Breaking News
Home / ਭਾਰਤ / ਲਖੀਮਪੁਰ ਖੀਰੀ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ

ਲਖੀਮਪੁਰ ਖੀਰੀ ਹਿੰਸਾ ਦਾ ਆਰੋਪੀ ਅਸ਼ੀਸ਼ ਮਿਸ਼ਰਾ ਜੇਲ੍ਹ ‘ਚੋਂ ਰਿਹਾਅ

ਕਾਲੇ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨਾਂ ‘ਤੇ ਕੇਂਦਰੀ ਮੰਤਰੀ ਦੇ ਮੁੰਡੇ ਨੇ ਚੜ੍ਹਾ ਦਿੱਤੀ ਸੀ ਗੱਡੀ
ਲਖਨਊ/ਬਿਊਰੋ ਨਿਊਜ਼ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਦੀ ਹੱਤਿਆ ਕਰਨ ਦੇ ਕੇਸ ‘ਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਮੰਗਲਵਾਰ ਨੂੰ ਜ਼ਮਾਨਤ ‘ਤੇ ਜੇਲ੍ਹ ਵਿਚੋਂ ਰਿਹਾਅ ਹੋ ਗਿਆ। ਧਿਆਨ ਰਹੇ ਕਿ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦਾ ਮੁੰਡਾ ਹੈ ਅਸ਼ੀਸ਼ ਮਿਸ਼ਰਾ। ਅਲਾਹਾਬਾਦ ਹਾਈਕੋਰਟ ਵੱਲੋਂ ਜ਼ਮਾਨਤ ਦੇਣ ਲਈ ਮਿੱਥੀਆਂ ਸ਼ਰਤਾਂ ਪੂਰੀਆਂ ਕਰਨ ਤੋਂ ਬਾਅਦ ਅਸ਼ੀਸ਼ ਜੇਲ੍ਹ ‘ਚੋਂ ਬਾਹਰ ਆ ਗਿਆ। ਅਸ਼ੀਸ਼ ਮਿਸ਼ਰਾ 10 ਅਕਤੂਬਰ ਤੋਂ ਜੇਲ੍ਹ ਵਿਚ ਸੀ। ਜ਼ਿਕਰਯੋਗ ਹੈ ਕਿ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਤਿਕੁਨੀਆ ਪਿੰਡ ਵਿਚ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਰੋਸ ਪ੍ਰਦਰਸ਼ਨ ਕਰ ਰਹੇ ਸਨ ਤੇ ਤੇਜ਼ ਰਫਤਾਰ ਕਾਰ ਕਿਸਾਨਾਂ ‘ਤੇ ਜਾ ਚੜ੍ਹੀ ਸੀ। ਇਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਗਈ ਸੀ ਅਤੇ ਇਕ ਪੱਤਰਕਾਰ ਦੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਵਿਚ ਚਾਰ ਹੋਰ ਵਿਅਕਤੀਆਂ ਦੀ ਮੌਤ ਵੀ ਹੋ ਗਈ ਸੀ। ਮਾਮਲੇ ਦੀ ਜਾਂਚ ਕਰ ਰਹੀ ਐੱਸਆਈਟੀ ਨੇ ਇਸ ਕੇਸ ਵਿਚ ਅਸ਼ੀਸ਼ ਦਾ ਨਾਂ ਮੁੱਖ ਮੁਲਜ਼ਮ ਵਜੋਂ ਦਰਜ ਕੀਤਾ ਸੀ। ਜ਼ਿਕਰਯੋਗ ਹੈ ਕਿ ਕਿਸਾਨਾਂ ਉਤੇ ਗੱਡੀ ਚੜ੍ਹਾ ਦਿੱਤੀ ਗਈ ਸੀ ਤੇ ਮਗਰੋਂ ਹਿੰਸਾ ਵੀ ਹੋਈ ਸੀ। ਅਲਾਹਾਬਾਦ ਹਾਈਕੋਰਟ ਦੇ ਲਖਨਊ ਬੈਂਚ ਨੇ ਪਿਛਲੇ ਹਫ਼ਤੇ ਇਸ ਕੇਸ ਵਿਚ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਮਨਜ਼ੂਰ ਕੀਤੀ ਸੀ।
ਸੰਯੁਕਤ ਕਿਸਾਨ ਮੋਰਚਾ ਜਾਏਗਾ ਸੁਪਰੀਮ ਕੋਰਟ
ਲਖੀਮਪੁਰ ਖੀਰੀ : ਲਖੀਮਪੁਰ ਖੀਰੀ ਹਿੰਸਾ ਮਾਮਲੇ ਦੇ ਮੁੱਖ ਆਰੋਪੀ ਅਸ਼ੀਸ਼ ਮਿਸ਼ਰਾ ਦੀ ਰਿਹਾਈ ਦੇ ਖਿਲਾਫ ਸੰਯੁਕਤ ਕਿਸਾਨ ਮੋਰਚਾ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਏਗਾ। ਇਹ ਜਾਣਕਾਰੀ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰਾਕੇਸ਼ ਟਿਕੈਤ ਨੇ ਦਿੱਤੀ। ਕਿਸਾਨ ਆਗੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਨੂੰ ਯੂਪੀ ਵਿਧਾਨ ਸਭਾ ਚੋਣਾਂ ਵਿਚ ਸਬਕ ਸਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਦੇਸ਼ ਦੇ ਕਿਸਾਨਾਂ ਨੇ ਦਿੱਲੀ ਦੀਆਂ ਸਰਹੱਦਾਂ ‘ਤੇ 13 ਮਹੀਨੇ ਸੰਘਰਸ਼ ਕੀਤਾ, ਜਿਸਦੇ ਚਲਦਿਆਂ ਪ੍ਰਧਾਨ ਨਰਿੰਦਰ ਮੋਦੀ ਨੇ ਕਿਸਾਨ ਆਗੂਆਂ ਨਾਲ ਬਹੁਤ ਵਾਅਦੇ ਕੀਤੇ ਸਨ ਪ੍ਰੰਤੂ ਉਨ੍ਹਾਂ ਵਿਚੋਂ ਇਕ ਵੀ ਪੂਰਾ ਨਹੀਂ ਕੀਤਾ। ਚਾਹੇ ਉਹ ਐਮ ਐਸ ਪੀ ਨੂੰ ਲੈ ਕੇ ਕਮੇਟੀ ਬਣਾਉਣ ਦਾ ਹੋਵੇ, ਚਾਹੇ ਉਹ ਕਿਸਾਨ ਅੰਦੋਲਨ ਦੇ ਚਲਦਿਆਂ ਕਿਸਾਨਾਂ ‘ਤੇ ਦਰਜ ਕੀਤੇ ਗਏ ਪਰਚਿਆਂ ਦਾ ਮਾਮਲਾ ਹੋਵੇ।
ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ‘ਚ ਚੁਣੌਤੀ
ਨਵੀਂ ਦਿੱਲੀ : ਉਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਜ਼ਿਲ੍ਹੇ ਵਿਚ ਕਿਸਾਨਾਂ ਨੂੰ ਗੱਡੀ ਹੇਠ ਕੁਚਲਣ ਦੇ ਮਾਮਲੇ ਵਿਚ ਮੁੱਖ ਆਰੋਪੀ ਅਤੇ ਕੇਂਦਰੀ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਮੁੰਡੇ ਅਸ਼ੀਸ਼ ਮਿਸ਼ਰਾ ਦੀ ਜ਼ਮਾਨਤ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਗਈ ਹੈ। ਪਟੀਸ਼ਨ ਕਰਤਾ ਨੇ ਮਿਸ਼ਰਾ ਦੀ ਜ਼ਮਾਨਤ ਰੱਦ ਕਰਨ ਅਤੇ ਇਲਾਹਾਬਾਦ ਹਾਈਕੋਰਟ ਦੇ ਜ਼ਮਾਨਤ ਦੇਣ ਦੇ ਫੈਸਲੇ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ। ਸੁਪਰੀਮ ਕੋਰਟ ਵਿਚ ਐਡਵੋਕੇਟ ਸ਼ਿਵ ਕੁਮਾਰ ਤ੍ਰਿਪਾਠੀ ਅਤੇ ਸੀਐਸ ਪਾਂਡਾ ਨੇ ਅਰਜ਼ੀ ਲਗਾਈ ਹੈ। ਜ਼ਿਕਰਯੋਗ ਹੈ ਕਿ ਕਰੀਬ 4 ਮਹੀਨੇ ਤੱਕ ਜੇਲ੍ਹ ਵਿਚ ਰਹੇ ਅਸ਼ੀਸ਼ ਮਿਸ਼ਰਾ ਨੂੰ ਹਾਲ ਹੀ ਵਿਚ ਜ਼ਮਾਨਤ ‘ਤੇ ਰਿਹਾਅ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੀਰੀ ਜ਼ਿਲ੍ਹੇ ਦੇ ਪਿੰਡ ਤਿਕੁਨੀਆ ਵਿਚ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਇਕ ਕਾਰ ਜਾ ਚੜ੍ਹੀ ਸੀ। ਜਿਸ ਦੌਰਾਨ ਚਾਰ ਕਿਸਾਨਾਂ ਦੀ ਜਾਨ ਚਲੇ ਸੀ ਅਤੇ ਇਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ। ਇਸ ਤੋਂ ਬਾਅਦ ਹੋਈ ਹਿੰਸਾ ਕਾਰਨ ਚਾਰ ਹੋਰ ਵਿਅਕਤੀਆਂ ਦੀ ਵੀ ਮੌਤ ਹੋ ਗਈ ਸੀ। ਦੱਸਿਆ ਗਿਆ ਸੀ ਕਿ ਜਿਹੜੀ ਗੱਡੀ ਨੇ ਕਿਸਾਨਾਂ ਨੂੰ ਕੁਚਲਿਆ ਉਸ ਕਾਰ ਵਿਚ ਅਸ਼ੀਸ਼ ਮਿਸ਼ਰਾ ਵੀ ਬੈਠਾ ਹੋਇਆ ਸੀ।

 

Check Also

ਹਰੇਕ ਜੋੜੇ ਨੂੰ ਘੱਟੋ-ਘੱਟ ਤਿੰਨ ਬੱਚੇ ਪੈਦਾ ਕਰਨੇ ਚਾਹੀਦੇ ਨੇ: ਭਾਗਵਤ

ਨਾਗਪੁਰ (ਮਹਾਰਾਸ਼ਟਰ)/ਬਿਊਰੋ ਨਿਊਜ਼ : ਰਾਸ਼ਟਰੀ ਸਵੈਮ ਸੇਵਕ ਸੰਘ (ਆਰਐੱਸਐੱਸ) ਦੇ ਮੁਖੀ ਮੋਹਨ ਭਾਗਵਤ ਨੇ ਆਬਾਦੀ …