ ਬਾਜਵਾ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਸਾਧਿਆ ਸਿਆਸੀ ਨਿਸ਼ਾਨਾ

ਕਿਹਾ : ਸਿਹਤ ਖਰਾਬ ਹੋਣ ਤੋਂ ਬਾਅਦ ਸਰਕਾਰੀ ਹਸਪਤਾਲ ’ਚ ਦਾਖਲ ਕਿਉਂ ਨਹੀਂ ਹੋਏ ਮੁੱਖ …