ਕੁੰਡਲੀ-ਮਾਨੇਸਰ ਹਾਈਵੇ ’ਤੇ ਵਾਪਰਿਆ ਹਾਦਸਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਦੇ ਮਸ਼ਹੂਰ ਅਦਾਕਾਰ ਦੀਪ ਸਿੱਧੂ ਦੀ ਲੰਘੀ ਦੇਰ ਰਾਤ ਸੜਕ ਹਾਦਸੇ ’ਚ ਮੌਤ ਹੋ ਗਈ ਸੀ। ਇਹ ਹਾਦਸਾ ਹਰਿਆਣਾ ’ਚ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸ ਵੇਅ ’ਤੇ ਪਿਪਲੀ ਟੋਲ ਪਲਾਜ਼ੇ ਦੇ ਨੇੜੇ ਵਾਪਰਿਆ। ਮਿਲੀ ਜਾਣਕਾਰੀ ਅਨੁਸਾਰ ਦੀਪ ਸਿੱਧੂ ਖੁਦ ਕਾਰ ਚਲਾ ਰਿਹਾ ਸੀ ਅਤੇ ਉਨ੍ਹਾਂ ਦੀ ਗੱਡੀ ਇੱਕ ਖੜ੍ਹੇ ਟਰਾਲੇ ’ਚ ਜਾ ਵੱਜੀ, ਜਿਸ ਕਾਰਨ ਉਨ੍ਹਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਦੀਪ ਸਿੱਧੂ ਆਪਣੀ ਅਮਰੀਕੀ ਮਹਿਲਾ ਮਿੱਤਰ ਦੇ ਨਾਲ ਦਿੱਲੀ ਤੋਂ ਪੰਜਾਬ ਪਰਤ ਰਹੇ ਸਨ। ਮਹਿਲਾ ਮਿੱਤਰ ਦਾ ਨਾਂ ਰੀਨਾ ਦੱਸਿਆ ਜਾ ਰਿਹਾ ਹੈ ਅਤੇ ਉਹ ਅਮਰੀਕਾ ਦੀ ਰਹਿਣ ਵਾਲੀ ਹੈ। ਰੀਨਾ ਡਰਾਈਵਰ ਦੀ ਨਾਲ ਵਾਲੀ ਸੀਟ ’ਤੇ ਬੈਠੀ ਸੀ ਅਤੇ ਗੱਡੀ ਦੀ ਉਹ ਸਾਈਡ ਟਰਾਲੇ ਨਾਲ ਨਹੀਂ ਟਕਰਾਈ, ਜਿਸ ਕਾਰਨ ਉਨ੍ਹਾਂ ਨੂੰ ਜ਼ਿਆਦਾ ਗੰਭੀਰ ਸੱਟਾਂ ਨਹੀਂ ਲੱਗੀਆਂ। ਦੀਪ ਸਿੱਧੂ ਕਈ ਪੰਜਾਬੀ ਫਿਲਮਾਂ ਵਿਚ ਆਪਣੀ ਅਦਾਕਾਰੀ ਦਾ ਲੋਹਾ ਮਨਵਾ ਚੁੱਕੇ ਸਨ। ਦੀਪ ਸਿੱਧੂ ਕੇਂਦਰ ਸਰਕਾਰ ਵੱਲੋਂ ਲਿਆਂਦੇ ਗਏ ਤਿੰਨ ਖੇਤੀ ਕਾਨੂੰਨਾਂ ਖਿਲਾਫ਼ ਚੱਲੇ ਕਿਸਾਨ ਅੰਦੋਲਨ ਦੌਰਾਨ ਵੀ ਕਾਫ਼ੀ ਸਰਗਰਮ ਰਿਹਾ ਸੀ। ਪਿਛਲੇ ਸਾਲ 26 ਜਨਵਰੀ ਨੂੰ ਲਾਲ ਕਿਲੇ ਵਿਖੇ ਵਾਪਰੀ ਘਟਨਾ ਨੂੰ ਲੈ ਕੇ ਵੀ ਸਿੱਧੂ ਨੂੰ ਆਰੋਪੀ ਬਣਾਇਆ ਗਿਆ ਸੀ, ਜਿਸ ਦੇ ਚਲਦਿਆਂ ਉਨ੍ਹਾਂ ਨੂੰ ਕਈ ਮਹੀਨੇ ਜੇਲ੍ਹ ’ਚ ਵੀ ਬਿਤਾਉਣੇ ਪਏ ਸਨ। ਉਧਰ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਦੀਪ ਸਿੱਧੂ ਵੱਲੋਂ ਅਮਰਗੜ੍ਹ ਵਿਧਾਨ ਸਭਾ ਹਲਕੇ ਤੋਂ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਰਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਹੱਕ ਵਿਚ ਪ੍ਰਚਾਰ ਵੀ ਕਰ ਰਹੇ ਸਨ। ਦੀਪ ਸਿੱਧੂ ਦੀ ਮੌਤ ’ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ, ਸੁਖਬੀਰ ਸਿੰਘ ਬਾਦਲ, ਭਗਵੰਤ ਮਾਨ ਵੱਲੋਂ ਵੀ ਦੁੱਖ ਪ੍ਰਗਟਾਇਆ ਗਿਆ ਹੈ। ਦੀਪ ਸਿੱਧੂ ਦਾ ਅੰਤਿਮ ਸਸਕਾਰ ਲੁਧਿਆਣਾ ਜ਼ਿਲ੍ਹੇ ’ਚ ਪੈਂਦੇ ਪਿੰਡ ਥਰੀਕੇ ਵਿਖੇ ਕਰ ਦਿੱਤਾ ਗਿਆ ਹੈ। ਦੀਪ ਸਿੱਧੂ ਦੇ ਪਰਿਵਾਰਕ ਮੈਂਬਰਾਂ ਅਤੇ ਨਜ਼ਦੀਕੀਆਂ ਦਾ ਕਹਿਣਾ ਹੈ ਕਿ ਇਸ ਹਾਦਸੇ ਦੀ ਬਾਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ ਤਾਂ ਕਿ ਪਤਾ ਲੱਗ ਸਕੇ ਕਿ ਇਹ ਸੜਕ ਹਾਦਸਾ ਹੈ ਜਾਂ ਕਤਲ।