ਕਿਹਾ, ਅਮਰਿੰਦਰ ਸਿੰਘ ਦੀ ਭਾਜਪਾ ਨਾਲ ਸੀ ਸਾਂਝ
ਰਾਜਪੁਰਾ/ਬਿਊਰੋ ਨਿਊਜ਼
ਪੰਜਾਬ ਵਿਚ ਆਉਂਦੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈਣੀਆਂ ਹਨ ਅਤੇ ਸਿਆਸੀ ਪਾਰਟੀਆਂ ਦੇ ਵੱਡੇ ਆਗੂ ਵੀ ਚੋਣ ਪ੍ਰਚਾਰ ਕਰਨ ਲਈ ਪੰਜਾਬ ਪਹੁੰਚੇ ਹੋਏ ਹਨ। ਇਸ ਦੇ ਚੱਲਦਿਆਂ ਕਾਂਗਰਸੀ ਆਗੂ ਰਾਹੁਲ ਗਾਂਧੀ ਨੇ ਵੀ ਅੱਜ ਪੰਜਾਬ ’ਚ ਕਾਂਗਰਸੀ ਉਮੀਦਵਾਰਾਂ ਦੇ ਹੱਕ ਵਿਚ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਰਾਜਪੁਰਾ ਵਿਚ ਕਾਂਗਰਸ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕੈਪਟਨ ਅਮਰਿੰਦਰ ਸਿੰਘ ਖਿਲਾਫ ਵੀ ਖੂਬ ਭੜਾਸ ਕੱਢੀ। ਰਾਹੁਲ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਕਦੇ ਵੀ ਕਿਸੇ ਗਰੀਬ ਨੂੰ ਗਲ ਨਹੀਂ ਲਗਾਇਆ, ਪਰ ਕਾਂਗਰਸ ਨੇ ਇਕ ਗਰੀਬ ਪਰਿਵਾਰ ਦੇ ਮੈਂਬਰ ਨੂੰ ਮੁੱਖ ਮੰਤਰੀ ਦੇ ਅਹੁਦੇ ਨਾਲ ਨਿਵਾਜਿਆ ਹੈ। ਰਾਹੁਲ ਨੇ ਕਿਹਾ ਕਿ ਜਿਸ ਦਿਨ ਉਨ੍ਹਾਂ ਨੂੰ ਸਮਝ ਆਈ ਕਿ ਕੈਪਟਨ ਅਮਰਿੰਦਰ ਦਾ ਭਾਜਪਾ ਨਾਲ ਰਿਸ਼ਤਾ ਹੈ ਤਾਂ ਉਸੇ ਦਿਨ ਹੀ ਕਾਂਗਰਸ ਨੇ ਕੈਪਟਨ ਨੂੰ ਹਟਾ ਦਿੱਤਾ।
ਰਾਹੁਲ ਗਾਂਧੀ ਨੇ ਕਿਹਾ ਕਿ ਜੋ ਕੰਮ ਕੈਪਟਨ ਅਮਰਿੰਦਰ ਸਿੰਘ ਨੇ ਨਹੀਂ ਕੀਤੇ, ਉਹ ਚਰਨਜੀਤ ਸਿੰਘ ਚੰਨੀ ਨੇ ਕੁਝ ਮਿੰਟਾਂ ਵਿਚ ਕਰ ਦਿਖਾਏ। ਰਾਹੁਲ ਨੇ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਲਈ ਸਭ ਤੋਂ ਵੱਡੀ ਸਮੱਸਿਆ ਨਸ਼ੇ ਹਨ। ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਨਸ਼ਾ ਮਾਫੀਆ ਨੂੰ ਖਤਮ ਕਰਨ ਲਈ ਸਖਤ ਕਾਰਵਾਈ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਅਤੇ ਆਮ ਆਦਮੀ ਪਾਰਟੀ ਪੰਜਾਬ ਵਿਚ ਆਪਣਾ ਸਮਾਂ ਖਰਾਬ ਨਾ ਕਰਨ ਕਿਉਂਕਿ ਉਨ੍ਹਾਂ ਦੀ ਸਰਕਾਰ ਪੰਜਾਬ ਵਿਚ ਕਿਸੇ ਵੀ ਹਾਲ ਵਿਚ ਨਹੀਂ ਬਣ ਸਕਦੀ।
Check Also
ਪ੍ਰਵੇਸ਼ ਵਰਮਾ ਦੇ ਬਿਆਨ ਲਈ ਅਮਿਤ ਸ਼ਾਹ ਮੰਗਣ ਦੇਸ਼ ਤੋਂ ਮੁਆਫੀ : ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਭਾਜਪਾ ਆਗੂ ਪ੍ਰਵੇਸ਼ ਵਰਮਾ ਦੇ ਬਿਆਨ ਨੂੰ ਦੱਸਿਆ ਖਤਰਨਾਕ ਨਵੀਂ …