ਅਬੋਹਰ ’ਚ ਭਾਜਪਾ ਦੀ ਚੋਣ ਰੈਲੀ ਨੂੰ ਕੀਤਾ ਸੰਬੋਧਨ
ਅਬੋਹਰ/ਬਿਊਰੋ ਨਿਊਜ਼
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਬੋਹਰ ਵਿਚ ਭਾਰਤੀ ਜਨਤਾ ਪਾਰਟੀ ਦੀ ਚੋਣ ਰੈਲੀ ਨੂੰ ਸੰਬੋਧਨ ਕੀਤਾ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਪੰਜਾਬ ਡਬਲ ਇੰਜਣ ਦੀ ਸਰਕਾਰ ਚਾਹੁੰਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਵਿਚ ਭਾਜਪਾ ਦੀ ਸਰਕਾਰ ਬਣੀ ਤਾਂ ਪੰਜਾਬ ਵਿਚੋਂ ਨਸ਼ਾ ਅਤੇ ਮਾਫੀਆ ਦਾ ਸਫਾਇਆ ਹੋਵੇਗਾ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਨੂੰ ਹਮੇਸ਼ਾ ਧੋਖਾ ਦਿੱਤਾ ਅਤੇ ਸਾਡੇ ਸਮੇਂ ਵਿਚ ਅਨਾਜ ਦੀ ਰਿਕਾਰਡ ਖਰੀਦੀ ਹੋਈ ਹੈ ਅਤੇ ਹੁਣ ਪੰਜਾਬ ਵਿਚ ਕਿਸਾਨਾਂ ਨੂੰ ਨਵੀਂ ਸੋਚ ਅਤੇ ਵਿਜ਼ਨ ਵਾਲੀ ਸਰਕਾਰ ਚਾਹੀਦੀ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਉਸ ਬਿਆਨ ’ਤੇ ਪਲਟਵਾਰ ਕੀਤਾ, ਜਿਸ ਵਿਚ ਚੰਨੀ ਨੇ ਯੂਪੀ-ਬਿਹਾਰ ਦੇ ਲੋਕਾਂ ਨੂੰ ਭਈਏ ਕਹਿ ਕੇ ਸੰਬੋਧਨ ਕੀਤਾ ਸੀ। ਮੋਦੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਇਕ ਵਰਗ ਦੇ ਲੋਕਾਂ ਨੂੰ ਦੂਜਿਆਂ ਨਾਲ ਲੜਾਉਂਦੀ ਰਹੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕਾਂਗਰਸ ਦੇ ਮੁੱਖ ਮੰਤਰੀ ਨੇ ਬਿਆਨ ਦਿੱਤਾ ਅਤੇ ਦਿੱਲੀ ਦੇ ਪਰਿਵਾਰ ਦੇ ਮਾਲਕ ਨੇ ਨਾਲ ਖੜ੍ਹੇ ਹੋ ਕੇ ਤਾੜੀਆਂ ਵਜਾਈਆਂ ਅਤੇ ਇਹ ਪੂਰੇ ਦੇਸ਼ ਨੇ ਦੇਖਿਆ ਹੈ। ਮੋਦੀ ਨੇ ਕਿਹਾ ਕਿ ਪੰਜਾਬ ਦਾ ਕੋਈ ਵੀ ਪਿੰਡ ਅਜਿਹਾ ਨਹੀਂ ਹੋਵੇਗਾ, ਜਿੱਥੇ ਸਾਡੇ ਉਤਰ ਪ੍ਰਦੇਸ਼ ਜਾਂ ਬਿਹਾਰ ਦੇ ਭੈਣ-ਭਰਾ ਮਿਹਨਤ ਨਾ ਕਰਦੇ ਹੋਣ ਅਤੇ ਕਾਂਗਰਸ ਕਹਿੰਦੀ ਹੈ ਕਿ ਉਤਰ ਪ੍ਰਦੇਸ਼ ਤੇ ਬਿਹਾਰ ਦੇ ਲੋਕਾਂ ਨੂੰ ਵੜਨ ਨਹੀਂ ਦਿਆਂਗੇ।