ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਕੀਤੀ ਮੁਲਾਕਾਤ
ਅੰਮਿ੍ਰਤਸਰ/ਬਿਊਰੋ ਨਿਊਜ਼
ਯੂਕਰੇਨ ’ਚ ਫਸੇ ਭਾਰਤੀ ਵਿਦਿਆਰਥੀਆਂ ਦੇ ਮਾਪਿਆਂ ਨੇ ਅੱਜ ਅੰਮਿ੍ਰਤਸਰ ਤੋਂ ਕਾਂਗਰਸੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਕੀਤੀ ਹੈ। ਇਸ ਮੌਕੇ ਗੁਰਜੀਤ ਸਿੰਘ ਔਜਲਾ ਨੇ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨਾਲ ਨਰਾਜ਼ਗੀ ਜ਼ਾਹਰ ਕੀਤੀ। ਔਜਲਾ ਨੇ ਕਿਹਾ ਕਿ ਯੂਕਰੇਨ ਵਿਚੋਂ ਭਾਰਤੀ ਵਿਦਿਆਰਥੀਆਂ ਨੂੰ ਵਾਪਸ ਲਿਆਉਣ ਲਈ ਕੇਂਦਰ ਸਰਕਾਰ ਵਲੋਂ ਕੋਈ ਯੋਗ ਉਪਰਾਲਾ ਨਹੀਂ ਕੀਤਾ ਜਾ ਰਿਹਾ ਹੈ ਅਤੇ ਨਾ ਹੀ ਅੰਬੈਸੀ ਵਲੋਂ ਉਨ੍ਹਾਂ ਨੂੰ ਕੋਈ ਸਹੀ ਜਾਣਕਾਰੀ ਦਿੱਤੀ ਜਾ ਰਹੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਯੂਕਰੇਨ ’ਚ ਦਿਨ ਪ੍ਰਤੀ ਦਿਨ ਬੱਚਿਆਂ ਦੀ ਹਾਲਤ ਮੰਦੀ ਹੋ ਰਹੀ ਹੈ ਅਤੇ ਉਨ੍ਹਾਂ ਨੂੰ ਭੁੱਖੇ ਰਹਿਣਾ ਪੈ ਰਿਹਾ ਹੈ ਤੇ ਕਈ ਤਰ੍ਹਾਂ ਦੀਆਂ ਹੋਰ ਮੁਸ਼ਕਲਾਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ। ਗੁਰਜੀਤ ਔਜਲਾ ਵਿਦੇਸ਼ ਮੰਤਰਾਲੇ ਦੇ ਅਧਿਕਾਰੀਆਂ ਦੇ ਰਵੱਈਏ ਤੋਂ ਵੀ ਨਰਾਜ਼ ਹਨ। ਗੁਰਜੀਤ ਔਜਲਾ ਨੇ ਨਰਾਜ਼ਗੀ ਜ਼ਾਹਰ ਕਰਦੇ ਹੋਏ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਦਫਤਰ ਅਤੇ ਵਿਦੇਸ਼ ਮੰਤਰਾਲੇ ਦੇ ਅਫਸਰ ਸੰਸਦ ਮੈਂਬਰਾਂ ਦੀ ਗੱਲ ਨਹੀਂ ਸੁਣਨਗੇ ਤਾਂ ਫਿਰ ਉਹ ਯੂਕਰੇਨ ਵਿਚ ਫਸੇ ਬੱਚਿਆਂ ਦੇ ਸੰਪਰਕ ਵਿਚ ਕਿਸ ਤਰ੍ਹਾਂ ਰਹਿ ਸਕਦੇ ਹਨ।