ਡਰੱਗ ਮਾਮਲੇ ’ਚ ਆਰੋਪੀ ਹੈ ਬਿਕਰਮ ਸਿੰਘ ਮਜੀਠੀਆ
ਮੋਹਾਲੀ/ਬਿਊਰੋ ਨਿਊਜ਼
ਬਹੁ-ਚਰਚਿਤ ਨਸ਼ਾ ਤਸਕਰੀ ਮਾਮਲੇ ਵਿੱਚ ਨਾਮਜ਼ਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵੀਰਵਾਰ ਨੂੰ ਮੁਹਾਲੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਕੋਰਟ ’ਚ ਪੇਸ਼ ਹੋਣ ਤੋਂ ਬਾਅਦ ਦੋਵੇਂ ਪੱਖਾਂ ਵਿਚਾਲੇ ਬਹਿਸ ਹੋਈ ਅਤੇ ਕੋਰਟ ਦੇ ਫੈਸਲੇ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ। ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਥੋੜ੍ਹੇ ਸਮੇਂ ਬਾਅਦ ਸਾਰੇ ਝੂਠੇ ਕੇਸਾਂ ਦਾ ਪਰਦਾਫਾਸ਼ ਹੋ ਜਾਵੇਗਾ।
ਧਿਆਨ ਰਹੇ ਕਿ ਲੰਘੀ 31 ਜਨਵਰੀ ਨੂੰ ਸੁਪਰੀਮ ਕੋਰਟ ਨੇ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਵੱਡੀ ਰਾਹਤ ਦਿੰਦਿਆਂ 23 ਫਰਵਰੀ ਤੱਕ ਉਨ੍ਹਾਂ ਦੀ ਗਿ੍ਰਫ਼ਤਾਰੀ ’ਤੇ ਰੋਕ ਲਗਾ ਦਿੱਤੀ ਸੀ। ਸੁਪਰੀਮ ਕੋਰਟ ਦੇ ਇਸ ਫੈਸਲੇ ਤੋਂ ਬਾਅਦ ਮਜੀਠੀਆ ਬੇਖ਼ੌਫ਼ ਹੋ ਕੇ ਅੰਮਿ੍ਰਤਸਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਚੋਣ ਲੜੇ। ਸੁਪਰੀਮ ਕੋਰਟ ਨੇ ਮਜੀਠੀਆ ਨੂੰ ਇਹ ਨਿਰਦੇਸ਼ ਵੀ ਦਿੱਤੇ ਸਨ ਕਿ ਉਹ ਹੇਠਲੀ ਅਦਾਲਤ ਦੇ ਜੱਜ ਦੇ ਸਾਹਮਣੇ ਪੇਸ਼ ਹੋ ਕੇ ਆਪਣੀ ਪੱਕੀ ਜ਼ਮਾਨਤ ਲਈ ਅਰਜ਼ੀ ਦਾਇਰ ਕਰਨ। ਜਿਸ ਦੇ ਚਲਦਿਆਂ ਮਜੀਠੀਆ ਅੱਜ ਮੁਹਾਲੀ ਦੀ ਅਦਾਲਤ ਵਿੱਚ ਪੇਸ਼ ਹੋਏ ਅਤੇ ਉਨ੍ਹਾਂ ਆਪਣੀ ਪੱਕੀ ਜ਼ਮਾਨਤ ਲਈ ਅਰਜ਼ੀ ਵੀ ਦਾਇਰ ਕੀਤੀ। ਇਸ ਤੋਂ ਪਹਿਲਾਂ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕਰਨ ਲਈ ਕੋਰਟ ਨੇ ਐਸ ਆਈ ਟੀ ਨੂੰ ਆਗਿਆ ਦਿੱਤੀ ਅਤੇ ਐਸ ਆਈ ਟੀ ਵੱਲੋਂ ਬਿਕਰਮ ਮਜੀਠੀਆ ਕੋਲੋਂ ਪੁੱਛਗਿੱਛ ਕੀਤੀ ਗਈ। ਮਜੀਠੀਆ ਖਿਲਾਫ਼ ਮੋਹਾਲੀ ਦੀ ਕ੍ਰਾਈਮ ਬ੍ਰਾਂਚ ’ਚ ਇੰਟਰਨੈਸ਼ਨਲ ਡਰੱਗ ਤਸਕਰਾਂ ਨਾਲ ਸਬੰਧਾਂ ਦੇ ਆਰੋਪ ’ਚ ਮਾਮਲਾ ਦਰਜ ਹੈ। ਜਦਕਿ ਸ਼ੋ੍ਰਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਪੰਜਾਬ ਦੀ ਕਾਂਗਰਸ ਸਰਕਾਰ ਨੇ ਰਾਜਨੀਤਿਕ ਬਦਲਾਖੋਰੀ ਦੇ ਤਹਿਤ ਬਿਕਰਮ ਮਜੀਠੀਆ ਖਿਲਾਫ਼ ਕੇਸ ਦਰਜ ਕਰਵਾਇਆ ਹੈ।