ਭਾਜਪਾ ਉਮੀਦਵਾਰਾਂ ਦੇ ਹੱਕ ’ਚ ਵਰਕਰਾਂ ਦੀ ਰੈਲੀ ਨੂੰ ਕਰਨਗੇ ਸੰਬੋਧਨ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਦੂਜੀ ਵਰਚੂਅਲ ਰੈਲੀ ਨੂੰ ਸੰਬੋਧਨ ਕਰਨਾ ਸੀ ਪ੍ਰੰਤੂ ਇਸ ਵਰਚੂਅਲ ਰੈਲੀ ਨੂੰ ਕਿਸੇ ਕਾਰਨ ਕਰਕੇ ਰੱਦ ਕਰ ਦਿੱਤਾ ਗਿਆ ਹੈ। ਪ੍ਰੰਤੂ ਹੁਣ ਆਉਂਦੀ 14 ਫਰਵਰੀ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਲੰਧਰ ਵਿਖੇ ਭਾਜਪਾ ਵਰਕਰਾਂ ਦੀ ਰੈਲੀ ਨੂੰ ਸੰਬੋਧਨ ਕਰਨਗੇ। ਧਿਆਨ ਰਹੇ ਕਿ ਲੰਘੇ ਕੱਲ੍ਹ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਵਰਚੂਅਲ ਰੈਲੀ ਰਾਹੀਂ ਲੁਧਿਆਣਾ ਅਤੇ ਸ੍ਰੀ ਫਤਿਹਗੜ੍ਹ ਸਾਹਿਬ ਦੇ ਵੋਟਰਾਂ ਨੂੰ ਸੰਬੋਧਨ ਕੀਤਾ ਸੀ। ਇਸ ਵਰਚੂਅਲ ਰੈਲੀ ਨੂੰ ਸੰਬੋਧਨ ਕਰਦੇ ਹੋਏ ਪ੍ਰਧਾਨ ਮੰਤਰੀ ਨੇ ਕਾਂਗਰਸ ਪਾਰਟੀ ਨੂੰ ਸਿੱਖ ਕਤਲੇਆਮ ਲਈ ਦੋਸ਼ੀ ਦੱਸਿਆ ਸੀ। ਉਨ੍ਹਾਂ ਕਿਹਾ ਕਿ ਪੰਜਾਬ ’ਚ ਸੱਤਾ ਹਾਸਲ ਕਰਨ ਲਈ ਕਾਂਗਰਸ ਪਾਰਟੀ ਨੇ ਪੰਜਾਬ ਨੂੰ ਅੱਤਵਾਦ ਦੀ ਅੱਗ ਵਿਚ ਝੋਕਿਆ ਸੀ ਜਦਕਿ ਸਾਡੀ ਸਰਕਾਰ ਨੇ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿੱਤੀਆਂ। ਇਨ੍ਹਾਂ ਤੋਂ ਇਲਾਵਾ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਭਾਜਪਾ ਦੇ ਕੌਮੀ ਪ੍ਰਧਾਨ ਜੇਪੀ ਨੱਢਾ, ਰੱਖਿਆ ਮੰਤਰੀ ਰਾਜਨਾਥ ਸਿੰਘ, ਨਿਤਿਨ ਗਡਕਰੀ, ਸਮਿਰਤੀ ਇਰਾਨੀ, ਹੇਮਾ ਮਾਲਿਨੀ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਜੈਰਾਮ ਠਾਕੁਰ ਵੀ ਪੰਜਾਬ ’ਚ ਚੋਣ ਰੈਲੀਆਂ ਕਰਨਗੇ।