Breaking News
Home / ਪੰਜਾਬ / ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਹੋਈ ਸਮਾਪਤ

ਚੰਡੀਗੜ੍ਹ ‘ਚ ਬਿਜਲੀ ਕਾਮਿਆਂ ਦੀ ਹੜਤਾਲ ਹੋਈ ਸਮਾਪਤ

ਪੁਲਿਸ ਵੱਲੋਂ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਖਿਲਾਫ਼ ਕੇਸ ਦਰਜ
ਚੰਡੀਗੜ੍ਹ/ਬਿਊਰੋ ਨਿਊਜ਼ : ਚੰਡੀਗੜ੍ਹ ਵਿੱਚ ਮੁਨਾਫ਼ੇ ‘ਚ ਚੱਲ ਰਹੇ ਬਿਜਲੀ ਵਿਭਾਗ ਨੂੰ ਨਿੱਜੀ ਕੰਪਨੀ ਦੇ ਹਵਾਲੇ ਕਰਨ ਦਾ ਵਿਰੋਧ ਕਰ ਰਹੀ ਬਿਜਲੀ ਮੁਲਾਜ਼ਮਾਂ ਵੱਲੋਂ ਐਲਾਨੀ 72 ਘੰਟਿਆਂ ਦੀ ਹੜਤਾਲ 40 ਘੰਟੇ ਬਾਅਦ ਖਤਮ ਹੋ ਗਈ ਹੈ। ਪ੍ਰਸ਼ਾਸਨ ਨੇ ਮੁਲਾਜ਼ਮਾਂ ਦੀ ਲਗਪਗ ਸਾਰੀਆਂ ਮੰਗਾਂ ਮੰਨਦੇ ਹੋਏ ਲਿਖਤੀ ਰੂਪ ਵਿੱਚ ਭਰੋਸਾ ਦੇ ਦਿੱਤਾ ਹੈ, ਜਿਸ ਮਗਰੋਂ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮ ਕੰਮ ‘ਤੇ ਪਰਤ ਆਏ ਹਨ। ਇਸ ਤੋਂ ਪਹਿਲਾਂ ਸ਼ਹਿਰ ਵਿੱਚ ਬੰਦ ਬਿਜਲੀ ਸਪਲਾਈ ਨੂੰ ਠੀਕ ਕਰਨ ਲਈ ਪ੍ਰਸ਼ਾਸਨ ਦੇ ਸੱਦੇ ‘ਤੇ ਐਮਈਐੱਸ (ਮਿਲਟਰੀ ਇੰਜਨੀਅਰ ਸਰਵਿਸ) ਦੀ ਟੀਮ ਨੇ ਮੋਰਚਾ ਸਾਂਭ ਲਿਆ ਸੀ, ਜਿਨ੍ਹਾਂ ਨੇ ਦੇਰ ਰਾਤ ਕਈ ਇਲਾਕਿਆਂ ਵਿੱਚ ਬਿਜਲੀ ਸਪਲਾਈ ਠੀਕ ਕੀਤੀ।
ਮੁਲਾਜ਼ਮ ਜਥੇਬੰਦੀਆਂ ਦੇ ਸੰਘਰਸ਼ ਨੇ 24 ਘੰਟਿਆਂ ਵਿੱਚ ਹੀ ਪ੍ਰਸ਼ਾਸਨ ਨੂੰ ਹੱਥਾਂ ਪੈਰਾਂ ਦੀ ਪਾ ਦਿੱਤੀ ਹੈ। ਉਸੇ ਕਰਕੇ ਪ੍ਰਸ਼ਾਸਨ ਨੇ ‘ਐਸਮਾ ਐਕਟ’ ਅਤੇ ਧਾਰਾ-144 ਲਾ ਕੇ ਵੀ ਕਰਮਚਾਰੀਆਂ ਨੂੰ ਡਰਾਉਣ ਦੀ ਕੋਸ਼ਿਸ਼ ਕੀਤੀ ਪਰ ਇਸ ਦੇ ਬਾਵਜੂਦ ਸੈਕਟਰ 17 ਵਿੱਚ ਰੋਸ ਰੈਲੀ ਪੂਰਾ ਦਿਨ ਚੱਲਦੀ ਰਹੀ। ਭਾਵੇਂ ਪੁਲਿਸ ਨੇ ਯੂਨੀਅਨ ਦੇ ਕੌਮੀ ਆਗੂ ਸੁਭਾਸ਼ ਲਾਂਬਾ ਨੂੰ ਆਨੇ-ਬਹਾਨੇ ਹਿਰਾਸਤ ਵਿੱਚ ਲੈ ਲਿਆ ਸੀ ਪਰ ਸਵੇਰ ਤੋਂ ਯੂਨੀਅਨ ਆਗੂਆਂ ਦੀਆਂ ਪ੍ਰਸ਼ਾਸਨ ਨਾਲ ਹੋਈਆਂ ਮੀਟਿੰਗਾਂ ਉਪਰੰਤ ਬੁੱਧਵਾਰ ਸ਼ਾਮ ਨੂੰ ਹੜਤਾਲ ਸਮਾਪਤ ਕਰ ਦਿੱਤੀ ਗਈ। ਯੂਨੀਅਨ ਆਗੂਆਂ ਨੇ ਦੱਸਿਆ ਕਿ ਪ੍ਰਸ਼ਾਸਨ ਵੱਲੋਂ ਭਰੋਸਾ ਦਿੱਤਾ ਗਿਆ ਹੈ ਕਿ ਜਦੋਂ ਤੱਕ ਹਾਈਕੋਰਟ ਵਿੱਚ ਕੇਸ ਪੈਂਡਿੰਗ ਹੈ, ਉਦੋਂ ਤੱਕ ਨਿੱਜੀਕਰਨ ਦੀ ਪ੍ਰਕਿਰਿਆ ਅੱਗੇ ਨਹੀਂ ਚਲਾਈ ਜਾਵੇਗੀ।
ਪੰਜਾਬ ਦੇ ਰਾਜਪਾਲ ਅਤੇ ਯੂਟੀ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਦੇ ਸਲਾਹਕਾਰ ਧਰਮਪਾਲ ਨੇ ਦੱਸਿਆ ਕਿ ਸ਼ਹਿਰ ਦੇ ਹਸਪਤਾਲਾਂ ਦੇ ਆਲੇ-ਦੁਆਲੇ ਇਲਾਕਿਆਂ ਵਿੱਚ ਬਿਜਲੀ ਸਪਲਾਈ ਜਾਣਬੁੱਝ ਕੇ ਬੰਦ ਕੀਤੀ ਗਈ ਹੈ। ਉਸ ਮਾਮਲੇ ਲਈ ਸਕੱਤਰ ਇੰਜਨੀਅਰਿੰਗ ਵਿਭਾਗ ਨੂੰ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਕੁਝ ਇਲਾਕਿਆਂ ਵਿੱਚ ਬਿਜਲੀ ਦੀਆਂ ਤਾਰਾਂ ਕੱਟ ਕੇ ਬਿਜਲੀ ਸਪਲਾਈ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਕੀਤੀ ਹੈ। ਉਸ ਬਾਰੇ ਵੀ ਜਾਂਚ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਹਾਈਕੋਰਟ ਵੱਲੋਂ ਯੂਟੀ ਪ੍ਰਸ਼ਾਸਨ ਤੇ ਮੁਲਾਜ਼ਮ ਜਥੇਬੰਦੀਆਂ ਨੂੰ ਫਟਕਾਰ : ਯੂਟੀ ਦੇ ਬਿਜਲੀ ਮੁਲਾਜ਼ਮਾਂ ਦੀ ਹੜਤਾਲ ਕਾਰਨ ਚੰਡੀਗੜ੍ਹ ‘ਚ ਬਲੈਕਆਊਟ ਹੋਣ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਯੂਟੀ ਪ੍ਰਸ਼ਾਸਨ ਅਤੇ ਮੁਲਾਜ਼ਮ ਜਥੇਬੰਦੀਆਂ ਦੇ ਆਗੂਆਂ ਨੂੰ ਫਟਕਾਰ ਲਾਉਂਦਿਆਂ ਬਿਜਲੀ ਸਪਲਾਈ ਠੀਕ ਕਰਨ ਦੇ ਆਦੇਸ਼ ਦਿੱਤੇ ਹਨ। ਅਦਾਲਤ ਨੇ ਇਸ ਮਾਮਲੇ ‘ਚ ਯੂਟੀ ਦੇ ਚੀਫ਼ ਇੰਜਨੀਅਰ ਨੂੰ ਤਲਬ ਕੀਤਾ ਸੀ।

 

Check Also

ਜਥੇਦਾਰ ਗਿਆਨੀ ਰਘਬੀਰ ਸਿੰਘ ਨੇ 2 ਦਸੰਬਰ ਨੂੰ ਸੱਦੀ ਇਕੱਤਰਤਾ

ਸੁਖਬੀਰ ਸਿੰਘ ਬਾਦਲ ਮਾਮਲੇ ’ਚ ਆ ਸਕਦਾ ਹੈ ਫੈਸਲਾ ਅੰਮਿ੍ਰਤਸਰ/ਬਿਊਰੋ ਨਿਊਜ਼ ਸ਼੍ਰੋਮਣੀ ਅਕਾਲੀ ਦਲ ਦੇ …