ਲਖੀਮਪੁਰ ਹਿੰਸਾ ਮਾਮਲੇ ‘ਚ ਦੋਸ਼ੀ ਹੈ ਅਸ਼ੀਸ਼ ਮਿਸ਼ਰਾ
ਨਵੀਂ ਦਿੱਲੀ/ਬਿਊਰੋ ਨਿਊਜ਼ : ਉਤਰ ਪ੍ਰਦੇਸ਼ ਵਿਚ ਪੈਂਦੇ ਲਖੀਮਪੁਰ ਖੀਰੀ ਹਿੰਸਾ ਮਾਮਲੇ ਵਿਚ ਪੀੜਤ ਕਿਸਾਨ ਪਰਿਵਾਰਾਂ ਨੇ ਹੁਣ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ।
ਧਿਆਨ ਰਹੇ ਕਿ ਇਸ ਮਾਮਲੇ ਵਿਚ ਮੁੱਖ ਮੁਲਜ਼ਮ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ ਤੇ ਹੁਣ ਪੀੜਤ ਕਿਸਾਨ ਪਰਿਵਾਰ ਸੁਪਰੀਮ ਕੋਰਟ ਪਹੁੰਚ ਗਏ ਹਨ ਅਤੇ ਹਾਈਕੋੇਰਟ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਹੈ।
ਪੀੜਤ ਪਰਿਵਾਰਾਂ ਨੇ ਕਿਹਾ ਕਿ ਉਨ੍ਹਾਂ ਨੇ ਹਾਈਕੋਰਟ ਦੇ 10 ਫਰਵਰੀ ਦੇ ਹੁਕਮਾਂ ਨੂੰ ਚੁਣੌਤੀ ਦਿੱਤੀ ਹੈ। ਕਿਉਂਕਿ ਯੂਪੀ ਸਰਕਾਰ ਹਾਈਕੋਰਟ ਦੇ ਇਸ ਫੈਸਲੇ ਖਿਲਾਫ ਬੋਲਣ ‘ਚ ਨਾਕਾਮ ਰਹੀ ਹੈ। ਧਿਆਨ ਰਹੇ ਕਿ ਪਿਛਲੇ ਸਾਲ 3 ਅਕਤੂਬਰ ਨੂੰ ਲਖੀਮਪੁਰ ਖੀਰੀ ਵਿਚ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ‘ਤੇ ਇਕ ਜੀਪ ਚੜ੍ਹਾ ਦਿੱਤੀ ਗਈ ਸੀ। ਇਸ ਜੀਪ ਨੂੰ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦਾ ਮੁੰਡਾ ਅਸ਼ੀਸ਼ ਮਿਸ਼ਰਾ ਚਲਾ ਰਿਹਾ ਸੀ।
ਇਸ ਘਟਨਾ ‘ਚ ਚਾਰ ਕਿਸਾਨਾਂ ਤੇ ਇਕ ਸਥਾਨਕ ਪੱਤਰਕਾਰ ਦੀ ਜਾਨ ਜਾਂਦੀ ਰਹੀ ਸੀ। ਇਸ ਘਟਨਾ ਮਗਰੋਂ ਭੜਕੀ ਹਿੰਸਾ ‘ਚ ਤਿੰਨ ਹੋਰ ਵਿਅਕਤੀਆਂ ਦੀ ਮੌਤ ਹੋ ਗਈ ਸੀ ਅਤੇ ਹੁਣ ਇਸ ਮਾਮਲੇ ਵਿਚ ਆਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਮਿਲ ਚੁੱਕੀ ਹੈ।
ਜਗਜੀਤ ਸਿੰਘ, ਪਵਨ ਕਸ਼ਿਅਪ ਅਤੇ ਸੁਖਵਿੰਦਰ ਸਿੰਘ ਨੇ ਵਕੀਲ ਪ੍ਰਸ਼ਾਂਤ ਭੂਸ਼ਣ ਰਾਹੀਂ ਦਾਇਰ ਕੀਤੀ ਗਈ ਪਟੀਸ਼ਨ ਵਿਚ ਕਿਹਾ, ”ਜ਼ਮਾਨਤ ਦੇਣ ਲਈ ਤੈਅ ਸਿਧਾਂਤਾਂ ਦੇ ਸਬੰਧ ਵਿਚ ਹਾਈ ਕੋਰਟ ਦੇ ਆਦੇਸ਼ ਵਿਚ ਸੂਬੇ ਵੱਲੋਂ ਠੋਸ ਦਲੀਲਾਂ ਦੀ ਘਾਟ ਰਹੀ ਅਤੇ ਮੁਲਜ਼ਮ ਸੂਬਾ ਸਰਕਾਰ ‘ਤੇ ਢੁੱਕਵਾਂ ਦਬਾਅ ਰੱਖਦਾ ਹੈ ਕਿਉਂਕਿ ਉਸ ਦੇ ਪਿਤਾ ਉਸ ਸਿਆਸੀ ਪਾਰਟੀ ਵੱਲੋਂ ਕੇਂਦਰੀ ਮੰਤਰੀ ਹਨ, ਜੋ ਸੂਬੇ ਵਿਚ ਸੱਤਾ ‘ਚ ਹੈ।” ਪਟੀਸ਼ਨ ਵਿਚ ਕਿਹਾ ਗਿਆ, ”ਮੁਲਜ਼ਮ ਦੇ ਕਹਿਣ ‘ਤੇ ਸ਼ਾਂਤਮਈ ਪਰਤ ਰਹੇ ਕਿਸਾਨਾਂ ਨੂੰ ਜਾਣਬੁੱਝ ਕੇ ਥਾਰ ਵਾਹਨ ਨਾਲ ਦਰੜਨ ਦਾ ਕਾਰਾ ਲਾਪ੍ਰਵਾਹੀ ਨਹੀਂ ਬਲਕਿ ਇਕ ਪਹਿਲਾਂ ਤੋਂ ਘੜੀ ਹੋਈ ਸਾਜਿਸ਼ ਸੀ ਕਿਉਂਕਿ ਮੁਲਜ਼ਮ ਉਸ ਤੋਂ ਬਾਅਦ ਖੇਤਾਂ ਵਿੱਚੋਂ ਹੁੰਦਾ ਹੋਇਆ ਸ਼ਾਮ ਕਰੀਬ 4 ਵਜੇ ਦੰਗਲ ਪ੍ਰੋਗਰਾਮ ਵਾਲੀ ਜਗ੍ਹਾ ‘ਤੇ ਵਾਪਸ ਆ ਗਿਆ ਅਤੇ ਇਸ ਤਰ੍ਹਾਂ ਪੇਸ਼ ਆਇਆ ਜਿਵੇਂ ਕੁਝ ਹੋਇਆ ਹੀ ਨਹੀਂ ਸੀ।”
ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਹਾਈ ਕੋਰਟ ਨੇ ਜ਼ਮਾਨਤ ਦਿੰਦੇ ਹੋਏ ਮੁਲਜ਼ਮ ਖਿਲਾਫ ਪੁਖਤਾ ਸਬੂਤਾਂ, ਪੀੜਤਾਂ ਤੇ ਗਵਾਹਾਂ ਦੇ ਸਬੰਧ ਵਿਚ ਮੁਲਜ਼ਮ ਦੀ ਹੈਸੀਅਤ, ਨਿਆਂ ਦੇ ਦਾਇਰੇ ਤੋਂ ਭੱਜਣ ਅਤੇ ਅਪਰਾਧ ਨੂੰ ਦੁਹਰਾਉਣ ਦੀ ਸੰਭਾਵਨਾ ‘ਤੇ ਵਿਚਾਰ ਨਹੀਂ ਕੀਤਾ।
ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ ਸੀ : ਡਾ. ਦਰਸ਼ਨਪਾਲ
ਚੰਡੀਗੜ੍ਹ : ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਸਬੰਧੀ ਕੇਸ ਵਿਚ ਨਾਮਜ਼ਦ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਦੇ ਮੁੰਡੇ ਅਸ਼ੀਸ਼ ਮਿਸ਼ਰਾ ਨੂੰ ਅਲਾਹਾਬਾਦ ਹਾਈਕੋਰਟ ਵੱਲੋਂ ਜ਼ਮਾਨਤ ਦਿੱਤੇ ਜਾਣ ਦਾ ਕਿਸਾਨ ਜਥੇਬੰਦੀਆਂ ਨੇ ਵਿਰੋਧ ਕੀਤਾ ਹੈ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਡਾ. ਦਰਸ਼ਨਪਾਲ ਨੇ ਕਿਹਾ ਕਿ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਨਹੀਂ ਮਿਲਣੀ ਚਾਹੀਦੀ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਲਗਾਤਾਰ ਅਸ਼ੀਸ਼ ਮਿਸ਼ਰਾ ਦਾ ਬਚਾਅ ਕਰਨ ‘ਚ ਲੱਗੀ ਹੋਈ ਹੈ, ਜਦੋਂ ਕਿ ਕੇਂਦਰ ਸਰਕਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਦੇ ਅਹੁਦੇ ਤੋਂ ਹਟਾ ਕੇ ਪੀੜਤਾਂ ਨੂੰ ਇਨਸਾਫ਼ ਦਿਵਾਉਣਾ ਚਾਹੀਦਾ ਸੀ।
