ਹੁਣ ਸੰਯੁਕਤ ਸਮਾਜ ਮੋਰਚੇ ਦਾ ਹਰ ਉਮੀਦਵਾਰ ‘ਮੰਜਾ’ ਚੋਣ ਨਿਸ਼ਾਨ ‘ਤੇ ਲੜੇਗਾ ਚੋਣ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਚੋਣ ਅਖਾੜੇ ‘ਚ ਨਿੱਤਰੇ ਸੰਯੁਕਤ ਸਮਾਜ ਮੋਰਚੇ ਨੂੰ ਅੱਜ ਚੋਣ ਕਮਿਸ਼ਨ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤਾ ਗਿਆ। ਹੁਣ ਸੰਯੁਕਤ ਸਮਾਜ ਮੋਰਚਾ ‘ਮੰਜਾ’ ਚੋਣ ਨਿਸ਼ਾਨ ‘ਤੇ ਪੰਜਾਬ ਵਿਧਾਨ ਸਭਾ ਚੋਣਾਂ ਲੜੇਗਾ। ਸੰਯੁਕਤ ਸਮਾਜ ਮੋਰਚੇ ਦੇ ਆਗੂਆਂ ਵੱਲੋਂ ਚੋਣ ਕਮਿਸ਼ਨ ਤੋਂ ਟਰੈਕਟਰ ਚੋਣ ਨਿਸ਼ਾਨ ਦੀ ਮੰਗ ਕੀਤੀ ਜਾ ਰਹੀ ਸੀ ਪ੍ਰੰਤੂ ਉਨ੍ਹਾਂ ਦੀ ਇਹ ਮੰਗ ਪੂਰੀ ਨਹੀਂ ਹੋ ਸਕੀ। ਇਸ ਤੋਂ ਪਹਿਲਾਂ ਕਿਸਾਨਾਂ ਵੱਲੋਂ ਬਣਾਏ ਗਏ ਸੰਯੁਕਤ ਸਮਾਜ ਮੋਰਚੇ ਨੂੰ ਰਜਿਸਟਰਡ ਕਰਵਾਉਣ ਲਈ ਵੀ ਕਾਫ਼ੀ ਮੁਸ਼ੱਕਤ ਕਰਨੀ ਪਈ ਸੀ, ਜਿਸ ਨੂੰ ਲੈ ਕੇ ਉਨ੍ਹਾਂ ਵੱਲੋਂ ਚੋਣ ਕਮਿਸ਼ਨ ‘ਤੇ ਕਈ ਤਰ੍ਹਾਂ ਗੰਭੀਰ ਆਰੋਪ ਲਗਾਏ ਗਏ ਸਨ। ਪ੍ਰੰਤੂ ਨਾਮਜ਼ਦਗੀ ਪੱਤਰ ਦਾਖਲ ਕਰਨ ਦਾ ਸਮਾਂ ਖਤਮ ਹੋਣ ਤੋਂ ਬਾਅਦ ਚੋਣ ਕਮਿਸ਼ਨ ਨੇ ਸੰਯੁਕਤ ਸਮਾਜ ਮੋਰਚੇ ਨੂੰ ਰਾਜਨੀਤਿਕ ਪਾਰਟੀ ਵਜੋਂ ਮਾਨਤਾ ਦੇ ਦਿੱਤੀ ਸੀ। ਧਿਆਨ ਰਹੇ ਕਿ ਪੰਜਾਬ ਦੀਆਂ 22 ਕਿਸਾਨ ਜਥੇਬੰਦੀਆਂ ਵੱਲੋਂ ਇਕਮੁੱਠ ਹੋ ਕੇ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਿਚ ਪੰਜਾਬ ਵਿਧਾਨ ਸਭਾ ਚੋਣਾਂ ਲੜੀਆਂ ਜਾ ਰਹੀਆਂ ਹਨ। ਇਨ੍ਹਾਂ ਚੋਣਾਂ ਦੌਰਾਨ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਵੱਲੋਂ ਬਣਾਈ ਗਈ ਸੰਯੁਕਤ ਸੰਘਰਸ਼ ਪਾਰਟੀ ਨਾਲ ਚੋਣਾਵੀ ਗੱਠਜੋੜ ਵੀ ਕੀਤਾ ਗਿਆ ਹੈ।