ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੀ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਯੂਕਰੇਨ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਜਲਦ ਤੋਂ ਜਲਦ ਭਾਰਤ ਵਾਪਸ ਲਿਆਉਣ ਦੀ ਅਪੀਲ ਕੀਤੀ ਹੈ। ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਢਿੱਲੇ ਵਰਤਾਓ ਕਾਰਨ ਵਿਦਿਆਰਥੀਆਂ ਦੀ ਪ੍ਰੇਸ਼ਾਨੀ ਵਧੀ ਹੈ। ਭਗਵੰਤ ਮਾਨ ਨੇ ਕਿਹਾ ਕਿ ਭਾਰਤ ਸਰਕਾਰ ਵਲੋਂ ਜਾਰੀ ਕੀਤੀ ਗਈ ਐਡਵਾਇਜ਼ਰੀ ਵਿੱਚ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਜਿੰਨਾ ਜਲਦੀ ਹੋ ਸਕੇ ਕੀਵ ਸ਼ਹਿਰ ਛੱਡ ਦੇਣ। ਭਗਵੰਤ ਨੇ ਕਿਹਾ ਕਿ ਸਰਹੱਦਾਂ ਤੱਕ ਵਿਦਿਆਰਥੀਆਂ ਨੂੰ ਪਹੁੰਚਾਉਣ ਲਈ ਨਾ ਸਾਧਨ ਪ੍ਰਦਾਨ ਕੀਤੇ ਗਏ ਅਤੇ ਨਾ ਹੀ ਕੋਈ ਉਪਾਅ ਦੱਸਿਆ ਗਿਆ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਦੇ ਪੂਰਬੀ ਹਿੱਸਿਆਂ ਵਿੱਚ ਭਾਰੀ ਗੋਲੀਬਾਰੀ ਹੋ ਰਹੀ ਹੈ, ਪਰ ਭਾਰਤ ਸਰਕਾਰ ਵਿਦਿਆਰਥੀਆਂ ਨੂੰ ਕੋਈ ਠੋਸ ਰਸਤਾ ਨਹੀਂ ਦੱਸ ਰਹੀ। ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਯੁੱਧ ਕਾਰਨ ਮਜ਼ਬੂਰ ਹੋ ਕੇ ਡਿਗਰੀਆਂ ਪੂਰੀਆਂ ਕੀਤੇ ਬਿਨਾਂ ਵਾਪਸ ਆਉਣ ਵਾਲੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਲਈ ਇੱਕ ਕਮੇਟੀ ਬਣਾਈ ਜਾਵੇ ਅਤੇ ਉਨਾਂ ਲਈ ਭਾਰਤ ਵਿਚ ਹੀ ਡਿਗਰੀ ਪੂਰੀ ਕਰਨ ਦੀ ਉਚਿਤ ਵਿਵਸਥਾ ਕੀਤੀ ਜਾਵੇ।