ਕਿਹਾ : ਸਰਕਾਰੀ ਮੁਲਾਜ਼ਮਾਂ ਦੀ ਪੁਰਾਣੀ ਪੈਨਸ਼ਨ ਵੀ ਕਰਾਂਗੇ ਬਹਾਲ
ਚੰਡੀਗੜ੍ਹ/ਬਿਊਰੋ ਨਿਊਜ਼
ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਅਤੇ ਪੰਜਾਬ ’ਚ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਦੀ ਹੈ ਤਾਂ ਪੁਲਿਸ ਦੇ ਕੰਮ ਵਿਚ ਸਿਆਸੀ ਦਖਲਅੰਦਾਜ਼ੀ ਬੰਦ ਕੀਤੀ ਜਾਵੇਗੀ। ਉਨ੍ਹਾਂ ਦਾਅਵਾ ਕੀਤਾ ਕਿ ਸੂਬੇ ਦੇ ਪੁਲਿਸ ਮੁਲਾਜ਼ਮਾਂ ਸਮੇਤ ਸਾਰੇ ਸਰਕਾਰੀ ਮੁਲਾਜ਼ਮਾਂ ਦੇ ਮਾਮਲੇ ਪਹਿਲ ਦੇ ਅਧਾਰ ’ਤੇ ਹੱਲ ਕਰਾਂਗੇ। ਭਗਵੰਤ ਨੇ ਕਿਹਾ ਕਿ ਜਦੋਂ ਤੱਕ ਪੁਲਿਸ ਪ੍ਰਸ਼ਾਸਨ ਵਿਚ ਬੇਲੋੜੀ ਸਿਆਸੀ ਦਖ਼ਲਅੰਦਾਜ਼ੀ ਖ਼ਤਮ ਨਹੀਂ ਹੁੰਦੀ, ਉਦੋਂ ਤੱਕ ਸੂਬੇ ਦੀ ਕਾਨੂੰਨ ਵਿਵਸਥਾ ਨੂੰ ਸਹੀ ਨਹੀਂ ਕੀਤਾ ਜਾ ਸਕਦਾ। ਪਾਰਟੀ ਦਫਤਰ ਚੰਡੀਗੜ੍ਹ ਤੋਂ ਜਾਰੀ ਬਿਆਨ ਵਿਚ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਪੁਲਿਸ ਨੇ ਵਿਧਾਨ ਸਭਾ ਚੋਣਾਂ ਸਮੇਂ ਆਪਣੀ ਕਾਰਜਕੁਸ਼ਲਤਾ ਦਾ ਸੁਚੱਜਾ ਸਬੂਤ ਦਿੱਤਾ ਹੈ ਅਤੇ ਪੁਲਿਸ ਮੁਲਾਜ਼ਮਾਂ ਨੇ ਪੋਲਿੰਗ ਬੂਥਾਂ ਤੋਂ ਲੈ ਕੇ ਸਟ੍ਰਾਂਗ ਰੂਮ ਤੱਕ ਸੁਰੱਖਿਆ ਮਜ਼ਬੂਤ ਕੀਤੀ ਹੈ। ਭਗਵੰਤ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ’ਤੇ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ- ਨਾਲ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਵੀ ਲਾਗੂ ਕੀਤਾ ਜਾਵੇਗਾ।

