ਚਰਨਜੀਤ ਸਿੰਘ ਚੰਨੀ ਨੇ ਵਿਦੇਸ਼ ਮੰਤਰੀ ਨੂੰ ਲਿਖਿਆ ਪੱਤਰ
ਚੰਡੀਗੜ੍ਹ/ਬਿਊਰੋ ਨਿਊਜ਼
ਰੂਸ ਅਤੇ ਯੂਕਰੇਨ ਵਿਚਾਲੇ ਚੱਲ ਰਹੀ ਜੰਗ ਦੇ ਚੱਲਦਿਆਂ ਬਹੁਤ ਸਾਰੇ ਪੰਜਾਬੀ ਵਿਦਿਆਰਥੀ ਯੂਕਰੇਨ ਵਿਚ ਫਸ ਗਏ ਹਨ ਅਤੇ ਇੱਧਰ ਮਾਪਿਆਂ ਦੀ ਪਰੇਸ਼ਾਨੀ ਵਧਦੀ ਜਾ ਰਹੀ ਹੈ। ਇਸਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਯੂਕਰੇਨ ਵਿਚ ਫਸੇ ਵਿਦਿਆਰਥੀਆਂ ਅਤੇ ਹੋਰ ਪੰਜਾਬੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਪੱਤਰ ਲਿਆ ਹੈ। ਇਸੇ ਦੌਰਾਨ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਨੂੰ ਅਪੀਲ ਕਰਦੇ ਹੋਏ ਪੱਤਰ ਲਿਖਿਆ ਅਤੇ ਕਿਹਾ ਕਿ ਉਹ ਯੂਕਰੇਨ ਵਿਚ ਫਸੇ ਪੰਜਾਬੀ ਵਿਦਿਆਰਥੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਅਤੇ ਇਨ੍ਹਾਂ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਖਾਸ ਕਦਮ ਚੁੱਕਣ। ਉਧਰ ਦੂਜੇ ਪਾਸੇ ਜਲੰਧਰ ਦੇ ਪ੍ਰਸ਼ਾਸਨ ਨੇ ਇਕ ਚੰਗੀ ਪਹਿਲ ਕਰਦਿਆਂ ਯੂਕਰੇਨ ਵਿਚ ਫਸੇ ਪੰਜਾਬੀਆਂ ਦਾ ਡਾਟਾ ਇਕੱਠਾ ਕਰਨ ਲਈ ਹੈਲਪ ਲਾਈਨ ਨੰਬਰ 0181-2224417 ਜਾਰੀ ਕੀਤਾ ਹੈ। ਇਸ ਸਬੰਧੀ ਜਲੰਧਰ ਦੇ ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ ਨੇ ਕਿਹਾ ਕਿ ਜਿਨ੍ਹਾਂ ਦੇ ਪਰਿਵਾਰਕ ਮੈਂਬਰ ਯੂਕਰੇਨ ਵਿਚ ਫਸੇ ਹੋਏ ਹਨ, ਉਹ ਇਸ ਹੈਲਪ ਲਾਈਨ ਨੰਬਰ ’ਤੇ ਜਾਣਕਾਰੀ ਸਾਂਝੀ ਕਰ ਸਕਦੇ ਹਨ।