ਜ਼ਮਾਨਤ ‘ਤੇ ਸੁਪਰੀਮ ਕੋਰਟ ਮੁੜ ਵਿਚਾਰ ਕਰੇ: ਉਗਰਾਹਾਂ
ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਕਤਲ ਕੇਸ ਵਿੱਚ ਨਾਮਜ਼ਦ ਅਸ਼ੀਸ਼ ਮਿਸ਼ਰਾ ਨੂੰ ਜ਼ਮਾਨਤ ਦੇਣਾ ਗਲਤ ਹੈ। ਸੁਪਰੀਮ ਕੋਰਟ ਨੂੰ ਹਾਈਕੋਰਟ ਦੇ ਫ਼ੈਸਲੇ ‘ਤੇ ਮੁੜ ਤੋਂ ਵਿਚਾਰ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦਾ ਪਿਤਾ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ‘ਤੇ ਕਾਬਜ਼ ਹੈ, ਜੋ ਕਿ ਸੋਚੀ ਸਮਝੀ ਸਾਜ਼ਿਸ਼ ਤਹਿਤ ਕੀਤੇ ਗਏ ਕਤਲ ਦੇ ਮਾਮਲੇ ਨੂੰ ਕਮਜ਼ੋਰ ਕਰਨ ਦੀਆਂ ਕੋਸ਼ਿਸ਼ਾਂ ਕਰ ਰਿਹਾ ਹੈ। ਅਜਿਹੇ ਵਿਅਕਤੀ ਨੂੰ ਤੁਰੰਤ ਕੇਂਦਰੀ ਗ੍ਰਹਿ ਰਾਜ ਮੰਤਰੀ ਦੇ ਅਹੁਦੇ ਤੋਂ ਹਟਾ ਦੇਣਾ ਚਾਹੀਦਾ ਹੈ।
ਕੇਂਦਰ ਸਰਕਾਰ ਪੰਜਾਬ ਦੇ ਕਿਸਾਨਾਂ ਨੂੰ ਕਰ ਸਕਦੀ ਹੈ ਪ੍ਰੇਸ਼ਾਨ : ਜਾਖੜ
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜਾਖੜ ਨੇ ਪੰਜਾਬ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਮੁਕੰਮਲ ਹੋਣ ਮਗਰੋਂ ਸ਼ੱਕ ਜ਼ਾਹਿਰ ਕੀਤਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਦੀ ਕਿਸਾਨੀ ‘ਤੇ ਮੁੜ ਹੱਲਾ ਬੋਲ ਸਕਦੀ ਹੈ। ਉਨ੍ਹਾਂ ਕਿਹਾ ਕਿ ਬੇਸ਼ੱਕ ਕੇਂਦਰ ਸਰਕਾਰ ਵਾਪਸ ਲਏ ਤਿੰਨ ਖੇਤੀ ਕਾਨੂੰਨਾਂ ਨੂੰ ਮੂਲ ਰੂਪ ਵਿਚ ਵਾਪਸ ਨਾ ਵੀ ਲੈ ਕੇ ਆਵੇ ਪਰ ਕੇਂਦਰ ਨਵੇਂ ਰੰਗ-ਰੂਪ ਵਾਲੇ ਕਿਸਾਨ ਵਿਰੋਧੀ ਕਾਨੂੰਨ ਲੈ ਕੇ ਆ ਸਕਦੀ ਹੈ। ਉਨ੍ਹਾਂ ਸ਼ੱਕ ਜ਼ਾਹਿਰ ਕੀਤਾ ਕਿ ਕੇਂਦਰ ਦੀ ਭਾਜਪਾ ਸਰਕਾਰ ਵੱਲੋਂ ਪੰਜਾਬ ਚੋਣਾਂ ਦੇ ਨਤੀਜੇ ਆਉਣ ਮਗਰੋਂ ਕਿਸਾਨੀ ‘ਤੇ ਵੱਡਾ ਹੱਲਾ ਬੋਲਣ ਦੀ ਤਿਆਰੀ ਕੀਤੀ ਜਾ ਰਹੀ ਹੈ ਅਤੇ ਕਿਸਾਨਾਂ ਨੂੰ ਮੁੜ ਪ੍ਰੇਸ਼ਾਨ ਵੀ ਕੀਤਾ ਜਾ ਸਕਦਾ ਹੈ।