ਕੇਂਦਰ ਦੇ ਫੈਸਲੇ ਖਿਲਾਫ਼ ਹੋਣ ਲੱਗੇ ਰੋਸ ਪ੍ਰਦਰਸ਼ਨ
ਚੰਡੀਗੜ੍ਹ/ਬਿਊਰੋ ਨਿਊਜ਼ : ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਨੇ ਹੁਣ ਬੀਬੀਐਮਬੀ ‘ਤੇ ਵੀ ਕਬਜ਼ਾ ਕਰਨ ਦੀ ਪੂਰੀ ਤਿਆਰੀ ਕਰ ਲਈ ਹੈ। ਇਸੇ ਦੌਰਾਨ ਬੀਬੀਐਮਬੀ ਵਿਚ ਪੰਜਾਬ ਦਾ ਦਾਅਵਾ ਖਤਮ ਕਰਨ ਲਈ ਕੇਂਦਰ ਨੇ ਹੁਣ ਵੱਡੀਆਂ ਪੋਸਟਾਂ ਦੂਜੇ ਯੂਟੀ ਸੂਬਿਆਂ ‘ਚੋਂ ਭਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੇਂਦਰ ਦੇ ਇਸ ਫੈਸਲੇ ਤੋਂ ਬਾਅਦ ਪੰਜਾਬ ਦੀਆਂ ਸਿਆਸੀ ਪਾਰਟੀਆਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਇਸੇ ਦੌਰਾਨ ਕੇਂਦਰ ਸਰਕਾਰ ਵੱਲੋਂ ਬੀਬੀਐੱਮਬੀ ਵਿੱਚ ਪੰਜਾਬ ਦਾ ਦਾਅਵਾ ਖਤਮ ਕਰਨ ਵਿਰੁੱਧ ਕਾਂਗਰਸ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ ਦੀ ਅਗਵਾਈ ਹੇਠ ਭਾਖੜਾ ਡੈਮ ਦੇ ਚੀਫ ਇੰਜਨੀਅਰ ਦੇ ਦਫ਼ਤਰ ਅੱਗੇ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਰਾਣਾ ਕੇਪੀ ਸਿੰਘ ਨੇ ਕਿਹਾ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਸਥਾਈ ਮੈਂਬਰਸ਼ਿਪ ਖ਼ਤਮ ਕਰਨ ਦੀ ਸਾਜਿਸ਼ ਰਚ ਕੇ ਦੇਸ਼ ਦੇ ਸੰਘੀ ਢਾਂਚੇ ਨੂੰ ਤਹਿਸ-ਨਹਿਸ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਇਹ ਪੰਜਾਬੀਆਂ ਦੇ ਹੱਕਾਂ ‘ਤੇ ਡਾਕਾ ਹੈ, ਜਿਸ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਭਾਖੜਾ ਡੈਮ ਦੀ ਸੁਰੱਖਿਆ ਸੀਆਈਐੱਸਐੱਫ ਨੂੰ ਦੇਣ ਦਾ ਮਨ ਬਣਾ ਕੇ ਇਹ ਸਾਬਤ ਕਰਨ ਦੀ ਕੋਸ਼ਿਸ਼ ਕੀਤੀ ਗਈ ਕਿ ਕੇਂਦਰ ਨੂੰ ਪੰਜਾਬ ਅਤੇ ਹਿਮਾਚਲ ਪ੍ਰਦੇਸ਼ ਦੀ ਪੁਲਿਸ ‘ਤੇ ਵਿਸ਼ਵਾਸ ਨਹੀਂ ਹੈ। ਉਨ੍ਹਾਂ ਕਿਹਾ ਕਿ ਭਾਖੜਾ ਡੈਮ ਅਤੇ ਬੀਬੀਐੱਮਬੀ ਸਾਡਾ ਹੈ ਤੇ ਅਸੀਂ ਇਸ ਨੂੰ ਆਪਣੇ ਤਰੀਕੇ ਨਾਲ ਚਲਾਵਾਂਗੇ। ਉਨ੍ਹਾਂ ਮੁਲਾਜ਼ਮਾਂ ਨੂੰ ਅਪੀਲ ਕੀਤੀ ਕਿ ਉਹ ਹੜਤਾਲ ਕਰਕੇ ਆਪਣੇ ਹੱਕਾਂ ਦੀ ਰਾਖੀ ਕਰਨ।