ਗੁਰਮੀਤ ਸਿੰਘ ਪਲਾਹੀ
ਪੰਜਾਬ ਵਿਚ ਵਿਧਾਨ ਸਭਾ ਲਈ ਵੋਟਾਂ ਪੈ ਕੇ ਹਟੀਆਂ ਹਨ। ਪੰਜਾਬ ਦੇ ਸਰਕਾਰੀ ਖੇਮਿਆਂ ਦੀ ਘਬਰਾਹਟ ਹੈ ਕਿ ਪਿਛਲੀਆਂ 2017 ਦੀਆਂ ਵਿਧਾਨ ਸਭਾ ਚੋਣਾਂ ਨਾਲੋਂ, ਇਸ ਵਾਰ 2022 ‘ਚ, 5.41 ਫ਼ੀਸਦੀ ਘੱਟ ਵੋਟ ਪੋਲ ਹੋਏ ਹਨ। ਸਿਆਸੀ ਧਿਰਾਂ ਦੀ ਘਬਰਾਹਟ ਹੈ ਕਿ ਸ਼ਹਿਰੀ ਖੇਤਰਾਂ ਵਿੱਚ ਘੱਟ ਵੋਟਾਂ ਪੋਲ ਹੋਈਆਂ ਹਨ ਅਤੇ ਪੇਂਡੂ ਖੇਤਰਾਂ ਵਿੱਚ ਖਾਸ ਕਰਕੇ ਮਾਲਵਾ ਖਿੱਤੇ ‘ਚ ਵੱਧ ਵੋਟਰਾਂ ਨੇ ਵੋਟ ਪਾਈ ਹੈ।
ਹੋਰ ਚਿੰਤਾਵਾਂ ਦੇ ਨਾਲ ਪੰਜਾਬ ਹਿਤੈਸ਼ੀ ਚਿੰਤਕਾਂ ਦੀ ਚਿੰਤਾ ਵਧੀ ਹੈ ਕਿ ਪੰਜਾਬ ਚੋਣਾਂ ‘ਚ ਨਸ਼ਿਆਂ ਖਾਸ ਕਰਕੇ ਮੁਫ਼ਤ ਸ਼ਰਾਬ ਵੰਡ ਵੱਡੀ ਪੱਧਰ ‘ਤੇ ਕੀਤੀ ਗਈ ਹੈ ਅਤੇ ਹੋਰ ਸੈਂਥੈਟਿਕ ਨਸ਼ੇ ਵੀ ਸ਼ਰੇਆਮ ਵੰਡੇ ਗਏ ਹਨ ਭਾਵੇਂ ਕਿ ਚੋਣ ਕਮਿਸ਼ਨ ਦੇ ਅਧਿਕਾਰੀ ਵੱਡੀ ਮਾਤਰਾ ‘ਚ ਸ਼ਰਾਬ, ਪੈਸਾ, ਜ਼ਬਤ ਕਰਨ ਦਾ ਦਾਅਵਾ ਕਰਦੇ ਹਨ। ਇਸ ਤੋਂ ਵੀ ਵੱਡੀ ਚਿੰਤਾ ਇਹ ਵੀ ਵਧੀ ਹੈ ਕਿ ਪੰਜਾਬ ਦੀਆਂ ਸਿਆਸੀ ਧਿਰਾਂ ਨੇ ਆਪਣੇ ਉਮੀਦਵਾਰ, ਵੱਡੇ ਧਨਾਢ ਅਤੇ ਉਹ ਲੋਕ ਜਿਹੜੇ ਖੱਬੀਖਾਨ ਹਨ ਅਤੇ ਜਿਹਨਾਂ ਵਿਰੁੱਧ ਅਦਾਲਤਾਂ ਵਿੱਚ ਅਪਰਾਧਿਕ ਮਾਮਲੇ ਦਰਜ ਹਨ, ਨੂੰ ਬਨਾਉਣ ਲਈ ਤਰਜੀਹ ਦਿੱਤੀ ਹੈ। ਕੁਲ ਮਿਲਾ ਕੇ ਵੱਖੋ-ਵੱਖਰੀਆਂ ਪਾਰਟੀਆਂ ਦੇ 1304 ਉਮੀਦਵਾਰ ਚੋਣ ਮੈਦਾਨ ਵਿੱਚ ਸਨ ਅਤੇ 315 ਉਮੀਦਵਾਰਾਂ (ਜੋ ਕੁਲ ਦਾ 25 ਫ਼ੀਸਦੀ ਹੈ) ਉਤੇ ਅਪਰਾਧਿਕ ਮਾਮਲੇ ਜਿਹਨਾਂ ਵਿੱਚ ਕਤਲ, ਬਲਾਤਕਾਰ, ਕੁੱਟਮਾਰ, ਧੋਖਾਧੜੀ ਆਦਿ ਦੇ ਕੇਸ ਦਰਜ ਹਨ। ਸਾਲ 2017 ਵਿਚ ਇਹਨਾਂ ਦੀ ਗਿਣਤੀ 9 ਫ਼ੀਸਦੀ ਸੀ। ਇਹਨਾਂ ਅਪਰਾਧਿਕ ਪਿਛੋਕੜ ਵਾਲੇ ਉਮੀਦਵਾਰਾਂ ਵਿੱਚ ਏ.ਡੀ.ਆਰ. ਦੀ ਰਿਪੋਰਟ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਦੇ 65, ਆਮ ਆਦਮੀ ਪਾਰਟੀ ਦੇ 58, ਭਾਰਤੀ ਜਨਤਾ ਪਾਰਟੀ ਦੇ 27, ਕਾਂਗਰਸ ਦੇ 16, ਸੰਯੁਕਤ ਅਕਾਲੀ ਦਲ ਦੇ ਚਾਰ, ਬੀਐਸਪੀ ਦੇ ਤਿੰਨ ਅਤੇ ਪੰਜਾਬ ਲੋਕ ਦਲ ਦੇ ਤਿੰਨ ਉਮੀਦਵਾਰ ਹਨ। ਇਹਨਾਂ ਵਿੱਚ 218 ਉਤੇ ਬਹੁਤ ਗੰਭੀਰ ਇਲਜ਼ਾਮ ਹਨ।
ਚਿੰਤਾ ਇਸ ਗੱਲ ਦੀ ਵੀ ਵੱਧ ਹੈ ਕਿ ਵਿਧਾਨ ਸਭਾ ਉਮੀਦਵਾਰਾਂ ਵਿੱਚ 521 ਕਰੋੜਪਤੀ ਹਨ, ਜਿਹਨਾਂ ਵਿੱਚ 89 ਸ਼੍ਰੋਮਣੀ ਅਕਾਲੀ ਦਲ, 107 ਕਾਂਗਰਸ ਅਤੇ 81 ਆਮ ਆਦਮੀ ਪਾਰਟੀ ਨਾਲ ਸਬੰਧਤ ਹਨ।
ਇਸ ਤੋਂ ਵੀ ਵੱਡੀ ਚਿੰਤਾ ਵਾਲੀ ਗੱਲ ਪੰਜਾਬੀਆਂ ਦੇ ਮੱਥੇ ਉਤੇ ਤੀਊੜੀਆਂ ਪਾਉਂਦੀ ਹੈ ਕਿ 49 ਉਮੀਦਵਾਰ ਪੂਰੀ ਤਰ੍ਹਾਂ ਅਨਪੜ੍ਹ ਹਨ। 21 ਸਿਰਫ ਅੱਖਰ ਗਿਆਨ ਰੱਖਦੇ ਹਨ, 75 ਸਿਰਫ਼ ਪੰਜਵੀਂ ਪਾਸ, 118 ਅੱਠਵੀ ਪਾਸ, 263 ਦਸਵੀਂ ਪਾਸ ਅਤੇ 239 ਬਾਹਰਵੀਂ ਪਾਸ ਹਨ।
ਬਾਵਜੂਦ ਇਸ ਗੱਲ ਦੇ ਕਿ ਲਗਭਗ ਸਾਰੀਆਂ ਸਿਆਸੀ ਪਾਰਟੀਆਂ ਮਹਿਲਾਵਾਂ ਨੂੰ ਵੱਧ ਅਧਿਕਾਰ, ਵੱਧ ਸੀਟਾਂ ਦੇਣ ਦਾ ਦਾਅਵਾ ਕਰਦੀਆਂ ਹਨ, ਪਰ ਕੁੱਲ ਮਿਲਾ ਕੇ 117 ਸੀਟਾਂ ‘ਤੇ 1304 ਉਮੀਦਵਾਰਾਂ ਵਿਚੋਂ ਸਿਰਫ਼ 93 ਮਹਿਲਾਵਾਂ ਚੋਣ ਲੜ ਰਹੀਆਂ ਹਨ, (ਕੁੱਲ ਦਾ ਸਿਰਫ਼ 7.13 ਫ਼ੀਸਦੀ) ਜਿਹਨਾਂ ਵਿੱਚ ਵੀ 29 ਆਜ਼ਾਦ ਉਮੀਦਵਾਰ ਹਨ ਹਾਲਾਂਕਿ ਪੰਜਾਬ ਵਿਚ ਕੁੱਲ 2,14,99,804 ਵੋਟਰਾਂ ਵਿੱਚੋਂ 47.44 ਫ਼ੀਸਦੀ ਮਹਿਲਾ ਵੋਟਰਾਂ ਹਨ। ਪ੍ਰੇਸ਼ਾਨੀ ਵਾਲੀ ਗੱਲ ਇਹ ਵੀ ਹੈ ਕਿ ਮੁੱਖ ਪਾਰਟੀਆਂ ਨੇ ਸਿਰਫ਼ 37 ਅਤੇ ਛੋਟੀਆਂ ਪਾਰਟੀਆਂ ਨੇ 28 ਮਹਿਲਾਵਾਂ ਨੂੰ ਉਮੀਦਵਾਰ ਬਣਾਇਆ ਹੈ। ਇਹਨਾਂ ਵਿੱਚ ਕਾਂਗਰਸ ਨੇ 11, ਆਪ ਨੇ 12, ਸ਼੍ਰੋਮਣੀ ਅਕਾਲੀ ਦਲ-ਬਸਪਾ ਨੇ 6, ਅਤੇ ਬੀਜੇਪੀ ਗੱਠਜੋੜ ਨੇ 8 ਸੀਟਾਂ ‘ਤੇ ਮਹਿਲਾ ਉਮੀਦਵਾਰਾਂ ਨੂੰ ਮੌਕਾ ਦਿੱਤਾ।
ਪੰਜਾਬ ਦੇ ਚਿੰਤਾਵਾਨ ਲੋਕ ਸਿਆਸੀ ਧਿਰਾਂ ਤੋਂ ਮੰਗ ਕਰਦੇ ਰਹੇ ਨੇ, ਉਹ ਮੁੱਦਿਆਂ ਦੀ ਸਿਆਸਤ ਕਰਨ। ਪੰਜਾਬ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਲਈ ਵਚਨ ਦੇਣ। ਪਰ ਲਗਭਗ ਸਾਰੀਆਂ ਸਿਆਸੀ ਧਿਰਾਂ ਨੇ ਆਖਰੀ ਦਿਨਾਂ ਵਿਚ ਆਪਣੇ ਚੋਣ ਮਨੋਰਥ ਪੱਤਰ ਜਾਰੀ ਕੀਤੇ। ਬਹੁਤੀਆਂ ਪਾਰਟੀਆਂ ਨੇ ਲੋਕਾਂ ਨੂੰ ਰਿਆਇਤਾਂ ਦੇਣ ਦੀ ਰਾਜਨੀਤੀ ਕੀਤੀ, ਲੋਕ ਲੁਭਾਊ ਨਾਅਰੇ ਲਾਏ। ਲੋਕਾਂ ਨੂੰ ਵੋਟਾਂ ਲਈ ਭਰਮਾਉਣ ਵਾਸਤੇ ਅਤੇ ਉਹਨਾਂ ਦੀਆਂ ਵੋਟਾਂ ਪ੍ਰਾਪਤ ਕਰਨ ਲਈ ਸਾਮ-ਦਾਮ-ਦੰਡ ਦੀ ਵਰਤੋਂ ਕੀਤੀ। ਇਸ ਤੋਂ ਵੀ ਵੱਡੀ ਗੱਲ ਪੰਜਾਬ ਵਿਚ ਇਹ ਵੇਖਣ ਨੂੰ ਮਿਲੀ ਕਿ ਪੰਜਾਬ ਦੀਆਂ ਮੁੱਖ ਪਾਰਟੀਆਂ ਨੇ ਦੂਜੀਆਂ ਪਾਰਟੀਆਂ ‘ਚੋਂ ‘ਥੋਕ ਦੇ ਭਾਅ’ ਨੇਤਾ ਲੋਕ ਪੁੱਟੇ, ਆਪਣੀਆਂ ਪਾਰਟੀਆਂ ਵਿਚ ਸ਼ਾਮਲ ਕੀਤੇ। ਧਰਮ, ਜਾਤ ਬਰਾਦਰੀ ਦੇ ਨਾਮ ‘ਤੇ ਸਿਆਸਤ ਕੀਤੀ ਅਤੇ ਵੱਡੇ ਨੇਤਾਵਾਂ ਨੇ ਇੱਕ ਦੂਜੇ ਦੇ ਪੋਤੜੇ ਫੋਲੇ, ਬਾਹਵਾਂ ਟੁੱਗੀਆਂ, ਲਲਕਾਰੇ ਮਾਰੇ, ਸੋਸ਼ਲ ਮੀਡੀਆ ਦੀ ਬੇਹੱਦ ਵਰਤੋਂ ਕੀਤੀ। ਇਵੇਂ ਜਾਪਿਆ ਜਿਵੇਂ ਸੂਬਾ ਪੰਜਾਬ ਬੀਮਾਰ ਲੋਕਤੰਤਰ ਦੀ ਇੱਕ ਤਸਵੀਰ ਪੇਸ਼ ਕਰ ਰਿਹਾ ਹੋਵੇ।
ਵਿਧਾਨ ਸਭਾ ਚੋਣਾਂ ਹੋਈਆਂ ਬੀਤੀਆਂ ਹਨ। ਅੰਦਾਜ਼ੇ ਲੱਗ ਰਹੇ ਹਨ ਕਿ ਕਿਸੇ ਵੀ ਧਿਰ ਨੂੰ ਬਹੁਮਤ ਹਾਸਲ ਨਹੀਂ ਹੋਏਗਾ? ਕੋਈ ਵੀ ਧਿਰ ਪੰਜਾਬ ਵਿਚ ਸਰਕਾਰ ਨਹੀਂ ਬਣਾ ਸਕੇਗੀ। ਹੁਣੇ ਤੋਂ ਹੀ ਜੋੜ-ਤੋੜ ਜਾਰੀ ਹੋ ਗਿਆ ਹੈ। ਡਾਹਢਾ ਕੇਂਦਰੀ ਹਾਕਮ, ਜਿਹਨਾਂ ਨੇ ਪਹਿਲਾਂ ਹੀ ਪੰਜਾਬ ਵਿਚ ਨੇਤਾਵਾਂ ਦੀ ਵੱਡੀ ਖਰੀਦੋ-ਫ਼ਰੋਖਤ ਕੀਤੀ, ਉਹ ਹੁਣੇ ਤੋਂ ਹੀ ਹੋਰ ਪਾਰਟੀਆਂ ਨੂੰ ਆਪਣੇ ਪਾਲੇ ਕਰਕੇ ਪੰਜਾਬ ਨੂੰ ਹਥਿਆਉਣ ਦੇ ਰਾਹ ਹਨ।
ਸ਼ਾਇਦ ਪੰਜਾਬ ਨੇ 15 ਵਿਧਾਨ ਸਭਾ ਚੋਣਾਂ ਤੇ ਦੇਸ਼ ਦੀਆਂ ਲੋਕ ਸਭਾ ਚੋਣਾਂ ਵਿਚ ਇਹੋ ਜਿਹਾ ਚੋਣ ਦੰਗਲ ਨਹੀਂ ਦੇਖਿਆ ਹੋਏਗਾ। ਲੋਕ ਭੌਚੱਕੇ ਰਹਿ ਗਏ ਕਿ ਪੰਜਾਬ ਵਿਚ ਇਹ ਕੀ ਹੋ ਰਿਹਾ ਹੈ? ਪੰਜ ਕੋਨੇ ਮੁਕਾਬਲੇ ਸ਼ੁਰੂ ਹੋਏ, ਵੱਖੋ-ਵੱਖਰੇ ਹਲਕਿਆਂ ਵਿਚ ਤਿੰਨ ਕੋਨੇ ਮੁਕਾਬਲਿਆਂ ਤੱਕ ਸਿਮਟ ਗਏ। ਖੱਬੀਆਂ ਧਿਰਾਂ ਅਤੇ ਸੰਯੁਕਤ ਸਮਾਜ ਮੋਰਚੇ ਨੇ ਆਪਣਾ ਪੱਖ ਰੱਖਣ ਅਤੇ ਪੰਜਾਬ ਦੇ ਲੋਕਾਂ ਦੀ ਗੱਲ ਕੀਤੀ, ਉਹਨਾਂ ਦੀਆਂ ਸਮੱਸਿਆਵਾਂ ਨੂੰ ਚਿਤਾਰਿਆ, ਮੁੱਦਿਆਂ ਦੀ ਗੱਲ ਕੀਤੀ, ਕਿਸਾਨਾਂ ਮਜ਼ਦੂਰਾਂ ਦੀ ਗੱਲ ਕੀਤੀ, ਕੁਝ ਹੋਰ ਸਮਾਜੀ ਧਿਰਾਂ ਨੇ ਵਾਤਾਵਰਨ, ਸਿਖਿਆ, ਸਿਹਤ, ਰੁਜ਼ਗਾਰ, ਪ੍ਰਵਾਸ ਪੰਜਾਬ ਦੇ ਪਾਣੀ, ਪੰਜਾਬੀ ਬੋਲੀ ਦੀ ਗੱਲ ਕੀਤੀ। ਪਰ ਚਿੰਤਾ ਇਸ ਗੱਲ ਦੀ ਰਹੀ ਕਿ ਰਾਸ਼ਟਰੀ ਨੇਤਾਵਾਂ ਨੇ ਜੋ ਲਗਾਤਾਰ ਪੰਜਾਬ ਦੀ ਸਿਆਸਤ ਨੂੰ ਪ੍ਰਭਾਵਤ ਕਰਨ ਲਈ ਪੰਜਾਬ ਫੇਰੀਆਂ ਪਾਉਂਦੇ ਰਹੇ, ਇਹ ਵਾਇਦਾ ਹੀ ਨਾ ਕਰ ਸਕੇ ਕਿ ਪੰਜਾਬੀ ਨੌਜਵਾਨਾਂ ਨੂੰ ਕਿਹੜੇ ਰਾਹ ਪਾਉਣਾ ਹੈ? ਪੰਜਾਬ ਦੇ ਕਰਜ਼ੇ ਦਾ, ਪੰਜਾਬ ਦੇ ਕਿਸਾਨਾਂ, ਖੇਤ ਮਜ਼ਦੂਰਾਂ ਦੇ ਕਰਜ਼ੇ ਦਾ ਕੀ ਕਰਨਾ ਹੈ? ਖੁਰੀ ਹੋਈ ਪੰਜਾਬ ਦੀ ਆਰਥਿਕਤਾ ਨੂੰ ਕਿਵੇਂ ਠੁੰਮਣਾ ਦੇਣਾ ਹੈ। ਉਹਨਾਂ ਸਿਰ ਚੜ੍ਹਿਆ 5 ਲੱਖ ਕਰੋੜ ਦਾ ਕਰਜ਼ਾ ਕਿਵੇਂ ਲਾਹੁਣਾ ਹੈ? ਪੰਜਾਬ ਵਿਚ ਕਿਹੜੇ ਉਦਯੋਗ ਲਗਾਉਣੇ ਹਨ?
ਚਿੰਤਾ ਦੀਆਂ ਲਕੀਰਾਂ ਪੰਜਾਬ ਦੇ ਮੱਥੇ ‘ਤੇ ਡੂੰਘੀਆਂ ਹੋ ਰਹੀਆਂ ਹਨ। ਪੰਜਾਬ ਦੇ ਮੱਥੇ ਉਤੇ ਨਸ਼ੇ ਦਾ ਇੱਕ ਵੱਟ ਹੈ, ਪੰਜਾਬ ਦੇ 20 ਲੱਖ ਤੋਂ ਵੱਧ ਲੋਕ ਨਸ਼ੇ ਦੀ ਵਰਤੋਂ ਕਰਦੇ ਹਨ ਅਤੇ 15 ਲੱਖ ਤੋਂ ਵੱਧ ਲੋਕ ਤੰਬਾਕੂ ਦਾ ਸੇਵਨ ਕਰਦੇ ਹਨ। ਹੋਰ ਨਸ਼ੇ ਕਰਨ ਵਾਲਿਆਂ ਦੀ ਗਿਣਤੀ ਕੁਲ ਮਿਲਾ ਕੇ ਪੰਜਾਬ ਦੀ ਕੁਲ ਆਬਾਦੀ ਦਾ 15.4 ਫ਼ੀਸਦੀ ਹੈ, ਜਿਹਨਾਂ ਵਿਚ ਮੁੱਖ ਤੌਰ ‘ਤੇ ਪੰਜਾਬ ਦੇ ਪੁਰਸ਼ ਸ਼ਾਮਲ ਹਨ, ਉਹ ਕੋਈ ਨਾ ਕੋਈ ਨਸ਼ਾ ਕਰਦੇ ਹਨ। ਨਸ਼ਿਆਂ ਵਿੱਚ ਫਾਰਮਾਕੋਲੋਜੀ ਦੇ ਫਾਰਮੂਲਿਆਂ ਤੋਂ ਇਲਾਵਾ ਓਪੀਔਡਜ ਕੈਨਾਬਿਨੋਓਇਡਜ, ਸੈਡੇਟਿਵ-ਇਨਹੇਲੈਂਟ-ਸਟਿਊਲੈਟਸ ਦਾ ਪ੍ਰਯੋਗ ਕਰਨ ਵਾਲੇ (ਭਾਵ ਚਿੱਟਾ ਅਤੇ ਹੋਰ ਨਸ਼ੇ) ਕਰਨ ਵਾਲਿਆਂ ਦੀ ਗਿਣਤੀ 1.7 ਫ਼ੀਸਦੀ ਹੈ। ਇਹ ਰਿਪੋਰਟ ਪੀਜੀਆਈ ਦੇ ਕਮਿਊਨਿਟੀ ਮੈਡੀਕਲ ਵਿਭਾਗ ਵਲੋਂ ਗਵਰਨਰ ਪੰਜਾਬ ਨੂੰ ਹੁਣੇ ਜਿਹੇ ਪੇਸ਼ ਕੀਤੀ ਗਈ ਹੈ।
ਦੂਜਾ ਵੱਟ ਬੇਰੁਜ਼ਗਾਰੀ ਦਾ ਹੈ। ਪੰਜਾਬ ਵਿਚ ਬੇਰੁਜ਼ਗਾਰੀ ਦੀ ਦਰ ਭਾਰਤ ਭਰ ‘ਚ ਸਭ ਤੋਂ ਵੱਧ ਹੈ। ਬੇਰੁਜ਼ਗਾਰੀ ਵਸੋਂ ਦੀ ਦਰ 7.3 ਫ਼ੀਸਦੀ ਹੈ। ਤੀਜਾ ਵੱਟ ਪਰਵਾਸ ਦਾ ਹੈ। ਪਿਛਲੇ ਭਾਰਤੀ ਲੋਕ ਸਭਾ ਸੈਸ਼ਨ ਵਿੱਚ ਦੱਸਿਆ ਗਿਆ ਕਿ ਸਾਲ 2016 ਤੋਂ 26 ਮਾਰਚ 2021 ਤੱਕ 4.7 ਲੱਖ ਪੰਜਾਬ ਦੇ ਵਸਨੀਕ ਦੇਸ਼ ਛੱਡ ਕੇ ਵਿਦੇਸ਼ਾਂ ਨੂੰ ਚਲੇ ਗਏ। ਹਰ ਸਾਲ ਡੇਢ ਲੱਖ ਤੋਂ ਦੋ ਲੱਖ ਪੰਜਾਬੀ ਵਿਦਿਆਰਥੀ ਆਇਲਿਟਸ ਕਰਕੇ ਕੈਨੇਡਾ, ਅਮਰੀਕਾ, ਬਰਤਾਨੀਆ ਪੰਜਾਬ ਤੋਂ ਜਾ ਰਹੇ ਹਨ। ਪੰਜਾਬ ਇਸ ਵੇਲੇ ਆਰਥਿਕ ਪੱਖੋ ਕਮਜ਼ੋਰ ਸੂਬਾ ਬਣਿਆ ਹੈ। ਦੇਸ਼ ਵਿਚ ਇਹ ਆਰਥਿਕ ਪੱਖੋ 16 ਵੇਂ ਥਾਂ ‘ਤੇ ਹੈ। ਪੰਜਾਬ ਦਾ ਮੱਥਾ ਵੱਟਾਂ ਅਤੇ ਡੂੰਘੀਆਂ ਲਕੀਰਾਂ ਨਾਲ ਭਰਿਆ ਪਿਆ ਹੈ। ਇਹ ਵੱਟ ਅਤੇ ਲਕੀਰਾਂ ਝੁਰੜੀਆਂ ਬਣ ਰਹੀਆਂ ਹਨ। ਇਹੋ ਪੰਜਾਬ ਹਿਤੈਸ਼ੀਆਂ ਲਈ ਵੱਡੀ ਚਿੰਤਾ ਹੈ। ਕੀ ਨਵੀਂ ਸਰਕਾਰ ਪੰਜਾਬ ਦੀਆਂ ਚਿੰਤਾਵਾਂ ਨੂੰ ਆਪਣੀ ਚਿੰਤਾ ਬਣਾਏਗੀ?
Check Also
16 ਨਵੰਬਰ : ਭਾਈ ਕਰਤਾਰ ਸਿੰਘ ਸਰਾਭਾ ਸਮੇਤ ਸੱਤ ਆਜ਼ਾਦੀ ਘੁਲਾਟੀਆਂ ਦੀ ਦਾਸਤਾਨ-ਏ-ਸ਼ਹਾਦਤ
ਅਸਲੀ ਨਾਇਕਾਂ ਗ਼ਦਰੀ ਸ਼ੇਰਾਂ ਦੀਆਂ ਮਾਰਾਂ ਅਤੇ ਅਜੋਕੇ ਖਲਨਾਇਕਾਂ ਫਾਸ਼ੀਵਾਦੀ ਗਿੱਦੜਾਂ ਦੀਆਂ ਕਲੋਲਾਂ ਡਾ. ਗੁਰਵਿੰਦਰ …