ਜਥੇਦਾਰ, ਸ਼੍ਰੋਮਣੀ ਕਮੇਟੀ ਅਤੇ ਸਿੱਖ ਜਥੇਬੰਦੀਆਂ ਨੇ ਡੇਰਾ ਮੁਖੀ ਦੀ ਪੈਰੋਲ ਰੱਦ ਕਰਨ ਦੀ ਕੀਤੀ ਮੰਗ
ਅੰਮ੍ਰਿਤਸਰ/ਬਿਊਰੋ ਨਿਊਜ਼ : ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ 21 ਦਿਨ ਦੀ ਫਰਲੋ ਦੇਣ ਦੇ ਫੈਸਲੇ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਇਤਰਾਜ਼ ਕਰਦਿਆਂ ਉਸਦੀ ਰਿਹਾਈ ਰੱਦ ਕਰਨ ਦੀ ਮੰਗ ਕੀਤੀ ਹੈ। ਸਿੱਖ ਧਾਰਮਿਕ ਆਗੂਆਂ ਨੇ ਆਖਿਆ ਕਿ ਇਹ ਫੈਸਲਾ ਪੰਜਾਬ ਦੀ ਭਾਈਚਾਰਕ ਸਾਂਝ ਨੂੰ ਨੁਕਸਾਨ ਪਹੁੰਚਾਉਣ ਵਾਲਾ ਹੈ, ਜਿਸ ‘ਤੇ ਤੁਰੰਤ ਰੋਕ ਲੱਗਣੀ ਚਾਹੀਦੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਡੇਰਾ ਮੁਖੀ ਜਿਥੇ ਜਬਰ-ਜਨਾਹ ਅਤੇ ਕਤਲ ਵਰਗੇ ਸੰਗੀਨ ਦੋਸ਼ਾਂ ਤਹਿਤ ਸਜ਼ਾ ਕੱਟ ਰਿਹਾ ਹੈ, ਉਥੇ ਹੀ ਬਰਗਾੜੀ ‘ਚ ਹੋਈ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਨਾਲ ਵੀ ਉਸ ਦਾ ਸਿੱਧਾ ਸਬੰਧ ਜੁੜਦਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਹਰਿਆਣਾ ਅਤੇ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਰਲ ਕੇ ਰਾਜਸੀ ਖੇਡ ਖੇਡੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਚੋਣਾਂ ਮੌਕੇ ਭਾਜਪਾ ਰਾਜਸੀ ਲਾਹਾ ਲੈਣ ਦੇ ਮੰਤਵ ਨਾਲ ਪੰਜਾਬ ਦੇ ਮਾਹੌਲ ਨੂੰ ਖਰਾਬ ਕਰਨ ਤੋਂ ਵੀ ਗੁਰੇਜ਼ ਨਹੀਂ ਕਰ ਰਹੀ ਹੈ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਅਤੇ ਹਰਿਆਣਾ ਸਰਕਾਰ ਇਸ ਫੈਸਲੇ ‘ਤੇ ਮੁੜ ਵਿਚਾਰ ਕਰੇ ਅਤੇ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਲਈ ਸਿੱਖਾਂ ਤੋਂ ਇਸ ਗਲਤੀ ਦੀ ਮੁਆਫ਼ੀ ਵੀ ਮੰਗੇ। ਇਸ ਦੌਰਾਨ ਦਲ ਖਾਲਸਾ ਦੇ ਆਗੂ ਕੰਵਰਪਾਲ ਸਿੰਘ ਨੇ ਆਖਿਆ ਕਿ ਡੇਰਾ ਪ੍ਰੇਮੀਆਂ ਦੀਆਂ ਵੋਟਾਂ ਲੈਣ ਲਈ ਰਾਮ ਰਹੀਮ ਨੂੰ ਛੱਡਿਆ ਜਾ ਰਿਹਾ ਹੈ ਅਤੇ ਇਹ ਭਾਜਪਾ ਦੇ ਇਸ਼ਾਰੇ ‘ਤੇ ਹੋਇਆ ਹੈ। ਉਨ੍ਹਾਂ ਕਿਹਾ ਕਿ ਮਾਲਵਾ ਖੇਤਰ ਵਿਚ ਡੇਰਾ ਪ੍ਰੇਮੀਆਂ ਦੀਆਂ ਵੋਟਾਂ ‘ਤੇ ਸਾਰੀਆਂ ਹੀ ਪਾਰਟੀਆਂ ਦੀ ਨਿਗਾਹ ਹੈ ਅਤੇ ਭਾਜਪਾ ਵਲੋਂ ਡੇਰੇ ਦੀ ਵੋਟ ਨੂੰ ਆਪਣੇ ਹੱਕ ਵਿਚ ਭੁਗਤਾਉਣ ਲਈ ਇਹ ਚਾਲ ਖੇਡੀ ਗਈ ਹੈ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਜਪਾ ਨੂੰ ਕਰਾਰੀ ਹਾਰ ਦੇ ਕੇ ਸਬਕ ਸਿਖਾਉਣ।