ਕਿਹਾ : ਸੂਬੇ ਵਿਚ ਭਾਜਪਾ ਦਾ ਕੋਈ ਅਧਾਰ ਨਹੀਂ
ਸੰਗਰੂਰ/ਬਿਊਰੋ ਨਿਊਜ਼ : ਰਾਜਸਥਾਨ ਦੇ ਉਪ ਮੁੱਖ ਮੰਤਰੀ ਤੇ ਸਾਬਕਾ ਕੇਂਦਰੀ ਮੰਤਰੀ ਸਚਿਨ ਪਾਇਲਟ ਨੇ ਸੰਗਰੂਰ ਵਿਚ ਕਾਂਗਰਸੀ ਉਮੀਦਵਾਰ ਵਿਜੈਇੰਦਰ ਸਿੰਗਲਾ ਦੇ ਹੱਕ ਵਿਚ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੋ ਤਿਹਾਈ ਤੋਂ ਵੱਧ ਸੀਟਾਂ ‘ਤੇ ਜਿੱਤ ਹਾਸਲ ਕਰ ਕੇ ਇਤਿਹਾਸ ਸਿਰਜੇਗੀ। ਪੰਜਾਬ ਵਿਚ ਭਾਜਪਾ ਦਾ ਕੋਈ ਆਧਾਰ ਨਹੀਂ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕਿਸਾਨਾਂ, ਅੜ੍ਹਤੀਆਂ ਤੇ ਮਜ਼ਦੂਰਾਂ ਸਮੇਤ ਹਰ ਵਰਗ ਨਾਲ ਖੜ੍ਹਦੀ ਹੈ।
ਉਨ੍ਹਾਂ ਕਿਹਾ ਕਿ ਪਹਿਲਾਂ ਭਾਜਪਾ ਨੇ ਆਪਣੇ ਹੱਕਾਂ ਲਈ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਮਜ਼ਦੂਰਾਂ ਨੂੰ ਦੇਸ਼ਧ੍ਰੋਹੀ ਤੇ ਦਹਿਸ਼ਤਗਰਦ ਤੱਕ ਐਲਾਨ ਦਿੱਤਾ ਅਤੇ ਹੁਣ ਉਨ੍ਹਾਂ ਕੋਲੋਂ ਕਿਸ ਮੂੰਹ ਨਾਲ ਵੋਟਾਂ ਮੰਗ ਰਹੀ ਹੈ। ਭਾਜਪਾ ਲੋਕ ਵਿਰੋਧੀ ਨੀਤੀਆਂ ਕਾਰਨ ਦੇਸ਼ ‘ਚੋਂ ਆਪਣਾ ਆਧਾਰ ਗੁਆ ਚੁੱਕੀ ਹੈ। ਉੱਤਰ ਪ੍ਰਦੇਸ਼ ਵਿਚ ਵੀ ਭਾਜਪਾ ਦੀ ਸਰਕਾਰ ਨਹੀਂ ਬਣ ਸਕੇਗੀ। ਪਾਇਲਟ ਨੇ ‘ਆਪ’ ਉੱਤੇ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਜਰੀਵਾਲ ਲੋਕਾਂ ਨੂੰ ਵਰਤਦੇ ਹਨ ਅਤੇ ਬਾਅਦ ਵਿਚ ਪਾਸਾ ਵੱਟ ਲੈਂਦੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸੀਮਤ ਸਾਧਨਾਂ ਦੇ ਬਾਵਜੂਦ ਸੂਬੇ ਨੂੰ ਤਰੱਕੀ ਦੇ ਰਾਹ ਪਾਇਆ ਹੈ।
ਇਸੇ ਦੌਰਾਨ ਸਚਿਨ ਪਾਇਲਟ ਨੇ ਧੂਰੀ ਦੇ ਵਿਧਾਇਕ ਤੇ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਦਿਆਂ ਕਿਹਾ ਦਲਵੀਰ ਸਿੰਘ ਗੋਲਡੀ ਕਾਂਗਰਸ ਤੇ ਧੂਰੀ ਦੇ ਲੋਕਾਂ ਲਈ ਖਰਾ ਗੋਲਡ (ਸੋਨਾ) ਹੈ। ਉਨ੍ਹਾਂ ਕਿਹਾ ਪੰਜਾਬ ਵਿਚ ਮੁੜ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੈ।