Breaking News
Home / Uncategorized / ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਏ ਆਰੋਪ

ਚਰਨਜੀਤ ਚੰਨੀ ਨੇ ਆਮ ਆਦਮੀ ਪਾਰਟੀ ‘ਤੇ ਪੰਜਾਬ ਦੇ ਲੋਕਾਂ ਨੂੰ ਗੁੰਮਰਾਹ ਕਰਨ ਦੇ ਲਗਾਏ ਆਰੋਪ

ਝੂਠਾ ਪ੍ਰਚਾਰ ਕਰਨ ਵਾਲੇ ‘ਆਪ’ ਆਗੂਆਂ ਨੂੰ ਕਾਨੂੰਨੀ ਨੋਟਿਸ ਭੇਜਾਂਗੇ : ਚੰਨੀ
ਚਮਕੌਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਫਗਵਾੜਾ ਵਿਚ ਕਿਹਾ ਕਿ ਆਮ ਆਦਮੀ ਪਾਰਟੀ ਵੱਲੋਂ ਝੂਠਾ ਪ੍ਰਚਾਰ ਕਰਨ ਅਤੇ ਲੋਕਾਂ ਨੂੰ ਗੁਮਰਾਹ ਕਰਨ ਸਬੰਧੀ ਚੋਣ ਕਮਿਸ਼ਨ ਨੂੰ ਸ਼ਿਕਾਇਤ ਅਤੇ ਕਾਨੂੰਨੀ ਨੋਟਿਸ ਭੇਜੇ ਜਾਣਗੇ। ਚੰਨੀ ਨੇ ਕਿਹਾ ਕਿ ‘ਆਪ’ ਆਗੂਆਂ ਨੇ ਉਨ੍ਹਾਂ ਖਿਲਾਫ ਰਾਜਪਾਲ ਨੂੰ ਝੂਠੀ ਸ਼ਿਕਾਇਤ ਕੀਤੀ ਹੈ। ਇਸੇ ਤਰ੍ਹਾਂ ਉਨ੍ਹਾਂ ਦੀ ਜਾਇਦਾਦ ਬਾਰੇ ਝੂਠਾ ਪ੍ਰਚਾਰ ਕਰਕੇ ਲੋਕਾਂ ਨੂੰ ਗੁਮਰਾਹ ਕੀਤਾ ਜਾ ਰਿਹਾ ਹੈ। ਇਹ ਸਭ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਸਬੰਧੀ ਉਹ ਚੋਣ ਕਮਿਸ਼ਨ ਨੂੰ ਸ਼ਿਕਾਇਤ ਕਰਨਗੇ ਅਤੇ ‘ਆਪ’ ਆਗੂਆਂ ਨੂੰ ਕਾਨੂੰਨੀ ਨੋਟਿਸ ਵੀ ਜਾਰੀ ਕਰਵਾਉਣਗੇ। ਚੰਨੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਪੂਰੀ ਤਰ੍ਹਾਂ ਝੂਠ ਦੀਆਂ ਨੀਂਹਾਂ ‘ਤੇ ਟਿਕੀ ਹੋਈ ਹੈ, ਜੋ ਜਲਦੀ ਹੀ ਢਹਿ-ਢੇਰੀ ਹੋ ਜਾਵੇਗੀ। ਕਾਂਗਰਸੀ ਆਗੂ ਨੇ ਕਿਹਾ ਕਿ ‘ਆਪ’ ਦੇ ਸੀਨੀਅਰ ਆਗੂ ਰਾਘਵ ਚੱਢਾ ਨੇ ਉਨ੍ਹਾਂ ਖਿਲਾਫ ਖਣਨ ਦੇ ਮੁੱਦੇ ਸਬੰਧੀ ਸੂਬੇ ਦੇ ਰਾਜਪਾਲ ਨੂੰ ਸ਼ਿਕਾਇਤ ਕੀਤੀ ਸੀ। ਰਾਜਪਾਲ ਵੱਲੋਂ ਕਰਵਾਈ ਜਾਂਚ ਦੌਰਾਨ ਉਨ੍ਹਾਂ ਖਿਲਾਫ ਕੋਈ ਸਬੂਤ ਨਹੀਂ ਮਿਲਿਆ ਅਤੇ ਉਨ੍ਹਾਂ ਨੂੰ ਕਲੀਨ ਚਿੱਟ ਦੇ ਦਿੱਤੀ ਗਈ। ਚੰਨੀ ਨੇ ਭਗਵੰਤ ਮਾਨ ‘ਤੇ ਵਿਅੰਗ ਕਰਦਿਆਂ ਕਿਹਾ, ”ਜਾਂ ਤਾਂ ਭਗਵੰਤ ਮਾਨ ਨੂੰ ਪੜ੍ਹਨਾ ਨਹੀਂ ਆਉਂਦਾ ਜਾਂ ਉਸ ਨੇ ਕੁਝ ਖਾਧਾ-ਪੀਤਾ ਹੁੰਦੈ।” ਉਨ੍ਹਾਂ ਕਿਹਾ ਕਿ ਭਗਵੰਤ ਮਾਨ ਤੇ ਹੋਰ ਆਗੂ ਉਨ੍ਹਾਂ ਦੀ ਆਮਦਨ 170 ਕਰੋੜ ਰੁਪਏ ਦੱਸ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ, ਫਿਰ ਵੀ ਉਹ ਬਹੁਮਤ ਨਾਲ ਜਿੱਤ ਕੇ ਮੁੜ ਕਾਂਗਰਸ ਦੀ ਸਰਕਾਰ ਬਣਾਉਣਗੇ।
ਪੰਜਾਬ ਲਈ ਏਜੰਡਾ ਪੇਸ਼
ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਲਈ ਆਪਣਾ ਏਜੰਡਾ ਪੇਸ਼ ਕਰਦਿਆਂ ਕਿਹਾ ਕਿ ਕਾਂਗਰਸ ਦੀ ਮੁੜ ਸਰਕਾਰ ਬਣਨ ‘ਤੇ ਪੰਜਾਬ ਦੇ ਲੋਕਾਂ ਲਈ ਸਿੱਖਿਆ, ਸਿਹਤ, ਰੋਜ਼ੀ-ਰੋਟੀ ਅਤੇ ਪੱਕੀ ਛੱਤ ਦਾ ਪ੍ਰਬੰਧ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ-ਕਾਲਜਾਂ ਅਤੇ ਯੂਨੀਵਰਸਿਟੀਆਂ ‘ਚ ਮੁਫਤ ਸਿੱਖਿਆ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਚਮਕੌਰ ਸਾਹਿਬ ਵਿਚ 500 ਕਰੋੜ ਦੀ ਲਾਗਤ ਨਾਲ ਯੂਨੀਵਰਸਿਟੀ ਬਣਾਈ ਜਾ ਰਹੀ ਹੈ। ਚੰਨੀ ਨੇ ਪ੍ਰੈੱਸ ਕਾਨਫਰੰਸ ਵਿਚ ਕਿਹਾ ਕਿ ਸਰਕਾਰ ਵਿਦੇਸ਼ਾਂ ਵਿੱਚ ਪੜ੍ਹਾਈ ਕਰਨ ਦੇ ਚਾਹਵਾਨ ਨੌਜਵਾਨਾਂ ਨੂੰ ਵਿਆਜ ਮੁਕਤ ਕਰਜ਼ਾ ਦੇਵੇਗੀ। ਸਰਕਾਰ ਬਣਨ ਦੇ ਪਹਿਲੇ ਸਾਲ ਵਿਚ ਇੱਕ ਲੱਖ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ।

Check Also

ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ’ਚ ਹੋਈ ਅੰਤਿ੍ਰਗ ਕਮੇਟੀ ਦੀ ਮੀਟਿੰਗ

ਕਿਹਾ : ਕੰਗਣਾ ਰਣੌਤ ਦੀ ਫਿਲਮ ‘ਐਮਰਜੈਂਸੀ’ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਰਿਲੀਜ਼ ਅੰਮਿ੍ਰਤਸਰ/ਬਿਊਰੋ ਨਿਊਜ਼ …