ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਨਿਤੀਸ਼ ਕੁਮਾਰ ਨੇ ਚਰਨਜੀਤ ਸਿੰਘ ਚੰਨੀ ਦੀ ਕੀਤੀ ਆਲੋਚਨਾ
ਚੰਡੀਗੜ੍ਹ/ਬਿਊਰੋ ਨਿਊਜ਼ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪਿਛਲੇ ਦਿਨੀਂ ਰੂਪਨਗਰ ਵਿਖੇ ਰੋਡ ਸ਼ੋਅ ਦੌਰਾਨ ਕਾਂਗਰਸੀ ਆਗੂ ਪ੍ਰਿਅੰਕਾ ਗਾਂਧੀ ਦੀ ਹਾਜ਼ਰੀ ਵਿਚ ਪੂਰੇ ਜੋਸ਼ ਵਿਚ ਆ ਕਹਿ ਦਿੱਤਾ ਸੀ ਕਿ ਦਿੱਲੀ, ਯੂਪੀ ਤੇ ਬਿਹਾਰ ਦੇ ‘ਭਈਆਂ’ ਨੂੰ ਪੰਜਾਬ ‘ਚ ਵੜ੍ਹਨ ਨਾ ਦਿਓ।
ਚੰਨੀ ਦੀ ਇਸ ਟਿੱਪਣੀ ਤੋਂ ਬਾਅਦ ਹੁਣ ਸਿਆਸਤ ਗਰਮਾਉਂਦੀ ਜਾ ਰਹੀ ਹੈ। ਇਸੇ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅਬੋਹਰ ਵਿਖੇ ਭਾਜਪਾ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਚੰਨੀ ਦੀ ਇਸ ਟਿੱਪਣੀ ‘ਤੇ ਪਲਟਵਾਰ ਕੀਤਾ। ਮੋਦੀ ਨੇ ਕਿਹਾ ਕਿ ਕਾਂਗਰਸ ਹਮੇਸ਼ਾ ਇਕ ਵਰਗ ਦੇ ਲੋਕਾਂ ਨੂੰ ਦੂਜਿਆਂ ਨਾਲ ਲੜਾਉਂਦੀ ਰਹੀ ਹੈ। ਪ੍ਰਧਾਨ ਮੰਤਰੀ ਨੇ ਚੰਨੀ ਦੀ ਟਿੱਪਣੀ ਦੀ ਆਲੋਚਨਾ ਕਰਦਿਆਂ ਕਿਹਾ ਕਿ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਅਤੇ ਸੰਤ ਰਵਿਦਾਸ ਜੀ ਵੀ ਪੰਜਾਬ ਤੋਂ ਬਾਹਰ ਪੈਦਾ ਹੋਏ ਸਨ। ਇਸੇ ਦੌਰਾਨ ਬਿਹਾਰ ਦੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਵੀ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ‘ਭਈਆ’ ਟਿੱਪਣੀ ਲਈ ਆਲੋਚਨਾ ਕੀਤੀ। ਉਨ੍ਹਾਂ ਕਿਹਾ ਕਿ ਚੰਨੀ ਨੂੰ ਇਹ ਨਹੀਂ ਪਤਾ ਕਿ ਬਿਹਾਰ ਦੇ ਲੋਕਾਂ ਨੇ ਪੰਜਾਬ ਦੀ ਕਿੰਨੀ ਸੇਵਾ ਕੀਤੀ ਹੈ। ਨਿਤੀਸ਼ ਕੁਮਾਰ ਨੇ ਕਿਹਾ ਕਿ ਮੈਂ ਹੈਰਾਨ ਹਾਂ ਕਿ ਲੋਕ ਅਜਿਹੀਆਂ ਗੱਲਾਂ ਕਿਵੇਂ ਕਹਿ ਸਕਦੇ ਹਨ। ਜ਼ਿਕਰਯੋਗ ਹੈ ਕਿ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਨੇ ਵੀ ਚੰਨੀ ਦੀ ਇਸ ਟਿੱਪਣੀ ‘ਤੇ ਇਤਰਾਜ਼ ਕੀਤਾ ਸੀ।