2.2 C
Toronto
Wednesday, December 24, 2025
spot_img
Homeਪੰਜਾਬਪ੍ਰਿਅੰਕਾ ਨੇ ਪੰਜਾਬ 'ਚ ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਪ੍ਰਿਅੰਕਾ ਨੇ ਪੰਜਾਬ ‘ਚ ਕਾਂਗਰਸੀ ਉਮੀਦਵਾਰਾਂ ਲਈ ਮੰਗੀਆਂ ਵੋਟਾਂ

ਰੂਪਨਗਰ ‘ਚ ਬਰਿੰਦਰ ਸਿੰਘ ਢਿੱਲੋਂ ਤੇ ਅੰਮ੍ਰਿਤਸਰ ਪੂਰਬੀ ਹਲਕੇ ਵਿੱਚ ਨਵਜੋਤ ਸਿੱਧੂ ਦੇ ਹੱਕ ‘ਚ ਕੀਤਾ ਰੋਡ ਸ਼ੋਅ
ਰੂਪਨਗਰ/ਬਿਊਰੋ ਨਿਊਜ਼ : ਕਾਂਗਰਸ ਪਾਰਟੀ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਨੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਉਮੀਦਵਾਰ ਅਤੇ ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਦੇ ਹੱਕ ਵਿੱਚ ਰੋਡ ਸ਼ੋਅ ਕੀਤਾ। ਇਸ ਮੌਕੇ ਮੁੱਖ ਮੰਤਰੀ ਪੰਜਾਬ ਚਰਨਜੀਤ ਸਿੰਘ ਚੰਨੀ ਵੀ ਉਨ੍ਹਾਂ ਦੇ ਨਾਲ ਸਨ। ਪ੍ਰਿਅੰਕਾ ਨੇ ਸਭ ਤੋਂ ਪਹਿਲਾਂ ਗੁਰਦੁਆਰਾ ਟਿੱਬੀ ਸਾਹਿਬ ਵਿਖੇ ਮੱਥਾ ਟੇਕਿਆ, ਮਗਰੋਂ ਅੰਬੇਡਕਰ ਚੌਕ ਪੁੱਜ ਕੇ ਡਾ. ਭੀਮ ਰਾਓ ਅੰਬੇਡਕਰ ਦੇ ਬੁੱਤ ‘ਤੇ ਹਾਰ ਪਹਿਨਾਇਆ। ਉਪਰੰਤ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ਬਰਿੰਦਰ ਸਿੰਘ ਢਿੱਲੋਂ ਦੇ ਟਰੈਕਟਰ ‘ਤੇ ਬੈਠ ਕੇ ਰੋਡ ਸ਼ੋਅ ਕਰਦੇ ਹੋਏ ਲੋਕਾਂ ਤੋਂ ਸਹਿਯੋਗ ਮੰਗਿਆ। ਉਨ੍ਹਾਂ ਬੇਲਾ ਚੌਕ ਰੂਪਨਗਰ ਵਿੱਚ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਬਰਿੰਦਰ ਸਿੰਘ ਢਿੱਲੋਂ ਨੂੰ ਭਾਰੀ ਬਹੁਮਤ ਨਾਲ ਜਿਤਾਉਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਪੰਜਾਬ ਦੇ ਸੱਚੇ ਅਲੰਬਰਦਾਰ ਚਰਨਜੀਤ ਸਿੰਘ ਚੰਨੀ ਆਪਣੀ ਟੀਮ ਨਾਲ ਮਿਲ ਕੇ ਨਵੇਂ ਪੰਜਾਬ ਦੀ ਸਿਰਜਣਾ ਕਰਨਗੇ। ਪ੍ਰਿਯੰਕਾ ਨੇ ਕਿਹਾ ਕਿ ਯੂਨੀਵਰਸਿਟੀਆਂ ਵਿੱਚ ਪੜ੍ਹਦੇ ਸਾਧਾਰਨ ਘਰਾਂ ਤੋਂ ਉੱਠੇ ਨੌਜਵਾਨਾਂ ਨੂੰ ਰਾਜਨੀਤੀ ਦੀ ਮੂਹਰਲੀ ਕਤਾਰ ਵਿੱਚ ਸ਼ਾਮਲ ਕਰਨਾ ਰਾਹੁਲ ਗਾਂਧੀ ਦਾ ਸੁਪਨਾ ਰਿਹਾ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੰਬੋਧਨ ਕਰਦਿਆਂ ਲੋਕਾਂ ਨੂੰ ਕਿਹਾ ਕਿ ਬਰਿੰਦਰ ਢਿੱਲੋਂ ਨੂੰ ਵਿਧਾਇਕ ਤੁਸੀਂ ਬਣਾ ਦਿਓ, ਮੰਤਰੀ ਮੈਂ ਬਣਾ ਦਿਆਂਗਾ।
ਇਸੇ ਦੌਰਾਨ ਪ੍ਰਿਅੰਕਾ ਗਾਂਧੀ ਨੇ ਅੰਮ੍ਰਿਤਸਰ ਪੂਰਬੀ ਹਲਕੇ ਵਿਚ ਪਹੁੰਚ ਕੇ ਨਵਜੋਤ ਸਿੱਧੂ ਲਈ ਚੋਣ ਪ੍ਰਚਾਰ ਕੀਤਾ। ਦੱਸਣਯੋਗ ਹੈ ਕਿ ਸ਼ਹਿਰ ਦੇ ਪੰਜ ਹਲਕਿਆਂ ਵਿੱਚੋਂ ਅੰਮ੍ਰਿਤਸਰ ਪੂਰਬੀ ਤੇ ਅੰਮ੍ਰਿਤਸਰ ਉਤਰੀ ਹਲਕਿਆਂ ਵਿੱਚ ਕਾਂਗਰਸੀ ਉਮੀਦਵਾਰਾਂ ਲਈ ਸਖ਼ਤ ਮੁਕਾਬਲਾ ਬਣਿਆ ਹੋਇਆ ਹੈ। ਅੰਮ੍ਰਿਤਸਰ ਪੂਰਬੀ ‘ਚੋਂ ਕਾਂਗਰਸੀ ਉਮੀਦਵਾਰ ਨਵਜੋਤ ਸਿੰਘ ਸਿੱਧੂ ਚੋਣ ਲੜ ਰਹੇ ਹਨ ਤੇ ਉਨ੍ਹਾਂ ਦਾ ਮੁੱਖ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਬਿਕਰਮ ਸਿੰਘ ਮਜੀਠੀਆ ਨਾਲ ਹੈ। ਇਸੇ ਤਰ੍ਹਾਂ ਅੰਮ੍ਰਿਤਸਰ ਉਤਰੀ ਵਿੱਚ ਕਾਂਗਰਸ ਦੇ ਮੌਜੂਦਾ ਵਿਧਾਇਕ ਸੁਨੀਲ ਦੱਤੀ ਚੋਣ ਲੜ ਰਹੇ ਹਨ, ਜਿਨ੍ਹਾਂ ਦਾ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦੇ ਅਨਿਲ ਜੋਸ਼ੀ ਤੇ ‘ਆਪ’ ਦੇ ਕੁੰਵਰ ਵਿਜੇ ਪ੍ਰਤਾਪ ਸਿੰਘ ਨਾਲ ਹੈ।

 

RELATED ARTICLES
POPULAR POSTS