ਚੰਡੀਗੜ੍ਹ ਬਾਰ ਕੌਂਸਲ ਨੇ ਯੂਕਰੇਨ ’ਚ ਫਸੇ ਵਿਅਕਤੀਆਂ ਨੂੰ ਵਾਪਸ ਲਿਆਉਣ ਲਈ ਪ੍ਰਧਾਨ ਮੰਤਰੀ ਨੂੰ ਕੀਤੀ ਅਪੀਲ
ਚੰਡੀਗੜ੍ਹ/ਬਿਊਰੋ ਨਿਊਜ਼ : ਰੂਸ ਅਤੇ ਯੂਕਰੇਨ ਦਰਮਿਆਨ ਚੱਲ ਰਹੇ ਜੰਗ ਕਾਰਨ ਯੂਕਰੇਨ ਦੇ ਹਾਲਾਤ ਕਾਫ਼ੀ ਚਿੰਤਾਜਨਕ ਬਣੇ ਹੋਏ ਹਨ। ਇਸ ਸਮੇਂ ਉਚ ਸਿੱਖਿਆ ਪ੍ਰਾਪਤ ਕਰਨ ਜਾਂ ਹੋਰ ਕੰਮਾਂ ਲਈ ਯੂਕਰੇਨ ਗਏ ਭਾਰਤੀ ਵੀ ਵੱਡੀ ਗਿਣਤੀ ਵਿਚ ਇਥੇ ਫਸੇ ਹੋਏ ਹਨ, ਜਿਨ੍ਹਾਂ ਵਿਚੋਂ 103 ਵਿਅਕਤੀ ਇਕੱਲੇ ਚੰਡੀਗੜ੍ਹ ਦੇ ਹਨ। ਯੂਕਰੇਨ ’ਚ ਫਸੇ ਚੰਡੀਗੜ੍ਹ ਦੇ ਵਿਅਕਤੀਆਂ ਸਬੰਧੀ ਜਾਣਕਾਰੀ ਭਾਰਤੀ ਵਿਦੇਸ਼ ਮੰਤਰਾਲੇ ਨੂੰ ਦਿੱਤੀ ਗਈ ਹੈ। ਇਸੇ ਦੌਰਾਨ ਚੰਡੀਗੜ੍ਹ ਬਾਰ ਕੌਂਸਲ ਆਫ਼ ਪੰਜਾਬ ਅਤੇ ਹਰਿਆਣਾ ਦੇ ਚੇਅਰਮੈਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕੋਲੋਂ ਵਿਦਿਆਰਥੀਆਂ ਨੂੰ ਯੂਕਰੇਨ ਤੋਂ ਸੁਰੱਖਿਅਤ ਵਾਪਸ ਲਿਆਉਣ ਦੀ ਮੰਗ ਕੀਤੀ ਹੈ। ਬਾਰ ਕੌਂਸਲ ਦੇ ਚੇਅਰਮੈਨ ਮਿੰਦਰਜੀਤ ਯਾਦਵ ਨੇ ਕਿਹਾ ਕਿ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਕਈ ਵਕੀਲਾਂ ਦੇ ਬੱਚੇ ਯੂਕਰੇਨ ’ਚ ਮੈਡੀਕਲ, ਇੰਜਨੀਅਰਿੰਗ, ਕਾਲਜਾਂ ਅਤੇ ਯੂਨੀਵਰਸਿਟੀਆਂ ’ਚ ਪੜ੍ਹਾਈ ਕਰ ਰਹੇ ਹਨ। ਚੰਡੀਗੜ੍ਹ ਬਾਰ ਕੌਂਸਲ ਨੇ ਭਾਰਤ ਸਰਕਾਰ ਨੂੰ ਅਪੀਲ ਕੀਤੀ ਕਿ ਇਨ੍ਹਾਂ ਬੱਚਿਆਂ ਨੂੰ ਯੂਕਰੇਨ ਤੋਂ ਸੁਰੱਖਿਅਤ ਭਾਰਤ ਵਾਪਸ ਲਿਆਂਦਾ ਜਾਵੇ। ਧਿਆਨ ਰਹੇ ਕਿ ਭਾਰਤੀ ਦੂਤਾਵਾਸ ਵੱਲੋਂ ਲਗਾਤਾਰ ਵਿਦਿਆਰਥੀਆਂ ਦੀ ਵਤਨ ਵਾਪਸੀ ਦੀਆਂ ਕੋਸ਼ਿਸ਼ਾਂ ਜਾਰੀ ਹਨ, ਜਿਸ ਦੇ ਚਲਦਿਆਂ ਵੱਡੀ ਗਿਣਤੀ ਵਿਚ ਭਾਰਤੀ ਵਿਦਿਆਰਥੀ ਆਪਣੇ ਵਤਨ ਵਾਪਸ ਪਹੁੰਚ ਵੀ ਚੁੱਕੇ ਹਨ ਅਤੇ ਉਨ੍ਹਾਂ ਨੂੰ ਵਾਪਸ ਲਿਆਉਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।