Breaking News
Home / ਭਾਰਤ / ਪ੍ਰਿਯੰਕਾ ਗਾਂਧੀ ਵੱਲੋਂ ਯੂਪੀ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ

ਪ੍ਰਿਯੰਕਾ ਗਾਂਧੀ ਵੱਲੋਂ ਯੂਪੀ ਲਈ ਕਾਂਗਰਸ ਦਾ ਮੈਨੀਫੈਸਟੋ ਜਾਰੀ

ਖੇਤੀ ਕਰਜ਼ੇ ਮੁਆਫ਼ ਕਰਨ ਅਤੇ 20 ਲੱਖ ਨੌਕਰੀਆਂ ਦੇਣ ਦਾ ਵਾਅਦਾ
ਲਖਨਊ/ਬਿਊਰੋ ਨਿਊਜ਼ : ਕਾਂਗਰਸ ਨੇ ਉੱਤਰ ਪ੍ਰਦੇਸ਼ ਲਈ ਜਾਰੀ ਆਪਣੇ ਚੋਣ ਮਨੋਰਥ ਪੱਤਰ (ਮੈਨੀਫੈਸਟੋ) ‘ਚ ਕਿਸਾਨਾਂ ਦੇ ਖੇਤੀ ਕਰਜ਼ੇ ਮੁਆਫ਼ ਕਰਨ, ਲਾਵਾਰਿਸ ਪਸ਼ੂਆਂ ਵੱਲੋਂ ਫਸਲਾਂ ਦੇ ਨੁਕਸਾਨ ਲਈ ਤਿੰਨ ਹਜ਼ਾਰ ਰੁਪਏ ਮੁਆਵਜ਼ਾ ਅਤੇ 20 ਲੱਖ ਸਰਕਾਰੀ ਨੌਕਰੀਆਂ ਦੇਣ ਦੇ ਵਾਅਦੇ ਕੀਤੇ ਹਨ। ਕਾਂਗਰਸ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ ਨੇ ਪਾਰਟੀ ਦੇ ਮੈਨੀਫੈਸਟੋ ‘ਉੱਨਤੀ ਵਿਧਾਨ’ ਨੂੰ ਜਾਰੀ ਕੀਤਾ ਜਿਸ ਨੂੰ ਉਸ ਨੇ ‘ਜਨ ਘੋਸ਼ਣਾ ਪੱਤਰ’ ਕਰਾਰ ਦਿੱਤਾ। ਚੋਣ ਮਨੋਰਥ ਪੱਤਰ ਸੂਬੇ ‘ਚ ਵਿਧਾਨ ਸਭਾ ਚੋਣਾਂ ਦਾ ਪਹਿਲਾ ਗੇੜ ਸ਼ੁਰੂ ਹੋਣ ਤੋਂ ਇਕ ਦਿਨ ਪਹਿਲਾਂ ਜਾਰੀ ਕੀਤਾ ਗਿਆ ਹੈ। ਪ੍ਰਿਯੰਕਾ ਨੇ ਕਿਹਾ ਕਿ ਜੇਕਰ ਕਾਂਗਰਸ ਪਾਰਟੀ ਦੀ ਸਰਕਾਰ ਬਣੀ ਤਾਂ ਕਣਕ ਅਤੇ ਝੋਨੇ ਦੀ ਖ਼ਰੀਦ 2500 ਰੁਪਏ ਪ੍ਰਤੀ ਕੁਇੰਟਲ ਦੇ ਹਿਸਾਬ ਨਾਲ ਕੀਤੀ ਜਾਵੇਗੀ। ਇਸ ਦੇ ਨਾਲ ਗੰਨੇ ਦਾ ਮੁੱਲ 400 ਰੁਪਏ ਪ੍ਰਤੀ ਕੁਇੰਟਲ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਮੈਨੀਫੈਸਟੋ ਨੂੰ ਤਿਆਰ ਕਰਨ ਸਮੇਂ ਬੇਰੁਜ਼ਗਾਰੀ ਅਤੇ ਮਹਿੰਗਾਈ ਦੇ ਮੁੱਦਿਆਂ ਵੱਲ ਵੀ ਧਿਆਨ ਦਿੱਤਾ ਗਿਆ ਹੈ। ‘ਸਾਡੀ ਸਰਕਾਰ ਬਣਨ ‘ਤੇ ਖਾਲੀ ਪਏ 12 ਲੱਖ ਅਹੁਦੇ ਭਰੇ ਜਾਣਗੇ ਅਤੇ 8 ਲੱਖ ਨਵੀਆਂ ਨੌਕਰੀਆਂ ਪੈਦਾ ਕੀਤੀਆਂ ਜਾਣਗੀਆਂ।’ ਪ੍ਰਿਯੰਕਾ ਨੇ ਕਿਹਾ ਕਿ ਕਾਂਗਰਸ ਸਰਕਾਰੀ ਨੌਕਰੀਆਂ ‘ਚ ਠੇਕਾ ਪ੍ਰਣਾਲੀ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਅਤੇ ਜਿਹੜੇ ਮੁਲਾਜ਼ਮ ਠੇਕੇ ‘ਤੇ ਕੰਮ ਕਰ ਰਹੇ ਹਨ, ਉਨ੍ਹਾਂ ਨੂੰ ਪੱਕਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ‘ਗਊਧਨ ਨਿਆਏ ਯੋਜਨਾ’ ਵੀ ਸ਼ੁਰੂ ਕੀਤੀ ਜਾਵੇਗੀ ਜਿਸ ਤਹਿਤ ਗੋਬਰ 2 ਰੁਪਏ ਕਿਲੋ ਦੇ ਹਿਸਾਬ ਨਾਲ ਖ਼ਰੀਦਿਆ ਜਾਵੇਗਾ।
ਆਪਣਾ ਪਹਿਰਾਵਾ ਚੁਣਨਾ ਮਹਿਲਾਵਾਂ ਦਾ ਹੱਕ: ਪ੍ਰਿਯੰਕਾ
ਕਾਂਗਰਸ ਆਗੂ ਪ੍ਰਿਯੰਕਾ ਗਾਂਧੀ ਵਾਡਰਾ ਨੇ ਕਰਨਾਟਕ ‘ਚ ਹਿਜਾਬ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਕਿਹਾ ਕਿ ਇਹ ਫ਼ੈਸਲਾ ਕਰਨਾ ਮਹਿਲਾਵਾਂ ਦਾ ਹੱਕ ਹੈ ਕਿ ਉਨ੍ਹਾਂ ਨੇ ਕੀ ਪਹਿਨਣਾ ਹੈ ਅਤੇ ਪਹਿਨਾਵੇ ਨੂੰ ਲੈ ਕੇ ਮਹਿਲਾਵਾਂ ਨੂੰ ਪ੍ਰੇਸ਼ਾਨ ਕਰਨਾ ਬੰਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਮਹਿਲਾਵਾਂ ਬਿਕਨੀ ਪਾਉਣ ਜਾਂ ਘੁੰਡ ਕੱਢਣ, ਜੀਨ ਪਹਿਨਣ ਜਾਂ ਹਿਜਾਬ, ਇਹ ਤੈਅ ਕਰਨਾ ਮਹਿਲਾਵਾਂ ਦਾ ਹੱਕ ਹੈ। ‘ਲੜਕੀ ਹੂੰ, ਲੜ ਸਕਤੀ ਹੂੰ’ ਹੈਸ਼ਟੈਗ ਦੀ ਵਰਤੋਂ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਹੱਕ ਦੀ ਗਾਰੰਟੀ ਭਾਰਤੀ ਸੰਵਿਧਾਨ ਨੇ ਦਿੱਤੀ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ ‘ਤੇ ਕੋਈ ਸਿਆਸਤ ਨਹੀਂ ਹੋਣੀ ਚਾਹੀਦੀ ਹੈ।

Check Also

ਅਮਰੀਕੀ ਵਿਗਿਆਨੀਆਂ ਨੂੰ ਮਿਲਿਆ ਮੈਡੀਸਿਨ 2024 ਦਾ ਨੋਬਲ ਪੁਰਸਕਾਰ

ਵਿਕਟਰ ਐਂਬਰੋਸ ਅਤੇ ਗੇਰੀ ਰੁਵਕੋਨ ਨੂੰ ਮਾਈਕਰੋ ਆਰਐਨਏ ਦੀ ਖੋਜ ਲਈ ਮਿਲਿਆ ਸਨਮਾਨ ਸਟਾਕਹੋਮ/ਬਿਊਰੋ ਨਿਊਜ਼ …