ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਪਾਣੀ ਦੀ ਕੀਮਤ ਦੇ ਬਿੱਲ ਸੌਂਪੇ ਜਾਣ : ਸਿਮਰਜੀਤ ਬੈਂਸ
ਲੁਧਿਆਣਾ/ਬਿਊਰੋ ਨਿਊਜ਼
ਪੰਜਾਬ ਵਿਚ ਪਾਣੀ ਦੇ ਮੁੱਦੇ ਨੂੰ ਲੈ ਕੇ ਹੁਣ ਰਾਜਨੀਤੀ ਤੇਜ਼ ਹੋ ਗਈ ਹੈ। ਪੰਜਾਬ ਵਿਚੋਂ ਦੂਜੇ ਸੂਬਿਆਂ ਨੂੰ ਜਾ ਰਹੇ ਪਾਣੀ ਦੀ ਕੀਮਤ ਵਸੂੁਲੀ ਨੂੰ ਲੈ ਕੇ ਲੋਕ ਇਨਸਾਫ ਪਾਰਟੀ ਦੇ ਆਗੂ ਹੁਣ ਸਖਤੀ ਦਿਖਾ ਰਹੇ ਹਨ। ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਉਹ ਪੰਜਾਬ ਵਿਚੋਂ ਰਾਜਸਥਾਨ, ਹਰਿਆਣਾ ਅਤੇ ਦਿੱਲੀ ਨੂੰ ਜਾ ਰਹੇ ਪਾਣੀ ਦੀ ਕੀਮਤ ਦਾ ਬਿੱਲ ਬਣਾ ਕੇ ਉਥੋਂ ਦੀਆਂ ਸਰਕਾਰਾਂ ਨੂੰ ਸੌਂਪੇ। ਇਸਦੇ ਨਾਲ ਹੀ ਪਾਰਟੀ ਦੇ ਆਗੂਆਂ ਨੇ ਭਾਖੜਾ-ਬਿਆਸ ਮੈਨੇਜਮੈਂਟ ਬੋਰਡ ਵਿਚ ਮੈਂਬਰਾਂ ਦੀ ਨਿਯੁਕਤੀ ਨੂੰ ਖਤਮ ਕਰਨ ਦੇ ਫੈਸਲੇ ’ਤੇ ਇਤਰਾਜ ਜ਼ਾਹਰ ਕੀਤਾ ਹੈ। ਬੈਂਸ ਨੇ ਕਿਹਾ ਕਿ ਕੇਂਦਰ ਸਰਕਾਰ ਸੰਘੀ ਢਾਂਚੇ ਨੂੰ ਨੁਕਸਾਨ ਪਹੁੰਚਾਉਣ ਦਾ ਕੰਮ ਕਰ ਰਹੀ ਹੈ। ਇਸ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਸੱਤਾ ਦੇ ਘੁਮੰਡ ਵਿਚ ਆ ਕੇ ਇਸ ਤਰ੍ਹਾਂ ਦੇ ਫੈਸਲੇ ਲੈ ਰਹੀ ਹੈ।