ਐਡਵੋਕੇਟ ਧਾਮੀ ਨੇ ਭਾਜਪਾ ’ਤੇ ਪੰਜਾਬ ਦਾ ਮਾਹੌਲ ਖਰਾਬ ਕਰਨ ਦੇ ਲਗਾਏ ਆਰੋਪ
ਅੰਮਿ੍ਰਤਸਰ/ਬਿੳੂਰੋ ਨਿੳੂਜ਼
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਪੈਰੋਲ ਦੇਣ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। ਉਨ੍ਹਾਂ ਆਖਿਆ ਕਿ ਡੇਰਾ ਮੁਖੀ ਦੀ ਪੈਰੋਲ ’ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਸਿਰਸਾ ਮੁਖੀ ਜਿਥੇ ਜਬਰ ਜਨਾਹ ਤੇ ਕਤਲ ਵਰਗੇ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਇਸਦਾ ਬਰਗਾੜੀ ਵਿਖੇ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨਾਲ ਵੀ ਸਿੱਧਾ ਸਬੰਧ ਜੁੜਦਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਦੇਸ਼ ਅਤੇ ਖ਼ਾਸਕਰ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ ਨਹੀਂ ਕਰ ਰਹੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਭਾਜਪਾ ਪੰਜਾਬ ਨੂੰ ਸ਼ਾਂਤ ਨਹੀਂ ਦੇਖਣਾ ਚਾਹੁੰਦੀ, ਇਸੇ ਲਈ ਹੀ ਰਾਮ ਰਹੀਮ ਨੂੰ ਬਾਹਰ ਲਿਆਂਦਾ ਜਾ ਰਿਹਾ ਹੈ। ਉਨ੍ਹਾਂ ਕਿਹਾ ਡੇਰਾ ਮੁਖੀ ਨੂੰ ਦਿੱਤੀ ਗਈ ਪੈਰੋਲ ਦਾ ਸਖਤ ਵਿਰੋਧ ਕੀਤਾ ਜਾਵੇਗਾ।