ਮੁਹਾਲੀ/ਬਿਊਰੋ ਨਿਊਜ਼
ਡਰੱਗ ਮਾਮਲੇ ਵਿਚ ਘਿਰੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਜ਼ਮਾਨਤ ਅਰਜ਼ੀ ਅੱਜ ਮੁਹਾਲੀ ਅਦਾਲਤ ਨੇ ਖਾਰਜ ਕਰ ਦਿੱਤੀ ਹੈ। ਇਸ ਤੋਂ ਪਹਿਲਾਂ ਅਦਾਲਤ ਨੇ ਮਜੀਠੀਆ ਦੀ ਜ਼ਮਾਨਤ ਸਬੰਧੀ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਐਸ.ਆਈ.ਟੀ. ਪੱਖ ਵਲੋਂ ਸਰਕਾਰੀ ਵਕੀਲ ਨੇ ਐਨਡੀਪੀਐਸ ਐਕਟ ਦੇ ਤਹਿਤ ਲੱਗੇ ਆਰੋਪਾਂ ਦੀ ਗੰਭੀਰਤਾ ਦਾ ਹਵਾਲਾ ਦਿੰਦੇ ਹੋਏ ਮਜੀਠੀਆ ਦੀ ਜ਼ਮਾਨਤ ਦਾ ਵਿਰੋਧ ਵੀ ਕੀਤਾ ਸੀ। ਅਦਾਲਤ ਵਿਚ ਸੁਣਵਾਈ ਪੂਰੀ ਹੋਣ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਵਲੋਂ ਵਕੀਲ ਐਡਵੋਕੇਟ ਡੀਐਸ ਸੋਬਤੀ ਨੇ ਕਿਹਾ ਕਿ ਅਸੀਂ ਅਦਾਲਤ ਸਾਹਮਣੇ ਸਾਰੇ ਤੱਥ ਰੱਖ ਦਿੱਤੇ ਹਨ। ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਸੀ ਕਿ ਬਿਕਰਮ ਮਜੀਠੀਆ ਤਿੰਨ ਵਾਰ ਐਸਆਈਟੀ ਅੱਗੇ ਪੇਸ਼ ਹੋ ਚੁੱਕੇ ਹਨ ਅਤੇ ਜੋ ਵੀ ਹਾਈਕੋਰਟ ਤੇ ਸੁਪਰੀਮ ਕੋਰਟ ਨੇ ਕਿਹਾ, ਮਜੀਠੀਆ ਨੇ ਉਹ ਸਭ ਮੰਨਿਆ। ਇਸ ਤੋਂ ਬਾਅਦ ਮਜੀਠੀਆ ਨੇ ਆਤਮ ਸਮਰਪਣ ਵੀ ਕਰ ਦਿੱਤਾ। ਧਿਆਨ ਰਹੇ ਕਿ ਬਿਕਰਮ ਸਿੰਘ ਮਜੀਠੀਆ ਨੇ ਲੰਘੇ ਕੱਲ੍ਹ ਮੁਹਾਲੀ ਦੀ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਸੀ। ਅਦਾਲਤ ’ਚ ਪੇਸ਼ ਹੋਣ ਤੋਂ ਬਾਅਦ ਦੋਵੇਂ ਪੱਖਾਂ ਵਿਚਾਲੇ ਬਹਿਸ ਹੋਈ ਅਤੇ ਅਦਾਲਤ ਦੇ ਫੈਸਲੇ ਤੋਂ ਬਾਅਦ ਬਿਕਰਮ ਸਿੰਘ ਮਜੀਠੀਆ ਨੂੰ 8 ਮਾਰਚ ਤੱਕ ਜੇਲ੍ਹ ਭੇਜ ਦਿੱਤਾ ਗਿਆ ਅਤੇ ਮਜੀਠੀਆ ਹੁਣ ਪਟਿਆਲਾ ਦੀ ਜੇਲ੍ਹ ਵਿਚ ਬੰਦ ਹੈ।