ਹਰੀਸ਼ ਚੌਧਰੀ ਨੇ ਟਵੀਟ ਕਰਕੇ ਕੀਤਾ ਦਾਅਵਾ
ਚੰਡੀਗੜ੍ਹ/ਬਿਊਰੋ ਨਿਊਜ਼
ਪੰਜਾਬ ਵਿਚ ਲੰਘੀ 20 ਫਰਵਰੀ ਨੂੰ ਵਿਧਾਨ ਸਭਾ ਲਈ ਵੋਟਾਂ ਪੈ ਚੁੱਕੀਆਂ ਹਨ ਅਤੇ ਹੁਣ ਸਿਆਸੀ ਪਾਰਟੀਆਂ ਦੇ ਆਗੂ ਆਪੋ-ਆਪਣੀ ਪਾਰਟੀ ਦੀ ਜਿੱਤ ਦਾ ਦਾਅਵਾ ਕਰ ਰਹੇ ਹਨ। ਇਸ ਦੇ ਚੱਲਦਿਆਂ ਕਾਂਗਰਸ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਚੌਧਰੀ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਕਿ ਉਨ੍ਹਾਂ ਵਲੋਂ ਚੰਡੀਗੜ੍ਹ ਵਿਖੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਪਾਰਟੀ ਦੇ ਹੋਰ ਆਗੂਆਂ ਨਾਲ ਹਾਲ ਹੀ ਵਿਚ ਹੋਈਆਂ ਵਿਧਾਨ ਸਭਾ ਚੋਣਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਟਵੀਟ ਵਿਚ ਉਨ੍ਹਾਂ ਨੇ ਇਹ ਦਾਅਵਾ ਕੀਤਾ ਕਿ 10 ਮਾਰਚ ਨੂੰ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪੰਜਾਬ ਵਿਚ ਕਾਂਗਰਸ ਦੀ ਸਰਕਾਰ ਬਣੇਗੀ। ਧਿਆਨ ਰਹੇ ਕਿ ਕਾਂਗਰਸ ਹਾਈਕਮਾਂਡ ਨੇ ਚੋਣਾਂ ਤੋਂ ਕੁਝ ਦਿਨ ਪਹਿਲਾਂ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਅਹੁਦੇ ਦਾ ਉਮੀਦਵਾਰ ਐਲਾਨਿਆ ਸੀ। ਇਸ ਸਬੰਧੀ ਐਲਾਨ ਰਾਹੁਲ ਗਾਂਧੀ ਨੇ ਲੁਧਿਆਣਾ ਵਿਚ ਕੀਤਾ ਸੀ। ਹੁਣ ਸਾਰਿਆਂ ਦੀਆਂ ਨਜ਼ਰਾਂ 10 ਮਾਰਚ ’ਤੇ ਟਿਕੀਆਂ ਹੋਈਆਂ ਹਨ ਕਿਉਂਕਿ 10 ਮਾਰਚ ਨੂੰ ਪੰਜਾਬ ਵਿਚ ਪਈਆਂ ਵੋਟਾਂ ਦੇ ਨਤੀਜੇ ਐਲਾਨੇ ਜਾਣਗੇ।